ਅੰਮ੍ਰਿਤਸਰ (21 ਜਨਵਰੀ, 2015): ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਵੱਲੌਂ ਅਹੁਦੇ ਤੋਂ ਬਰਖਾਸਤ ਕਰਨ ਤੋਂ ਬਾਅਦ ਸ਼ੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਦੀ ਉਮਰ ਹੱਦ ਤੈਅ ਕਰਨ ਅਤੇ ਉਨ੍ਹਾਂ ਸਬੰਧੀ ਨਿਯਮ ਤੇ ਉਪ ਨਿਯਮ ਬਣਾਉਣ ਲਈ ਵਿਦਵਾਨਾਂ ’ਤੇ ਆਧਾਰਤ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 17 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਨਿਯਮ ਬਣਾਉਣ ਦਾ ਫੈਸਲਾ ਲਿਆ ਗਿਆ ਸੀ।
ਪੰਥਕ ਜਥੇਬੰਦੀਆਂ ਜਿਨ੍ਹਾਂ ਵਿੱਚ ਦਲ ਖਾਲਸਾ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਲੰਮੇ ਸਮੇਂ ਤੋਂ ਮੰਗ ਕਰ ਰਹੀਆਂ ਸਨ ਕਿ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਉਣ ਤੇ ਹਟਾਉਣ, ਉਨ੍ਹਾਂ ਦੀ ਉਮਰ ਹੱਦ ਤੈਅ ਕਰਨ ਅਤੇ ਉਨ੍ਹਾਂ ਦੇ ਅਧਿਕਾਰ ਖੇਤਰ ਬਾਰੇ ਨਿਯਮ ਬਣਾਏ ਜਾਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਕਿ ਕਮੇਟੀ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ, ਡਾ. ਕਿਰਪਾਲ ਸਿੰਘ ਚੰਡੀਗੜ੍ਹ, ਡਾ. ਪ੍ਰਿਥੀਪਾਲ ਸਿੰਘ ਕਪੂਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਬਲਵੰਤ ਸਿੰਘ ਢਿੱਲੋਂ ਅਤੇ ਡਾ. ਬਲਕਾਰ ਸਿੰਘ ਪਟਿਆਲਾ ਸ਼ਾਮਲ ਹਨ ਅਤੇ ਇਨ੍ਹਾਂ ਦੇ ਕੋ-ਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਲਮੇਘ ਸਿੰਘ ਹੋਣਗੇ।