ਚੰਡੀਗੜ੍ਹ: ‘ਆਮ ਆਦਮੀ ਪਾਰਟੀ‘ (ਆਪ) ਨੇ ਬੁੱਧਵਾਰ ਨੂੰ ਬੇਰੋਜ਼ਗਾਰ ਲਾਈਨਮੈਨਾਂ ‘ਤੇ ਬਠਿੰਡਾ ਪੁਲਿਸ ਵੱਲੋਂ ਬਦਲੇ ਦੀ ਭਾਵਨਾ ਨਾਲ ਦਰਜ ਕੀਤੇ ਗਏ ਝੁਠੇ ਮਾਮਲੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਸ਼ੁੱਕਰਵਾਰ ਨੂੰ ‘ਆਮ ਆਦਮੀ ਪਾਰਟੀ‘ ਦੇ ਪੰਜਾਬ ਦੇਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਮਹਿਲਾ ਵਿੰਗ ਦੇ ਪ੍ਰਧਾਨ ਪ੍ਰੋ. ਬਲਵਿੰਦਰ ਕੌਰ ਨੇ ਬੇਰੋਜ਼ਗਾਰ ਲਾਈਨਮੈਨਾਂ, ਉਨ੍ਹਾਂ ਦੇ ਬੱਚਿਆਂ ਅਤੇ ਬਜ਼ੁਰਗ ਔਰਤਾਂ ਉੱਤੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਲਈ ਸਮੁੱਚੇ ਬਾਦਲ ਪਰਿਵਾਰ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਪੁਲਿਸ ਨੇ ਨਿੱਕੇ–ਨਿੱਕੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਉਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ–ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਅੱਖਾਂ ਸਾਹਮਣੇ ਇਹ ਕਹਿਰ ਢਾਹਿਆ।
ਪ੍ਰੋ. ਬਲਜਿੰਦਰ ਕੌਰ ਨੇ ਹਰਸਿਮਰਤ ਕੌਰ ਬਾਦਲ ਦੀ ਨਿਖੇਧੀ ਕਰਦਿਆਂ ਕਿਹਾ ਕਿ ‘ਨੰਨ੍ਹੀ ਛਾਂ ‘ ਦਾ ਢੋਂਗ ਰਚਣ ਵਾਲੀ ਹਰਸਿਮਰਤ ਕੌਰ ਬਾਦਲ ਲਈ ਕੋਈ ਨੈਤਿਕ ਨਹੀਂ ਬਚਿਆ ਕਿਉਂਕਿ ਆਪਣੇ ਸਿਆਸੀ ਮਾਲਕਾਂ ਨੂੰ ਖ਼ੁਸ਼ ਕਰਨ ਲਈ ਪੰਜਾਬ ਪੁਲਿਸ ਨੇ ਨਿੱਕੀਆਂ ਬੱਚੀਆਂ ਤੇ ਬਜ਼ੁਰਗ ਔਰਤਾਂ ਨੂੰ ਵੀ ਨਹੀਂ ਬਖ਼ਸ਼ਿਆ। ਪ੍ਰੋ. ਬਲਜਿੰਦਰ ਕੌਰ ਨੇ ਹਰਸਿਮਰਤ ਕੌਰ ਬਾਦਲ ਤੋਂ ਪੁੱਛਿਆ ਕਿ ਕੀ ਆਪਣੀ ਮਾਂ ਨੂੰ ਬਚਾਉਣ ਦਾ ਜਤਨ ਕਰ ਰਹੀ ਪੰਜ ਸਾਲਾ ਸਹਿਜਪ੍ਰੀਤ ਕੌਰ ਨੂੰ ਵੇਖ ਕੇ ਤੁਹਾਡੇ (ਹਰਸਿਮਰਤ) ਮਨ ਵਿੱਚ ਥੋੜ੍ਹੀ ਜਿੰਨੀ ਵੀ ਹਮਦਰਦੀ ਨਹੀਂ ਜਾਗੀ? ਕੀ ਡੇਢ ਸਾਲ ਦੀ ਜਸ਼ਨਦੀਪ ਨੂੰ ਉਸ ਦੀ ਮਾਂ ਨਾਲ ਪੁਲਿਸ ਹਿਰਾਸਤ ਵਿੱਚ ਭੇਜਣਾ ਹੀ ਤੁਹਾਡੀ ਨੰਨ੍ਹੀ ਛਾਂ ਦਾ ਨਾਅਰਾ ਹੈ?
ਮਹਾਰਾਜਾ ਰਣਜੀਤ ਸਿੰਘ ਜਿਹਾ ਸ਼ਾਸਨ ਦੇਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਸਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਅਖੌਤੀ ਪੰਥਕ ਸਰਕਾਰ ਦੀ ਪੁਲਿਸ ਵੱਲੋਂ ਲਾਚਾਰ ਤੇ ਬੇਵੱਸ ਲਾਈਨਮੈਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਬੱਚਿਆਂ ਉਤੇ ਪੁਲਿਸ ਨੇ ਜੋ ਕਹਿਰ ਢਾਇਆ, ਉਸ ਨੇ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਔਰੰਗਜ਼ੇਬ ਦਾ ਰਾਜ ਹੈ।
ਛੋਟੇਪੁਰ ਨੇ ਕਿਹਾ ਕਿ ਜਿਹੜੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਤਸ਼ੱਦਦ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਬੇਰੋਜ਼ਗਾਰ ਲਾਈਨਮੈਨਾਂ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਉਨ੍ਹਾਂ ਦੀਆਂ ਦਸਤਾਰਾਂ ਉਛਾਲ਼ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਸ ਸਾਰੇ ਮਾਮਲੇ ‘ਤੇ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਸਰਕਾਰ ਨੂੰ ਸਬਕ ਮਿਲੇ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਉਸ ਦੀ ਦੁਰਵਰਤੋਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਰੁੱਧ ਯਕੀਨੀ ਤੌਰ ‘ਤੇ ਉਚਿਤ ਕਾਰਵਾਈ ਹੋ ਸਕੇ।