ਜਲੰਧਰ: ਪੰਥਕ ਤਾਲਮੇਲ ਸੰਗਠਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਅਤੇ ਤਖ਼ਤਾਂ ਨੂੰ ਬਾਦਲਾਂ ਦੀ ਅਜ਼ਾਏਦਾਰੀ ਤੋਂ ਮੁਕਤ ਕਰਵਾਉਣ ਦਾ ਸੱਦਾ ਦਿੱਤਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ, ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਪਰਮਿੰਦਰ ਸਿੰਘ ਖ਼ਾਲਸਾ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰਭਸ਼ਰਨ ਸਿੰਘ ਤੇ ਪ੍ਰੋ. ਬਲਵਿੰਦਰ ਸਿੰਘ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਜਿਸ ਤੇਜ਼ੀ ਨਾਲ ਸਿਆਸੀਕਰਨ ਕੀਤਾ ਗਿਆ ਹੈ ਅਤੇ ਸਿੱਖ ਕੌਮ ਦੇ ਸਿਰਮੌਰ ਤਖ਼ਤਾਂ ਦੇ ਵੱਕਾਰ ਨੂੰ ਜਿਸ ਤਰ੍ਹਾਂ ਨਾਲ ਢਾਹ ਲਾਈ ਗਈ ਹੈ, ਉਸ ਨਾਲ ਪੰਥ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਸਿਆਸੀ ਧਿਰਾਂ ਨੂੰ ਦੂਰ ਰੱਖ ਕੇ ਅਤੇ ਧਾਰਮਿਕ ਬਿਰਤੀ ਵਾਲੇ ਉਚੇ-ਸੁੱਚੇ ਕਿਰਦਾਰਾਂ ਵਾਲੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਾਈ ਜਾਵੇਗੀ ਅਤੇ ਹਮਖਿਆਲੀ ਪੰਥਕ ਧਿਰਾਂ ਨਾਲ ਤਾਲਮੇਲ ਕਰਕੇ ਹੀ ਉਮੀਦਵਾਰ ਖੜ੍ਹੇ ਕੀਤੇ ਜਾਣਗੇ।

ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਤਖ਼ਤਾਂ ਨੇ ਹੀ ਸਿੱਖ ਕੌਮ ਦੀ ਅਗਵਾਈ ਕਰਨੀ ਹੁੰਦੀ ਹੈ ਅਤੇ ਸੇਧ ਦੇਣੀ ਹੁੰਦੀ ਹੈ ਪਰ ਅੱਜ ਤਖ਼ਤਾਂ ਨੂੰ ਕਾਬਜ਼ ਧੜਿਆਂ ਨੇ ਗੈਰ ਪ੍ਰਸੰਗਿਕ ਬਣਾ ਕੇ ਰੱਖ ਦਿੱਤਾ ਹੈ, ਜੋ ਸਿੱਖ ਕੌਮ ਲਈ ਘਾਤਕ ਸਿੱਧ ਹੋ ਰਿਹਾ ਹੈ। ਸਿੱਖ ਆਗੂਆਂ ਨੇ ਸਮੁੱਚੇ ਵਿਸ਼ਵ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਲਈ ਪੰਥਕ ਤਾਲਮੇਲ ਸੰਗਠਨ ਵੱਲੋਂ ਚੋਣਾਂ ਲਈ ਖੜ੍ਹੇ ਕੀਤੇ ਜਾਣ ਵਾਲੇ ਉਮੀਦਵਾਰਾਂ ਦਾ ਸਾਥ ਦੇਣ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੰਜੀਦਗੀ ਨਾਲ ਲੜਨ ਲਈ 100 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦੋ ਮਹੀਨਿਆਂ ਵਿੱਚ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕਰ ਦਿੱਤੇ ਜਾਣਗੇ।
ਇਨ੍ਹਾਂ ਆਗੂਆਂ ਨੇ ਇਹ ਵੀ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ’ਤੇ ਪੰਥਕ ਤਾਲਮੇਲ ਸੰਗਠਨ ਨਜ਼ਰ ਰੱਖੇਗਾ ਅਤੇ ਚੰਗੇ ਕਿਰਦਾਰ ਵਾਲੇ ਉਮੀਦਵਾਰਾਂ ਦੀ ਨਿਸ਼ਾਨਦੇਹੀ ਕਰੇਗਾ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਦੌਰਾਨ ਪ੍ਰਦਰਸ਼ਨ ਕਰਨ ਵਾਲੇ ਜਿਹੜੇ ਸਿੱਖ ਨੌਜਵਾਨਾਂ ਨੂੰ ਪੁਲੀਸ ਨੇ ਝੂਠੇ ਕੇਸਾਂ ਵਿੱਚ ਫਸਾਇਆ ਹੈ ਉਨ੍ਹਾਂ ਦੀ ਮੱਦਦ ਨਾ ਤਾਂ ਸ਼੍ਰੋਮਣੀ ਕਮੇਟੀ ਨੇ ਕੀਤੀ ਹੈ ਅਤੇ ਨਾ ਹੀ ਤਖ਼ਤਾਂ ਦੇ ਜਥੇਦਾਰਾਂ ਨੇ ਕੋਈ ਕਾਰਵਾਈ ਕੀਤੀ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਭਾਈ ਢੱਡਰੀਆਂਵਾਲੇ ’ਤੇ ਹੋਏ ਹਮਲੇ ਦੌਰਾਨ ਜਿਹੜੀ ਧਿਰ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ, ਉਸ ਬਾਰੇ ਜਾਂਚ ਵੀ ਅੱਗੇ ਨਹੀਂ ਚੱਲ ਰਹੀ ਅਤੇ ਅਸਲ ਸਾਜ਼ਿਸ਼ ਨੂੰ ਬਾਹਰ ਨਹੀਂ ਲਿਆਂਦਾ ਜਾ ਰਿਹਾ। ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਹਰਬੰਸ ਸਿੰਘ ਕਾਲਰਾ, ਸ਼ੁਭਕਰਮਨ ਸੇਵਾ ਸੁਸਾਇਟੀ ਦੇ ਰਛਪਾਲ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।