ਜਰਮਨ: ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਕਲੋਨ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਅਤੇ ਜਰਮਨ ਦੀਆਂ ਪੰਥਕ ਜਥੇਬੰਦੀਆਂ ਬੱਬਰ ਖਾਲਸਾ ਇੰਟਰਨੈਸ਼ਨਲ ਜਰਮਨੀ, ਬੱਬਰ ਖਾਲਸਾ ਜਰਮਨੀ, ਦਲ ਖਾਲਸਾ ਇੰਟਰਨੈਸ਼ਨਲ, ਸਿੱਖ ਫੇਡਰੈਸ਼ਨ ਜਰਮਨੀ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿਤਸਰ ਵਲੋਂ ਸ਼ਾਂਝੇ ਤੌਰ ‘ਤੇ ਭਾਈ ਦਿਲਾਵਰ ਸਿੰਘ ਅਤੇ ਭਾਈ ਸੁਖਦੇਵ ਸਿੰਘ ਬੱਬਰ ਮੁੱਖ ਸੇਵਾਦਾਰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸ਼ਹੀਦੀ ਦਿਹਾੜਾ ਬੜੀ ਸਰਧਾ ਅਤੇ ਪਿਆਰ ਨਾਲ ਮਨਾਇਆ ਗਿਆ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਤਿੰਦਰ ਸਿੰਘ ਅਤੇ ਭਾਈ ਸੋਹਣ ਸਿੰਘ ਵਲੋਂ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਇਸ ਮੌਕੇ ਪੰਥਕ ਜਥੇਬੰਦੀਆਂ ਦੇ ਮੁੱਖੀਆਂ ਵਲੋਂ ਪੰਥਕ ਵਿਚਾਰ ਕਰਦਿਆਂ ਸਮੂਹ ਸ਼ਹੀਦਾਂ ਨੂੰ ਸਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਇਕ ਕਵੀਸ਼ਰੀ ਜਥਾ ਭਾਈ ਜਗਜੀਤ ਸਿੰਘ ਅਤੇ ਭਾਈ ਜਸਬੀਰ ਸਿੰਘ ਘੁੰਮਣ ਵਲੋਂ ਸ਼ਹੀਦੀ ਵਾਰਾਂ ਰਾਹੀਂ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਜੀਵਨੀ ਅਤੇ ਸਿੰਘ ਕੌਮ ਲਈ ਕੀਤੀ ਮਹਾਨ ਕੁਰਬਾਨੀ ਦਾ ਜ਼ਿਕਰ ਕੀਤਾ। ਪੰਥਕ ਜਥੇਬੰਦੀਆਂ ਦੇ ਬੁਲਾਰਿਆਂ ਭਾਈ ਜਸਕਰਨ ਸਿੰਘ, ਭਾਈ ਗੁਰਦੀਪ ਸਿੰਘ ਪ੍ਰਦੇਸੀ, ਭਾਈ ਗੁਰਮੀਤ ਸਿੰਘ ਖਨਿਆਣ, ਭਾਈ ਜਗਮੋਹਣ ਸਿੰਘ ਮੰਡ, ਭਾਈ ਸੋਹਣ ਸਿੰਘ ਕੰਗ, ਭਾਈ ਗੁਰਚਰਨ ਸਿੰਘ ਗੋਰਇਆ, ਭਾਈ ਬਸੰਤ ਸਿੰਘ ਪੰਜਹੱਥਾ ਫਰਾਂਸ, ਭਾਈ ਸਤਨਾਮ ਸਿੰਘ ਬੱਬਰ, ਭਾਈ ਮਨਮੋਹਣ ਸਿੰਘ ਜਰਮਨੀ, ਭਾਈ ਰੇਸ਼ਮ ਸਿੰਘ ਬੱਬਰ ਅਤੇ ਜਥੇਦਾਰ ਹਰਦਵਿੰਦਰ ਸਿੰਘ ਬੱਬਰ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ।
ਇਸ ਮੌਕੇ ਬੁਲਾਰਿਆਂ ਨੇ ਬੋਲਦਿਆਂ ਜਿਥੇ ਖਾਲਸਾ ਰਾਜ ਤਕ ਸੰਘਰਸ਼ ਕਰਨ ਦਾ ਪ੍ਰਣ ਕੀਤਾ ਉਥੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਵਿਚਾਰਾਂ ਕੀਤੀਆਂ। ਇਸ ਮੌਕੇ ਇੰਗਲੈਂਡ ਵਾਸੀ ਭਾਈ ਜੁਗਰਾਜ ਸਿੰਘ ਸੰਧੂ ਦਾ ਕਾਵਿ ਸੰਗ੍ਰਹਿ ‘ਕੌਮੀ ਦਾਸਤਾਨ’ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਜਾਰੀ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਭਾਈ ਗੁਰਪਾਲ ਸਿੰਘ ਨੇ ਨਿਭਾਈ। ਕਵਿਸ਼ਰੀ ਜਥੇ ਨੂੰ ਸਿਰੋਪਾਉ ਨਾਲ ਪ੍ਰਬੰਧਕ ਕਮੇਟੀ ਵਲੋਂ ਸਨਮਾਨਤ ਕੀਤਾ ਗਿਆ ਅਤੇ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।