ਅੰਮ੍ਰਿਤਸਰ: ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਇਲਟੀ ਲੈਣ ਸਬੰਧੀ ਪੰਜਾਬ ਵਿਧਾਨ ਸਭਾ ਵੱਲੋਂ ਕੀਤੇ ਗਏ ਫ਼ੈਸਲੇ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਨੀਲ ਜਾਖੜ ਨੇ ਇਸ ਫ਼ੈਸਲੇ ਨੂੰ ਸੌਦੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਪਾਣੀਆਂ ਸਬੰਧੀ ਸੌਦੇ ਦਾ ਕਾਂਗਰਸ ਵਿਰੋਧ ਕਰੇਗੀ।

ਅੰਮ੍ਰਿਤਸਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਜਾਖੜ, ਜੋ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਹਨ, ਨੇ ਦਰਿਆਈ ਪਾਣੀਆਂ ਦੇ ਮਾਮਲੇ ਸਬੰਧੀ ਮੀਟਿੰਗ ਵਿੱਚ ਕਾਂਗਰਸ ਦੇ ਸ਼ਾਮਲ ਨਾ ਹੋਣ ਦਾ ਸਮਰਥਨ ਕਰਦਿਆਂ ਆਖਿਆ ਕਿ ਕਾਂਗਰਸ ਪੰਜਾਬ ਦੇ ਪਾਣੀਆਂ ਦੀ ਸੌਦੇਬਾਜ਼ੀ ਦੇ ਹੱਕ ਵਿੱਚ ਨਹੀਂ ਹੈ। ਕੋਈ ਵੀ ਕਿਸਾਨ ਹਿਤੈਸ਼ੀ ਸਰਕਾਰ ਪੰਜਾਬ ਦੇ ਪਾਣੀਆਂ ਦਾ ਸੌਦਾ ਨਹੀਂ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਧਿਰ ਨੇ ਭਾਜਪਾ ਦੀ ਕੇਂਦਰ ਸਰਕਾਰ ਨਾਲ ਪੰਜਾਬ ਦੇ ਪਾਣੀਆਂ ਦਾ ਸੌਦਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਹਾਲੀ ਦਾ ਰਾਹ ਪੱਧਰਾ ਕੀਤਾ ਹੈ।
ਇਸ ਸਬੰਧ ਵਿੱਚ ਕੇਂਦਰ ਸਰਕਾਰ ਦੀ ਮੱਦਦ ਨਾਲ ਸਿੱਖ ਗੁਰਦੁਆਰਾ ਐਕਟ ਵਿੱਚ ਸੰਸਦ ਰਾਹੀਂ ਸੋਧ ਕਰਾਈ ਗਈ ਹੈ, ਜਿਸ ਦੇ ਸੌਦੇ ਵਜੋਂ ਪੰਜਾਬ ਦਾ ਦਰਿਆਈ ਪਾਣੀ ਹੋਰਨਾਂ ਸੂਬਿਆਂ ਨੂੰ ਦਿੱਤਾ ਜਾਵੇਗਾ। ਜਾਖੜ ਨੇ ਆਖਿਆ ਕਿ ਪੰਜਾਬ ਦੇ ਦਰਿਆ ਸੂਬੇ ਦੀ ਜੀਵਨ ਰੇਖਾ ਹਨ ਅਤੇ ਇਸਨੂੰ ਕਿਸੇ ਵੀ ਸੂਰਤ ਵਿੱਚ ਵੇਚਿਆ ਨਹੀਂ ਜਾ ਸਕਦਾ। ਕਾਂਗਰਸ ਇਸ ਸੌਦੇਬਾਜ਼ੀ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਵਿਅੰਗ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਦਸ ਸਾਲ ਤੋਂ ਸੱਤਾ ਵਿਚ ਹੈ ਅਤੇ ਇਸ ਤੋਂ ਪਹਿਲਾਂ ਹਾਕਮ ਧਿਰ ਨੇ ਪਾਣੀਆਂ ਨੂੰ ਬਚਾਉਣ ਲਈ ਕਦੇ ਕੋਈ ਉਪਰਾਲਾ ਨਹੀਂ ਕੀਤਾ ਜਦੋਂਕਿ ਦਸ ਸਾਲਾਂ ਵਿੱਚ ਇਹ ਕੰਮ ਤਰਜੀਹ ਦੇ ਆਧਾਰ ‘ਤੇ ਹੋਣਾ ਚਾਹੀਦਾ ਸੀ। ਐਸਵਾਈਐਲ ਨਹਿਰ ਦੀ ਜ਼ਮੀਨ ਮੁੜ ਕਿਸਾਨਾਂ ਨੂੰ ਦੇਣ ਲਈ ਨੋਟੀਫਿਕੇਸ਼ਨ ਰੱਦ ਕੀਤੇ ਜਾਣ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਕੀਤੇ ਗਏ ਫ਼ੈਸਲੇ ਨੂੰ ਪਹਿਲਾਂ ਹੀ ਲਾਗੂ ਕਰ ਦੇਣਾ ਚਾਹੀਦਾ ਸੀ। ਜੇਕਰ ਹੁਣ ਤੱਕ ਜ਼ਮੀਨਾਂ ਕਿਸਾਨਾਂ ਨੂੰ ਦੇ ਦਿੱਤੀਆਂ ਹੁੰਦੀਆਂ ਤਾਂ ਹੁਣ ਸੁਪਰੀਮ ਕੋਰਟ ਦਾ ਫ਼ੈਸਲਾ ਲਾਗੂ ਨਹੀਂ ਹੋ ਸਕਣਾ ਸੀ ਪਰ ਸਰਕਾਰ ਨੇ ਇਹ ਫੈਸਲਾ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੀਤਾ ਹੈ ਅਤੇ ਹੁਣ ਇਸਨੂੰ ਲਾਗੂ ਕਰਨਾ ਮੁਸ਼ਕਲ ਹੋਵੇਗਾ।
ਇਹ ਵੀ ਪੜ੍ਹੋ:
ਡੰਗ-ਟਪਾਊ ਰਾਜਨੀਤੀ ਦੀ ਬਜਾਏ ਗੈਰ-ਰਾਇਪੇਰੀਅਨ ਸੂਬਿਆਂ ਨੂੰ ਜਾਂਦਾ ਪਾਣੀ ਰੋਕੋ: ਦਲ ਖ਼ਾਲਸਾ …
ਉਨ੍ਹਾਂ ਇਸ ਸਮੁੱਚੀ ਕਾਰਵਾਈ ਨੂੰ ਆਉਂਦੀਆਂ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਵਾਲੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਹਾਕਮ ਧਿਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਸੁਹਿਰਦ ਹੈ ਤਾਂ ਹੁਣ ਤੱਕ ਇਸ ਮੰਤਵ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੋਈ ਗੱਲਬਾਤ ਕਿਉਂ ਨਹੀਂ ਕੀਤੀ ਗਈ ਜਦੋਂਕਿ ਪ੍ਰਧਾਨ ਮੰਤਰੀ ਇਸ ਮਸਲੇ ਦਾ ਹੱਲ ਕਰਨ ਦੇ ਸਮਰੱਥ ਹਨ।
ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:
ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।
ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:
ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।
ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।
ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।
ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।
ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Congress Slams Badal Govt.; Says Punjab has No Water to Sell on Non-Riparian States …