ਅੰਮ੍ਰਿਤਸਰ (31 ਦਸੰਬਰ, 2015): ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਤਖਤ ਸਾਹਿਬਾਨ ਦੇ ਜੱਥੇਦਾਰਾਂ ਦੀ ਸੇਵਾਮੁਕਤੀ ਦੇ ਮਾਮਲੇ ਵਿੱਚ ਚੱਲ ਰਹੇ ਤਨਾਅ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਅੰਤਰਿਗ ਕਮੇਟੀ ਦੇ ਮੈਬਰਾਂ ਨੂੰ ਚਿੱਠੀਆਂ ਲਿਖ ਕੇ ਪੰਜਾਂ ਪਿਆਰਿਆਂ ਖਿਲਾਫ ਕਿਸੇ ਤਰਾਂ ਦੀ ਗੈਰ ਸਿਧਾਂਤਕ ਕਾਰਵਈ ਨਾ ਕਰਨ ਦੀ ਅਪੀਲ ਕੀਤੀ ਹੈ।

ਪੰਜ ਪਿਆਰਿਆਂ ਦੇ ਹੱਕ ਵਿਚ ਅੱਜ ਸ਼੍ਰੋਮਣੀ ਕਮੇਟੀ ਦੀ ਮੈਂਬਰ ਕਿਰਨਜੋਤ ਕੌਰ ਸਮੇਤ ਕਈ ਹੋਰ ਸਿੱਖ ਜਥੇਬੰਦੀਆਂ ਵੀ ਨਿੱਤਰ ਆਈਆਂ ਹਨ। ਸ਼੍ਰੋਮਣੀ ਕਮੇਟੀ ਦੀ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੇ ਨਾਂ ਖੁੱਲਾ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਆਖਿਆ ਕਿ ਪੰਜ ਪਿਆਰਿਆਂ ਨੇ ਆਪਣੀ ਮਿੱਥੀ ਡਿਊਟੀ ਤੋਂ ਉਪਰ ਉਠ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਤਖ਼ਤਾਂ ਦੇ ਜਥੇਦਾਰਾਂ ਦੀ ਜੁਆਬ ਤਲਬੀ ਕੀਤੀ ਹੈ ਅਤੇ ਸ਼੍ਰੋਮਣੀ ਕਮੇਟੀ ਨੂੰ ਜਥੇਦਾਰਾਂ ਖਿਲਾਫ ਕਾਰਵਾਈ ਕਰਨ ਲਈ ਆਖਿਆ ਹੈ।
ਉਨ੍ਹਾਂ ਆਖਿਆ ਕਿ ਤਖ਼ਤਾਂ ਦੇ ਜਥੇਦਾਰਾਂ ਵਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ ਕਰਨ ਦੇ ਫੈਸਲੇ ਦਾ ਭਾਰੀ ਵਿਰੋਧ ਹੋਇਆ ਹੈ, ਜਿਸ ਕਾਰਨ ਜੱਥੇਦਾਰਾਂ ਨੂੰ ਇਹ ਫੈਸਲਾ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਪਾਸੇ ਸ਼੍ਰੋਮਣੀ ਕਮੇਟੀ ਨੇ ਜਥੇਦਾਰਾਂ ਦੇ ਫੈਸਲੇ ਦਾ ਸਮਰਥਨ ਕਰਦਿਆਂ ਇਸ ਸਬੰਧੀ 91 ਲਖ ਰੁਪਏ ਦੇ ਅਖਬਾਰਾਂ ਵਿਚ ਇਸ਼ਤਿਹਾਰ ਦਿੱਤੇ ਹਨ ਪਰ ਮਗਰੋਂ ਇਹ ਫੈਸਲਾ ਵਾਪਸ ਹੋ ਗਿਆ। ਉਨ੍ਹਾਂ ਆਖਿਆ ਕਿ ਗੁਰੂ ਦੀ ਗੋਲਕ ਦੇ ਬਰਬਾਦ ਕੀਤੇ ਪੈਸੇ ਲਈ ਜ਼ਿੰਮੇਵਾਰ ਕੌਣ ਹੈ? ਜਥੇਦਾਰਾਂ ਨੂੰ ਆਪਣੇ ਅਹੁਦੇ ਤੇ ਬਣੇ ਰਹਿਣ ਦਾ ਕੋਈ ਇਖਲਾਕੀ ਹੱਕ ਵੀ ਨਹੀਂ ਹੈ।
ਇਸ ਦੌਰਾਨ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਪੰਜ ਪਿਆਰਿਆਂ ਵੱਲੋਂ ਜਾਰੀ ਆਦੇਸ਼ਾਂ ਉਪਰ ਅਮਲ ਕਰਕੇ ਸ਼੍ਰੋਮਣੀ ਕਮੇਟੀ ਸਹੀ ਦਿਸ਼ਾ ਨੂੰ ਅਖ਼ਤਿਆਰ ਕਰੇ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਵੀ ਪੰਜ ਪਿਆਰਿਆਂ ਖਿਲਾਫ ਕਾਰਵਾਈ ਕਰਨ ਤੋਂ ਅੰਤ੍ਰਿੰਗ ਕਮੇਟੀ ਨੂੰ ਸੁਚੇਤ ਕੀਤਾ ਹੈ।