ਲੁਧਿਆਣਾ: 1995 ਦੇ ਅਸਲਾ ਬਰਾਮਦਗੀ ਕੇਸ ਵਿਚ ਅੱਜ ਲੁਧਿਆਣਾ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਗੋਇਲ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ। ਜਿਕਰਯੋਗ ਹੈ ਕਿ 9 ਅਪ੍ਰੈਲ ਨੂੰ ਇਸ ਕੇਸ ਵਿਚ ਫੈਂਸਲਾ ਸੁਣਾਉਂਦਿਆਂ ਲੁਧਿਆਣਾ ਦੀ ਹੇਠਲੀ ਅਦਾਲਤ ਵਿਚ ਜੂਨੀਅਰ ਮੈਜਿਸਟ੍ਰੇਟ ਵਰਿੰਦਰ ਕੁਮਾਰ ਨੇ ਦੋਸ਼ੀ ਐਲਾਨਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ 3 ਸਾਲ ਤੋਂ ਵੱਧ ਸਜ਼ਾ ਸੁਣਾਉਣ ਲਈ ਕੇਸ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕੋਲ ਭੇਜ ਦਿੱਤਾ ਸੀ।

ਇਹ ਕੇਸ 30 ਦਸੰਬਰ, 1995 ਨੂੰ ਲੁਧਿਆਣਾ ਦੇ ਕੋਤਵਾਲੀ ਥਾਣੇ ਵਿਚ ਦਰਜ ਕੀਤਾ ਗਿਆ ਸੀ ਜਿਸ ਵਿਚ ਭਾਈ ਜਗਤਾਰ ਸਿੰਘ ਹਵਾਰਾ ਤੋਂ ਏਕੇ56 ਰਾਈਫਲ ਅਤੇ 50 ਕਾਰਤੂਸ ਦਾਅਵਾ ਕੀਤਾ ਗਿਆ ਸੀ।
ਅੱਜ ਦੀ ਸੁਣਵਾਈ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਪੇਸ਼ ਹੋਏ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅਦਾਲਤ ਨੂੰ ਦੱਸਿਆ ਕਿ ਹੇਠਲੀ ਅਦਾਲਤ ਨੇ ਗਲਤ ਤੱਥਾਂ ਦੇ ਅਧਾਰ ‘ਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਦੋਸ਼ੀ ਐਲਾਨਿਆ ਸੀ। ਬਹਿਸ ਸੁਣਨ ਤੋਂ ਬਾਅਦ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ।
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਫੋਨ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ।