ਚੰਡੀਗੜ੍ਹ: ਸਿੱਖ ਸਿਧਾਂਤਾਂ ਦਾ ਘਾਣ ਕਰਦੀ ਫਿਲਮ ‘ਨਾਨਕ ਸ਼ਾਹ ਫਕੀਰ’ ਦਾ ਵਿਵਾਦ ਹੋਰ ਮਘਦਾ ਜਾ ਰਿਹਾ ਹੈ। ਜਿੱਥੇ ਸਿੱਖ ਸੰਗਤਾਂ ਵਲੋਂ ਇਸ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਿੱਖ ਜਗਤ ਦੀਆਂ ਪ੍ਰਮੁੱਖ ਸੰਸਥਾਵਾਂ ਵਲੋਂ ਇਸ ਫਿਲਮ ਨੂੰ ਰੱਦ ਕਰ ਦਿੱਤਾ ਗਿਆ ਹੈ, ਇਸ ਦੇ ਬਾਵਜੂਦ ਫਿਲਮ ਦਾ ਨਿਰਮਾਤਾ ਹਰਿੰਦਰ ਸਿੱਕਾ ਫਿਲਮ ਰਿਲੀਜ਼ ਕਰਨ ਲਈ ਬਜਿੱਦ ਹੈ ਤੇ ਇਸ ਲਈ ਹੁਣ ਉਸਨੂੰ ਭਾਰਤ ਦੀ ਉੱਚ ਅਦਾਲਤ ਦਾ ਵੀ ਸਾਥ ਮਿਲ ਗਿਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਭਾਰਤੀ ਦੀ ਸੁਪਰੀਮ ਕੋਰਟ ਨੇ ਇਸ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੀ ਰਿਲੀਜ਼ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪਰ ਦੂਜੇ ਪਾਸੇ ਪੰਜਾਬ ਸਰਕਾਰ ਨੇ ਸਿੱਖ ਵਿਰੋਧ ਨੂੰ ਦੇਖਦਿਆਂ ਇਸ ਫਿਲਮ ‘ਤੇ ਰੋਕ ਲਾਉਣ ਦਾ ਐਲਾਨ ਕੀਤਾ ਹੈ।
ਸਿੱਖ ਭਾਵਨਾਵਾਂ ਨੂੰ ਦਰਕਿਨਾਰ ਕਰਦਿਆਂ ਅੱਜ ਹਰਿੰਦਰ ਸਿੱਕੇ ਨੇ ਭਾਰਤੀ ਸੁਪਰੀਮ ਕੋਰਟ ਵਿਚ ਪਹੁੰਚ ਕਰਕੇ ਫਿਲਮ ਦੀ ਰਿਲੀਜ਼ ‘ਤੇ ਹਰ ਤਰ੍ਹਾਂ ਦੀ ਰੋਕ ਹਟਾਉਣ ਲਈ ਅਪੀਲ ਕੀਤੀ ਸੀ।
ਅੱਜ ਸੁਪਰੀਮ ਕੋਰਟ ਵਿਚ ਇਸ ਅਪੀਲ ‘ਤੇ ਸੁਣਵਾਈ ਕਰਦਿਆਂ ਭਾਰਤ ਦੇ ਮੁੱਖ ਜੱਜ ਦੀਪਕ ਮਿਸ਼ਰਾ, ਜੱਜ ਏ ਐਮ ਖਾਨਵਿਲਕਰ ਅਤੇ ਜੱਜ ਡੀ ਵਾਈ ਚੰਦਰਾਚੂੜ ਨੇ ਕਿਹਾ ਕਿ ਜਦੋਂ ਇਕ ਵਾਰ ਭਾਰਤੀ ਸੈਂਸਰ ਬੋਰਡ ਨੇ ਫਿਲਮ ਨੂੰ ਪਾਸ ਕਰ ਦਿੱਤਾ ਤਾਂ ਕਿਸੇ ਵਿਅਕਤੀ ਨੂੰ ਉਸ ਫਿਲਮ ਨੂੰ ਰੋਕਣ ਦਾ ਹੱਕ ਨਹੀਂ ਹੈ। ਇੱਥੇ ਭਾਰਤੀ ਕਾਨੂੰਨਪ੍ਰਣਾਲੀ ਨੇ ਇਸ ਪੱਖ ਨੂੰ ਬਿਲਕੁਲ ਅਣਗੌਲਿਆਂ ਕੀਤਾ ਹੈ ਕਿ ਮਾਮਲਾ ਕਿਸੇ ਭਾਰਤੀ ਸੈਂਸਰ ਬੋਰਡ ਵਲੋਂ ਫਿਲਮ ਨੂੰ ਪ੍ਰਵਾਨਗੀ ਦੇਣ ਜਾ ਨਾ ਦੇਣ ਦਾ ਨਹੀਂ ਹੈ, ਬਲਕਿ ਇਹ ਫਿਲਮ ਸਿੱਖੀ ਦੇ ਉਨ੍ਹਾਂ ਮੂਲ ਸਿਧਾਂਤਾਂ ਦਾ ਘਾਣ ਕਰਦੀ ਹੈ ਜਿਸ ਅਨੁਸਾਰ ਸਿੱਖ ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ ਅਤੇ ਗੁਰਸਿੱਖਾਂ ਨੂੰ ਕਿਸੇ ਵੀ ਰੂਪ ਵਿਚ ਫਿਲਮਾਇਆ ਹੀ ਨਹੀਂ ਜਾ ਸਕਦਾ।
ਪੰਜਾਬ ਸਰਕਾਰ ਨੇ ਫਿਲਮ ਨਾਨਕ ਸ਼ਾਹ ਫਕੀਰ ‘ਤੇ ਰੋਕ ਲਾਉਣ ਦਾ ਕੀਤਾ ਐਲਾਨ
ਚੰਡੀਗੜ੍ਹ: ਇਸ ਦੌਰਾਨ ਪੰਜਾਬ ਸਰਕਾਰ ਵਿਚ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਕਿ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਫਿਲਮ ਨਾਨਕ ਸ਼ਾਹ ਫਕੀਰ ‘ਤੇ ਪੰਜਾਬ ਵਿਚ ਪੂਰੀ ਤਰ੍ਹਾਂ ਰੋਕ ਲਾਉਣ ਦਾ ਫੈਂਸਲਾ ਕੀਤਾ ਗਿਆ ਹੈ।
ਜਦੋਂ ਪੱਤਰਕਾਰ ਵਲੋਂ ਉਨ੍ਹਾਂ ਨੂੰ ਨਿਰਦੇਸ਼ਕ ਦੀ ਅਜ਼ਾਦੀ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਫੈਂਸਲਾ ਲੈਣ ਵਿਚ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੂਰੇ ਸਿੱਖ ਇਤਿਹਾਸ ਵਿਚ ਸਿੱਖ ਗੁਰੂ ਸਾਹਿਬਾਨ ਨੂੰ ਕਿਸੇ ਵੀ ਰੂਪ ਵਿਚ ਨਹੀਂ ਫਿਲਮਾਇਆ ਗਿਆ ਅਤੇ ਸਿੱਖ ਸੰਗਤਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੇ ਕਦੇ ਵੀ ਗੁਰੂ ਸਾਹਿਬਾਨ ਨੂੰ ਫਿਲਮਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਤੇ ਇਹ ਫਿਲਮ ਇਹਨਾਂ ਸਿੱਖ ਸਿਧਾਂਤਾਂ ਦੇ ਖਿਲਾਫ ਹੈ, ਜਿਸ ਕਾਰਨ ਫਿਲਮ ‘ਤੇ ਰੋਕ ਲਾਈ ਗਈ ਹੈ।
ਪੱਤਰਕਾਰ ਯਾਦਵਿੰਦਰ ਕਰਫਿਊ ਨੇ ਏਬੀਪੀ ਸਾਂਝਾ ਚੈਨਲ ਦੇ ਫੇਸਬੁੱਕ ਪੇਜ ‘ਤੇ ਲਾਈਵ ਹੁੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਪ੍ਰਿੰਸੀਪਲ ਸਕੱਤਰ ਵਲੋਂ ਵੀ ਫਿਲਮ ‘ਤੇ ਰੋਕ ਲਾਏ ਜਾਣ ਦੇ ਇਸ ਫੈਂਸਲੇ ਦੀ ਪੁਸ਼ਟੀ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਸਿੱਖ ਸਿਧਾਂਤਾਂ ਦਾ ਘਾਣ ਕਰਦੀ ਇਸ ਫਿਲਮ ਨੂੰ ਪਹਿਲਾਂ 2015 ਵਿਚ ਰਿਲੀਜ਼ ਕੀਤਾ ਜਾਣਾ ਸੀ, ਪਰ ਉਸ ਸਮੇਂ ਵੀ ਸਿੱਖ ਵਿਰੋਧ ਦੇ ਚਲਦਿਆਂ ਇਸ ਫਿਲਮ ਨੂੰ ਵਾਪਿਸ ਲੈ ਲਿਆ ਗਿਆ ਸੀ, ਪਰ ਹੁਣ ਫੇਰ ਫਿਲਮ ਦੇ ਨਿਰਮਾਤਾ ਹਰਿੰਦਰ ਸਿੱਕੇ ਨੇ ਭਾਰਤੀ ਨਿਜ਼ਾਮ ਦੀ ਸ਼ਹਿ ‘ਤੇ ਇਸ ਫਿਲਮ ਨੂੰ 13 ਅਪ੍ਰੈਲ 2018 ਨੂੰ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ।