ਅੰਮ੍ਰਿਤਸਰ (15 ਜੂਨ, 2015): ਅੱਜ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਭੁੱਲਰ ਦੀ ਸਿਹਤ ਦਾ ਹਾਲ ਪੁੱਛਣ ਲਈ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰਨਾਂ ਨੇ ਉਸ ਨਾਲ ਮੁਲਾਕਾਤ ਕੀਤੀ। ਜਥੇਦਾਰ ਨੇ ਸਰਕਾਰ ਕੋਲੋਂ ਉਸਦੀ ਪੱਕੀ ਰਿਹਾਈ ਅਤੇ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਪਰਿਵਾਰ ਵਲੋਂ ਫਿਲਹਾਲ ਅੱਜ ਭੁੱਲਰ ਦੀ ਪੈਰੋਲ ਸਬੰਧੀ ਅਰਜ਼ੀ ਦਾਇਰ ਨਹੀਂ ਕੀਤੀ ਗਈ।

ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਹਸਪਤਾਲ ਵਿਖੇ ਭੁੱਲਰ ਨਾਲ ਮੁਲਾਕਾਤ ਕੀਤੀ ਹੈ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਉਸਦੀ ਸਿਹਤ ਵਿੱਚ ਹਲਕਾ ਸੁਧਾਰ ਹੈ ਅਤੇ ਉਸਦੀ ਸਾਂਭ ਸੰਭਾਲ ਠੀਕ ਢੰਗ ਨਾਲ ਹੋ ਰਹੀ ਹੈ।
ਉਨ੍ਹਾਂ ਨੇ ਪ੍ਰਮਾਤਮਾ ਅੱਗੇ ਉਸਦੀ ਸਿਹਤਯਾਬੀ ਵਾਸਤੇ ਵੀ ਅਰਦਾਸ ਕੀਤੀ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਭੁੱਲਰ ਦੀ ਪੱਕੀ ਰਿਹਾਈ ਲਈ ਚਾਰਾਜੋਈ ਕੀਤੀ ਜਾਵੇ ਤਾਂ ਜੋ ਉਹ ਆਪਣੇ ਪਰਿਵਾਰ ਵਿੱਚ ਵਾਪਿਸ ਪਰਤ ਸਕਣ ਅਤੇ ਜਲਦੀ ਹੀ ਸਿਹਤਯਾਬ ਹੋ ਸਕਣ। ਇਸੇ ਤਰ੍ਹਾਂ ਉਨ੍ਹਾਂ ਨੇ ਹੋਰਨਾਂ ਸਿੱਖ ਬੰਦੀਆਂ ਦੀ ਵੀ ਰਿਹਾਈ ਦੀ ਮੰਗ ਕਰਦਿਆਂ ਆਖਿਆ ਕਿ ਪੰਜਾਬ ਤੋਂ ਬਾਹਰਲੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਪੰਜਾਬ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਵੀ ਪੈਰੋਲ ਦਾ ਫਾਇਦਾ ਮਿਲ ਸਕੇ।
ਭਾਜਪਾ ਆਗੂ ਬੀਬੀ ਲਕਸ਼ਮੀ ਕਾਂਤਾ ਚਾਵਲਾ ਸਮੇਤ ਹੋਰਨਾਂ ਵੱਲੋਂ ਉਸਨੂੰ ਪੰਜਾਬ ਵਿੱਚ ਤਬਦੀਲ ਕੀਤੇ ਜਾਣ ਦੇ ਕੀਤੇ ਜਾ ਰਹੇ ਵਿਰੋਧ ਸਬੰਧੀ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਇਸ ਮੁੱਦੇ ’ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਸ ਦੌਰਾਨ ਉਨ੍ਹਾਂ ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਨਾਲ ਵੀ ਹਸਪਤਾਲ ਵਿੱਚ ਹੀ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮੁਲਾਕਾਤ ਵਾਸਤੇ ਕੁਝ ਸਮਾਂ ਉਡੀਕ ਵੀ ਕਰਨੀ ਪਈ। ਜੇਲ ਸੁਪਰਡੈਂਟ ਵੱਲੋਂ ਆਗਿਆ ਮਿਲਣ ੳੁੱਤੇ ਹੀ ਉਨ੍ਹਾਂ ਨੂੰ ਭੁੱਲਰ ਨਾਲ ਮੁਲਾਕਾਤ ਵਾਸਤੇ ਜਾਣ ਦਿੱਤਾ ਗਿਆ।
ਮੌਕੇ ’ਤੇ ਹਾਜ਼ਰ ਭੁੱਲਰ ਦੀ ਪਤਨੀ ਨਵਨੀਤ ਕੌਰ ਨੇ ਆਖਿਆ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪਰਿਵਾਰ ਨੂੰ ਹੌਂਸਲਾ ਦਿੱਤਾ ਹੈ। ਪਤੀ ਦੀ ਪੱਕੀ ਰਿਹਾਈ ਦੀ ਮੰਗ ਕਰਦਿਆਂ ਉਸਨੇ ਆਖਿਆ ਕਿ ਜੇਲ੍ਹ ਵਿੱਚ 21 ਸਾਲ ਤੋਂ ਵਧੇਰੇ ਸਮਾਂ ਬੀਤ ਚੁੱਕਾ ਹੈ। ਇਸ ਵੇਲੇ ਉਸਦਾ ਪਤੀ ਮਾਨਸਿਕ ਰੋਗੀ ਹੈ ਅਤੇ ਮਨੁੱਖੀ ਹਮਦਰਦੀ ਵਜੋਂ ਉਸਨੂੰ ਪੱਕੇ ਤੌਰ ‘ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਇਸ ਦੌਰਾਨ ਜੇਲ੍ਹ ਸੁਪਰਡੈਂਟ ਆਰਕੇ ਸ਼ਰਮਾ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੇ ਜਾਣ ਦਾ ਦੋਸ਼ ਲਾਉਣ ਵਾਲਿਆਂ ਨੂੰ ਆਖਿਆ ਕਿ ਹੁਣ ਤਕ ਜੇਲ੍ਹ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪਰਿਵਾਰ ਵੱਲੋਂ ਉਸਦੀ ਪੈਰੋਲ ਸਬੰਧੀ ਅਰਜ਼ੀ ਦਾਇਰ ਨਹੀਂ ਕੀਤੀ ਗਈ।