
ਅੰਮ੍ਰਿਤਸਰ (14 ਜਨਵਰੀ, 2015): ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ਦੀ ਯੋਜਨਾ ਦੇ ਰਾਹ ਵਿੱਚ ਅੜਿੱਕਾ ਬਣ ਰਹੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੀ ਹਾਕਮ ਧਿਰ ਦੀ ਪ੍ਰਸਤਾਵਤ ਯੋਜਨਾ ਖ਼ਿਲਾਫ਼ ਸਿੱਖ ਪੰਥ ਵਿੱਚ ਰੋਹ ਵਧਣ ਲੱਗ ਪਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਆਖਿਆ ਕਿ ਉਹ ਅਜਿਹੀ ਗੁਸਤਾਖ਼ੀ ਨਾ ਕਰਨ।
ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ 17 ਜਨਵਰੀ ਨੂੰ ਫ਼ਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੀ ਯੋਜਨਾ ਹੈ।
ਇਸ ਸਬੰਧੀ ਹਾਕਮ ਧਿਰ ਵੱਲੋਂ ਅੰਤਰਿੰਗ ਕਮੇਟੀ ਦੇ ਮੈਂਬਰਾਂ ਕੋਲੋਂ ਫ਼ਾਰਮ ਭਰਵਾਇਆ ਜਾ ਰਿਹਾ ਹੈ ਪਰ ਕਮੇਟੀ ਦੇ ਦੋ ਮੈਂਬਰਾਂ ਨੇ ਇਹ ਫ਼ਾਰਮ ਭਰਨ ਤੋਂ ਨਾਂਹ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਮਿਲਣ ਪਿੱਛੋਂ ਸਿੱਖ ਜਥੇਬੰਦੀਆਂ ਵਿੱਚ ਹਾਕਮ ਧਿਰ ਦੀ ਇਸ ਪ੍ਰਸਤਾਵਿਤ ਯੋਜਨਾ ਖ਼ਿਲਾਫ਼ ਰੋਹ ਭੜਕ ਪਿਆ ਹੈ।
ਕੈਲੰਡਰ ਵਿੱਚ ਤਬਦੀਲੀ ਕਰਨ ਤੋਂ ਪਹਿਲਾਂ ਇਸ ਸਬੰਧੀ ਕਮੇਟੀ ਬਣਾਉਣੀ ਚਾਹੀਦੀ ਹੈ, ਜਿਸ ਵਿੱਚ ਦੋਵਾਂ ਧਿਰਾਂ ਦੇ ਮੈਂਬਰਾਂ ਤੋਂ ਇਲਾਵਾ ਮਾਹਿਰਾਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਜਦੋਂ ਤਕ ਕੋਈ ਹੱਲ ਨਹੀਂ ਨਿਕਲਦਾ 2003 ਵਾਲੇ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨਾ ਚਾਹੀਦਾ ਹੈ।