ਚੰਡੀਗੜ੍ਹ: ਡਾਵਾਂ ਡੋਲ ਹੋ ਰਹੀ ਅਕਾਲੀ ਦਲ ਦੇ ਬੇੜੀ ਨੂੰ ਸਥਿਰ ਕਰਨ ਦੀ ਕੋਸ਼ਿਸ਼ ਲਈ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ।ਪੰਜਾਬ ਵਿੱਚ ਸਥਿਤ ਤਿੰਨ ਤਖ਼ਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਹਟਾਉਣ ਦੇ ਫੈਂਸਲੇ ਤੇ ਫਿਲਹਾਲ 10 ਨਵੰਬਰ ਨੂੰ ਕੁਝ ਸਿੱਖ ਜਥੇਬੰਦੀਆਂ ਵੱਲੋਂ ਬੁਲਾਏ ਸਰਬੱਤ ਖਾਲਸਾ ਤੱਕ ਰੋਕ ਲਗਾ ਲਈ ਗਈ ਹੈ।ਸਰਬੱਤ ਖਾਲਸਾ ਬਾਰੇ ਇੱਕ ਹੋਰ ਅਹਿਮ ਫੈਂਸਲਾ ਲੈਂਦਿਆਂ ਕੋਰ ਕਮੇਟੀ ਨੇ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰਸ਼ਾਸਨਿਕ ਦਖ਼ਲਅੰਦਾਜੀ ਨਾ ਕਰਨ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਸਾਖ ਨੂੰ ਲੱਗ ਰਹੀ ਢਾਹ ਨੂੰ ਰੋਕਣ ਲਈ ਪਾਰਟੀ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਦਭਾਵਨਾ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ।ਪਾਰਟੀ ਦੇ ਬੁਲਾਰੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੀ ਰੈਲੀ ਬਠਿੰਡਾ ਵਿਖੇ 23 ਨਵੰਬਰ ਨੂੰ ਕੀਤੀ ਜਾਵੇਗੀ।ਇਸ ਤੋਂ ਬਾਅਦ 28 ਨਵੰਬਰ ਨੂੰ ਮੋਗਾ, 1 ਦਸੰਬਰ ਨੂੰ ਗੁਰਦਾਸਪੁਰ, 4 ਦਸੰਬਰ ਨੂੰ ਜਲੰਧਰ, 7 ਦਸੰਬਰ ਨੂੰ ਤਰਨਤਾਰਨ ਅਤੇ 20 ਦਸੰਬਰ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਬਾਕੀ ਜ਼ਿਲ੍ਹਿਆਂ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਦਭਾਵਨਾ ਰੈਲੀਆਂ ਵਿੱਚ ਜਨਤਾ ਸਾਹਮਣੇ ਪੰਜਾਬ ਵਿੱਚ ਅਮਨ, ਸ਼ਾਂਤੀ, ਭਾਈਚਾਰਕ ਸਾਂਝ, ਅਤੇ ਸਦਭਾਵਨਾ ਨੂੰ ਸੱਟ ਮਾਰਨ ਵਾਲੀਆਂ ਤਾਕਤਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।
ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਗਈ ਕਿ ਨਵੰਬਰ 1984 ਵਿੱਚ ਦਿੱਲੀ ਅਤੇ ਭਾਰਤ ਦੇ ਹੋਰ ਹਿੱਸਿਆਂ ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇ ਅਤੇ ਨਾਲ ਹੀ ਕਾਂਗਰਸ ਪਾਰਟੀ ਦੀ ਸ਼ਹਿ ਉੱਤੇ ਹੋਈ ਇਸ ਗੰਭੀਰ ਸਾਜਿਸ਼ ਦੇ ਸਾਰੇ ਪਹਿਲੂਆਂ ਦਾ ਖੁਲਸਾ ਕੀਤਾ ਜਾਵੇ।
ਮੀਟਿੰਗ ਵਿੱਚ ਪੰਜਾਬ ਵਿੱਚ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਅਤੇ ਕੁਦਰਤੀ ਆਫ਼ਤਾਂ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦੇ ਮੁਆਵਜ਼ੇ ਦੀ ਵੰਡ ਉਪਰ ਤਸੱਲੀ ਪ੍ਰਗਟਾਈ ਗਈ।
ਇਸ ਮੀਟਿੰਗ ਵਿੱਚ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿਘ ਬਾਦਲ, ਕੋਰ ਕਮੇਟੀ ਮੈਂਬਰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਪੁਰਾ, ਅਵਤਾਰ ਸਿੰਘ ਮੱਕੜ, ਸੇਵਾ ਸਿੰਘ ਸੇਖਵਾਂ, ਤੋਤਾ ਸਿੰਘ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਸੁੱਚਾ ਸਿੰਘ ਲੰਗਾਹ, ਨਿਰਮਲ ਸਿੰਘ ਕਾਹਲੋਂ, ਡਾ. ਦਲਜੀਤ ਸਿੰਘ ਚੀਮਾ, ਹਰਚਰਨ ਸਿੰਘ ਬੈਂਸ, ਮਨਜੀਤ ਸਿੰਘ ਜੀ.ਕੇ, ਅਵਤਾਰ ਸਿੰਘ ਹਿੱਤ, ਮਨਜਿੰਦਰ ਸਿੰਘ ਸਿਰਸਾ ਸ਼ਾਮਿਲ ਹੋਏ।