ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਹ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਸ ਦਾ ਕੋਈ ਨੁਕਸਾਨ ਨਹੀਂ ਹੋਇਆ।
ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਪ੍ਰਤੀਕਿਰਿਆ ਸ਼੍ਰੋ.ਗੁ.ਪ੍ਰ.ਕ. ਵੱਲੋਂ ਉੜੀਸਾ ਭੇਜੇ ਗਏ ਵਫਦ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ ‘ਤੇ ਪਰਗਟ ਕੀਤੀ ਜਾ ਰਹੀ ਹੈ।

ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸ਼੍ਰੋ.ਗੁ.ਪ੍ਰ.ਕ. ਦੇ ਵਫ਼ਦ ਜਿਸ ਵਿਚ ਇਸ ਸ਼੍ਰੋ.ਗੁ.ਪ੍ਰ.ਕ. ਮੈਂਬਰ ਸ. ਗੁਰਮੀਤ ਸਿੰਘ ਬੂਹ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ ਅਤੇ ਮੀਤ ਸਕੱਤਰ ਸ. ਸਕੱਤਰ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਕ ਕਮੇਟੀ ਨੇ ਮੌਕੇ ‘ਤੇ ਜਾ ਕੇ ਹਾਲਾਤ ਜਾਣੇ ਹਨ।
ਸਬ-ਕਮੇਟੀ ਨੇ ਜਾਣਕਾਰੀ ਦਿੱਤੀ ਹੈ ਕਿ ਕਿਸੇ ਵੀ ਗੁਰ-ਅਸਥਾਨ ਜਾਂ ਯਾਦਗਾਰ ਨੂੰ ਢਾਹਿਆ ਨਹੀਂ ਗਿਆ,ਸਗੋਂ ਭਾਰਤੀ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਇਨ੍ਹਾਂ ਦੇ ਆਲੇ-ਦੁਆਲੇ ਨੂੰ ਖੂਬਸੂਰਤ ਬਣਾਉਣ ਲਈ ਕਾਰਵਾਈ ਕੀਤੀ ਗਈ ਹੈ।
ਗੋਬਿੰਦ ਸਿੰਘ ਲੌਂਗੋਵਾਲ ਮੁਤਾਬਕ ਸਥਾਨਕ ਪ੍ਰਸ਼ਾਸਨ ਨੇ ਸ਼੍ਰੋ.ਗੁ.ਪ੍ਰ.ਕ. ਵਫ਼ਦ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਕਿਸੇ ਵੀ ਇਤਿਹਾਸਕ ਅਸਥਾਨ ਨਾਲ ਛੇੜ-ਛਾੜ ਨਹੀਂ ਕੀਤੀ ਜਾਵੇਗੀ, ਸਗੋਂ ਇਸ ਦੀ ਸੁਰੱਖਿਆ ਲਈ ਹੋਰ ਵੀ ਪੁਖਤਾ ਇੰਤਜ਼ਾਮ ਕੀਤੇ ਜਾਣਗੇ।
ਉੜੀਸਾ ਸਰਕਾਰ ਸਾਡੀ ਸਲਾਹ ਨਾਲ ਅਸਥਾਨ ਦੀ ਕਾਰਸੇਵਾ ਕਰੇਗੀ:
ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਨਾਨਕ ਜੀ ਦੀ ਯਾਦ ਵਿਚ ਜੋ ਅਸਲ ਅਸਥਾਨ ਜਗਨਨਾਥ ਪੁਰੀ ਵਿਖੇ ਸਥਿਤ ਹੈ ਉਸ ਦੀ ਕਾਰਸੇਵਾ ਸਬੰਧੀ ਉੜੀਸਾ ਸਰਕਾਰ ਵੱਲੋਂ ਸ਼੍ਰੋ.ਗੁ.ਪ੍ਰ.ਕ. ਦੀ ਰਾਇ ਅਨੁਸਾਰ ਕਾਰਜ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਉੜੀਸਾ ਸਰਕਾਰ ਨਾਲ ਲਗਾਤਾਰ ਸੰਪਰਕ ਵਿਚ ਹੈ।