ਨਵੀਂ ਦਿੱਲੀ ( 13 ਫਰਵਰੀ, 2016): ਅੱਜ ਦਿੱਲੀ ਪੁਲਿਸ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸੱਤ ਹੋਰ ਵਿਦਿਆਰਥੀਆਂ ਨੂੰ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਹੈ। ਇਸਤੋਂ ਪਹਿਲਾਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਜੱਥੇਬੰਦੀ ਦੇ ਪ੍ਰਧਾਨ ਕਨ੍ਹਈਆ ਕੁਮਾਰ ਨੂੰ ਗ੍ਰਿਫਤਾਰ ਕੀਤਾ ਸੀ।
ਕਨ੍ਹਈਆ ਲਾਲ ਖੱਬੇਪੱਖੀ ਜੱਥੇਬੰਦੀ ਏ. ਆਈ. ਐੱਸ. ਐੱਫ ਦਾ ਮੈਬਰ ਹੈ ਅਤੇ ਪਿਛਲੀਆਂ ਚੋਣਾਂ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ ਸੀ। ਉਸਨੂੰ ਦਿੱਲੀ ਤੋਂ ਭਾਜਪਾ ਦੇ ਲੋਕ ਸਭਾ ਮੈਬਰ ਮਹੇਸ਼ ਗਿਰੀ ਦੀ ਸ਼ਿਕਾਇਤ ‘ਤੇ ਦਰਜ਼ ਪਰਚੇ ਵਿੱਚ ਗ੍ਰਿਫਤਾਰ ਕੀਤਾ ਸੀ।

ਅੱਜ ਗ੍ਰਿਫਤਾਰ ਕੀਤੇ ਨੌਜਵਾਨ ਇੰਦਰਾ ਗਾਂਧੀ ਕਲਾ ਕੇਂਦਰ ਵਿਖੇ ਰੋਸ ਮੁਜ਼ਹਰਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਨੂੰ ਪਾਰਲੀਮੈਂਟ ਸਟਰੀਟ ਪੁਲਿਸ ਥਾਣੇ ਵਿੱਚ ਪੁਛਗਿੱਛ ਕਰਨ ਲਈ ਲਿਜਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਨੇ ਮੁਜ਼ਾਹਰਾਕਾਰੀਆਂ ਦੇ ਇੱਕ ਟੋਲੇ ‘ਤੇ ਸ਼ੁਕਰਵਾਰ ਨੂੰ ਛਾਪਾਮਾਰੀ ਕੀਤੀ ਸੀ ਅਤੇ ਵਿਦਿਆਰਥੀ ਆਗੂ ਨੂੰ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਅਨੁਸਾਰ ਉਸਨੇ ਅਫਜ਼ਲ ਗੁਰੂ ਦੀ ਯਾਦ ਵਿੱਚ ਕੀਤੇ ਜਾ ਰਹੇ ਸਮਾਗਮ ਲਈ ਦਿੱਤੀ ਮਨਜ਼ੂਰੀ ਰੱਦ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਦੌਰਾਨ ਭਾਰਤ ਵਿਰੋਧੀ ਨਾਅਰੇ ਲਾਏ ਹਨ।
ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:
ਕਨ੍ਹਈਆ ਕੁਮਾਰ ਦੀ ਗ੍ਰਿਫਤਾਰੀ ਦੀ ਜਵਾਹਰ ਲਾਲ ਯੁਨੀਵਰਸਿਟੀ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਰਾਜਸੀ ਆਗੂਆਂ ਵਾਲੋਂ ਕਰੜੀ ਨਿੰਦਿਆ ਕੀਤੀ ਜਾ ਰਹੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਜਵਾਹਰ ਲਾਲ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਭਾਜਪਾ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ।ਰਾਹੁਲ ਗਾਂਧੀ ਦੇ ਦੌਰੇ ਦਾ ਭਾਜਪਾ ਅਤੇ ਆਰ.ਐੱਸ. ਐੱਸ ਦੇ ਵਿਦਿਆਰਥੀ ਇਕਾਈ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਕਾਰਕੂਨਾਂ ਨੇ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਅਤੇ ਪੁਲਿਸ ਵੱਲੋਂ ਰਾਸ਼ਟਰਵਿਰੋਧੀਆਂ ਨੂੰ ਗ੍ਰਿਫਤਾਰ ਕਰਨ ਦਾ ਧੰਨਵਾਦ ਕੀਤਾ।
