ਅੰਮ੍ਰਿਤਸਰ: ਜੂਨ 1984 ਦੇ ਘੱਲੂਘਾਰਾ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਗਿਆਨੀ ਗੁਰਬਚਨ ਸਿੰਘ ਤੋਂ ਹੀ ਸਿੱਖ ਪੰਥ ਦੇ ਨਾਂ ਸੰਦੇਸ਼ ਪੜ੍ਹਵਾਉਣ ਦਾ ਫੈਸਲਾ ਲਿਆ। ਜਿਵੇਂ ਕਿ ਉਮੀਦ ਸੀ ਗਿਆਨੀ ਗੁਰਬਚਨ ਸਿੰਘ ਦੇ ਸੰਦੇਸ਼ ਪੜ੍ਹਨ ਦਾ ਸਿੱਖ ਸੰਗਤਾਂ ਵਲੋਂ ਜ਼ਬਰਦਸਤ ਵਿਰੋਧ ਹੋਇਆ। ਜਿਵੇਂ ਹੀ ਗਿਆਨੀ ਗੁਰਬਚਨ ਸਿੰਘ ਸੰਦੇਸ਼ ਪੜ੍ਹਨ ਲਈ ਖੜ੍ਹੇ ਹੋਏ ਅਕਾਲ ਤਖ਼ਤ ਸਾਹਿਬ ਦੇ ਹਾਜ਼ਰ ਸਿੱਖ ਸੰਗਤ ਨੇ ਆਪਣਾ ਸਖਤ ਵਿਰੋਧ ਪ੍ਰਗਟ ਕੀਤਾ।
ਹਾਲਾਂਕਿ ਗਿਆਨੀ ਗੁਰਬਚਨ ਸਿੰਘ ਨੇ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਆਪਣਾ ਸੰਦੇਸ਼ ਪੜ੍ਹਿਆ। 11 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ‘ਚ ਚੁਣੇ ਗਏ ਸਮਾਨਾਂਤਰ ਜਥੇਦਾਰਾਂ ਨੇ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਵੱਖਰੀ ਸਟੇਜ ਲਾਈ ਅਤੇ ਉਨ੍ਹਾਂ ਵੀ ਸੰਦੇਸ਼ ਪੜ੍ਹਿਆ।
ਹਾਲਾਂਕਿ ਗਿਆਨੀ ਗੁਰਬਚਨ ਸਿੰਘ ਵਲੋਂ ਸੰਦੇਸ਼ ਪੜ੍ਹੇ ਜਾਣ ਮੌਕੇ ਬਹੁਤ ਵਿਰੋਧ ਹੋਇਆ ਪਰ ਖ਼ਬਰ ਲਿਖੇ ਜਾਣ ਤਕ ਇਸ ਸਾਲ ਕੋਈ ਟਕਰਾਅ ਹੋਣ ਦੀ ਜਾਣਕਾਰੀ ਨਹੀਂ ਮਿਲੀ।
ਜ਼ਿਕਰਯੋਗ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਿਆ ਹੈ ਅਤੇ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਇਤਿਹਾਸਕ ਮੌਕਿਆਂ ‘ਤੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਾ ਹੈ। ਪਰ ਵਿਵਾਦਤ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣ ਤੋਂ ਬਾਅਦ ਸਿੱਖਾਂ ਨੇ ਗਿਆਨੀ ਗੁਰਬਚਨ ਸਿੰਘ ਨੂੰ ਜਥੇਦਾਰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਸਿੱਖ ਸੰਗਤਾਂ ਦੇ ਸਖਤ ਵਿਰੋਧ ਦੇ ਮੱਦੇਨਜ਼ਰ ਮਾਫੀ ਦੇ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਸੀ।
ਦੇਖੋ ਵੀਡੀਓ:
ਵੱਡੀ ਗਿਣਤੀ ਵਿਚ ਸਿੱਖ ਜਥੇਬੰਦੀਆਂ ਅਤੇ ਬਹੁਗਿਣਤੀ ਸਿੱਖ ਗਿਆਨੀ ਗੁਰਬਚਨ ਸਿੰਘ ਨੂੰ ਜਥੇਦਾਰ ਵਜੋਂ ਮਾਨਤਾ ਨਹੀਂ ਦਿੰਦੇ ਪਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਇਸਦੇ ਸਮਰਥਕ ਅਤੇ ਬਾਦਲ ਦਲ ਦੇ ਕਬਜ਼ੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਕਮੇਟੀ ਹਾਲੇ ਵੀ ਗਿਆਨੀ ਗੁਰਬਚਨ ਸਿੰਘ ਦੀ ਹਮਾਇਤ ਕਰਦੀਆਂ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
SGPC Proceeds with Giani Gurbachan Singh’s message: Sikh Sangat register strong protest …