ਲੁਧਿਆਣਾ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਕੌਰ ਘਵੱਦੀ ਨੂੰ ਕਤਲ ਕਰਨ ਦੇ ਮਾਮਲੇ ‘ਚ ਪੁਲਿਸ ਨੇ 5 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਗਿ੍ਫ਼ਤਾਰ ਕੀਤੇ ਇਨ੍ਹਾਂ ਸਾਰਿਆਂ ਨੌਜਵਾਨਾਂ ਨੂੰ ਬੁੱਧਵਾਰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਇਨ੍ਹਾਂ ਦਾ 7 ਅਗਸਤ ਤੱਕ ਪੁਲਿਸ ਰਿਮਾਂਡ ਦੇ ਦਿੱਤਾ। ਪਹਿਲਾਂ ਤੋਂ ਗ੍ਰਿਫਤਾਰ ਦੋ ਸਿੱਖ ਨੌਜਵਾਨਾਂ ਗੁਰਪ੍ਰੀਤ ਸਿੰਘ ਅਤੇ ਨਿਹਾਲ ਸਿੰਘ ਤੋਂ ਅਲਾਵਾ ਜਿਨ੍ਹਾਂ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ ਉਨ੍ਹਾਂ ‘ਚ ਹਰਬੰਸ ਸਿੰਘ ਵਾਸੀ ਕੈਲੇ ਮਾਜਰਾ ਨਾਭਾ, ਗੁਰਵਿੰਦਰ ਸਿੰਘ ਵਾਸੀ ਪਿੰਡ ਹੇੜੀਕੇ ਸੰਗਰੂਰ ਤੇ ਜਗਜੀਤ ਸਿੰਘ ਵਾਸੀ ਹੇੜੀਕੇ ਸੰਗਰੂਰ ਸ਼ਾਮਿਲ ਹਨ। ਇਨ੍ਹਾਂ ਨੌਜਵਾਨਾਂ ਦੀ ਪੇਸ਼ੀ ਨੂੰ ਲੈ ਕੇ ਸਵੇਰ ਤੋਂ ਹੀ ਸਿੱਖ ਸੰਗਤ ਅਦਾਲਤੀ ਕੰਪਲੈਕਸ ਪਹੁੰਚੀ ਹੋਈ ਸੀ।
ਪੁਲਿਸ ਵਲੋਂ ਅਦਾਲਤੀ ਕੰਪਲੈਕਸ ਵਿਚ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਬਾਅਦ ਦੁਪਹਿਰ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਜੱਜ ਲਵਜਿੰਦਰ ਕੌਰ ਦੀ ਅਦਾਲਤ ‘ਚ ਪੇਸ਼ ਕੀਤਾ। ਪੁਲਿਸ ਦਾ ਕਹਿਣਾ ਸੀ ਕਿ ਇਨ੍ਹਾਂ ਨੌਜਵਾਨਾਂ ਪਾਸੋਂ ਹੋਰ ਬਰਾਮਦਗੀ ਕਰਨੀ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਕਤਲ ਤੋਂ ਪਹਿਲਾਂ ਵਿਦੇਸ਼ਾਂ ਤੋਂ ਫ਼ੰਡ ਮੁਹੱਈਆ ਕਰਵਾਏ ਗਏ ਹਨ, ਜਿਸ ਦੀ ਜਾਂਚ ਅਜੇ ਬਾਕੀ ਹੈ। ਪੁਲਿਸ ਨੇ 7 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਦੋਵੇਂ ਪੱਖਾਂ ਦੀ ਦਲੀਲ ਸੁਣਨ ਤੋਂ ਬਾਅਦ ਜੱਜ ਨੇ ਇਨ੍ਹਾਂ ਨੌਜਵਾਨਾਂ ਦਾ 4 ਦਿਨਾਂ ਦਾ ਰਿਮਾਂਡ 7 ਅਗਸਤ ਤੱਕ ਦੇ ਦਿੱਤਾ।

ਇਨ੍ਹਾਂ ਨੌਜਵਾਨਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਪੁਲਿਸ ਹਿਰਾਸਤ ‘ਚ ਇਨ੍ਹਾਂ ਨੌਜਵਾਨਾਂ ਉਪਰ ਅੰਨ੍ਹਾ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਅਦਾਲਤ ਨੂੰ ਬੇਨਤੀ ਕੀਤੀ ਕਿ ਇਨ੍ਹਾਂ ਨੌਜਵਾਨਾਂ ਦਾ ਡਾਕਟਰੀ ਮੁਆਇਨਾ ਕਰਵਾਇਆ ਜਾਵੇ, ਜਿਸ ‘ਤੇ ਜੱਜ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਪੁਲਿਸ ਨੂੰ ਹਰ ਰੋਜ਼ ਇਨ੍ਹਾਂ ਦੀ ਡਾਕਟਰੀ ਜਾਂਚ ਡਾਕਟਰਾਂ ਦੇ ਬੋਰਡ ਤੋਂ ਕਰਵਾਉਣ ਦਾ ਹੁਕਮ ਦਿੱਤਾ ਤੇ ਹਰ ਰੋਜ਼ ਵਕੀਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ। ਅਦਾਲਤ ‘ਚ ਪੇਸ਼ੀ ਦੌਰਾਨ ਸੰਗਤ ਵੱਲੋਂ ਇਨ੍ਹਾਂ ਨੂੰ ਸਿਰੋਪਾਓ ਵੀ ਦਿੱਤੇ ਗਏ। ਜਾਂਚ ਅਧਿਕਾਰੀ ਐਸ.ਐਚ.ਓ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਸ ਮਾਮਲੇ ‘ਚ ਕੁਝ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਨੌਜਵਾਨਾਂ ਪਾਸੋਂ 2 ਪਿਸਤੌਲ ਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।