ਚੰਡੀਗੜ੍ਹ,: ਬੀਤੇ ਸਾਲ 14 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ‘ਤੇ ਬਹਿਬਲ ਕਲਾਂ ਵਿਖੇ ਗੋਲੀ ਚਲਾਉਣ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਸਜਾਵਾਂ ਨਾ ਦੇਣ ‘ਤੇ ਦਲ ਖ਼ਾਲਸਾ ਨੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਅੱਜ ਬਹਿਬਲ ਖੁਰਦ ਵਿਖੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਅਤੇ ਸ਼ਹੀਦ ਭਾਈ ਕ੍ਰਿਸ਼ਨਭਗਵਾਨ ਸਿੰਘ ਨਿਆਮੀਵਾਲਾ ਦੇ ਸ਼ਹੀਦੀ ਦਿਹਾੜੇ ‘ਤੇ ਬੋਲਦਿਆਂ ਦਲ ਖ਼ਾਲਸਾ ਪ੍ਰਧਾਨ ਭਾਈ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਪਨਾਹ ਦੇਣ ਦਾ ਦੋਸ਼ ਲਾਇਆ।

ਉਨ੍ਹਾਂ ਕਿਹਾ ਕਿ ਪੁਲਿਸ ਦੇ ਦਬਾਅ ਹੇਠ ਸੂਬੇ ਦੇ ਗ੍ਰਹਿ ਮੰਤਰੀ ਮਨੁੱਖੀ ਅਧਿਕਾਰ ਕਾਰਕੁੰਨਾਂ ਅਤੇ ਇਨਸਾਫ ਪਸੰਦ ਲੋਕਾਂ ਦੀਆਂ ਬੇਨਤੀਆਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਤੇ ਸਰਕਾਰੀ ਦੀ ਅੰਨੀ ਤਾਕਤ ਨਾਲ ਇਨਸਾਫ ਮੰਗਦੇ ਲੋਕਾਂ ਦੀ ਅਵਾਜ਼ ਦਬਾਉਣਾ ਚਾਹੁੰਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਬਾਦਲਾਂ ਕੋਲੋਂ ਪੰਜਾਬ ਅਤੇ ਪੰਥ ਦੀ ਰਾਜਨੀਤਿਕ ਅਗਵਾਈ ਖੋਹਣ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਹਰ ਪੱਧਰ ‘ਤੇ ਸਿੱਖੀ ਦਾ ਨੁਕਸਾਨ ਕੀਤਾ ਹੈ।
ਜਿਕਰਯੋਗ ਹੈ ਕਿ ਹਰਪਾਲ ਸਿੰਘ ਚੀਮਾ ਨੇ ਬਹਿਬਲ ਕਲਾਂ ਵਿਚ ਪੰਜਾਬ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਦਾ ਸੱਚ ਲੋਕਾਂ ਸਾਹਮਣੇ ਲਿਆਉਣ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਮੁੱਖ ਜੱਜ ਮਾਰਕੰਡੇ ਕਾਟਜੂ ਦੀ ਅਗਵਾਈ ਵਾਲਾ ਇਕ ਮੈਂਬਰੀ ਕਮਿਸ਼ਨ ਬਣਾਉਣ ਵਿਚ ਅਹਿਮ ਰੋਲ ਨਿਭਾਇਆ ਸੀ। ਉਨ੍ਹਾਂ ਕਿਹਾ ਕਿ ਇਕ ਸਾਲ ਬੀਤ ਚੁਕਿਆ ਹੈ ਪਰ ਹੁਣ ਤਕ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆ।
ਸੂਬਾ ਸਰਕਾਰ ‘ਤੇ ਟਿਪਣੀ ਕਸਦਿਆਂ ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੀਆਂ ਗਲਤੀਆਂ ਲੁਕਾਉਣ ਲਈ ਜਸਟਿਸ ਜੋਰਾ ਸਿੰਘ ਕਮਿਸ਼ਨ ਬਣਾਇਆ ਸੀ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰੀ ਤੇ ਗੈਰ-ਸਰਕਾਰੀ ਕਮਿਸ਼ਨਾਂ ਨੇ ਦੋਵੇਂ ਮੌਤਾਂ ਲਈ ਉਸ ਵੇਲੇ ਦੇ ਐਸ.ਐਸ.ਪੀ ਮੋਗਾ ਅਤੇ ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਦੀ ਅਗਵਾਈ ਕਰ ਰਹੇ ਨੂੰ ਦੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸੱਚ ਸਾਹਮਣੇ ਆਉਣ ਤੋਂ ਬਾਅਦ ਵੀ ਸਰਕਾਰ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕਰ ਰਹੀ।
ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਸਤਨਾਮ ਸਿੰਘ ਖੰਡਾ, ਕੈਪਟਨ ਹਰਚਰਨ ਸਿੰਘ ਰੋਡੇ ਨੇ ਵੀ ਸੰਬੋਧਨ ਕੀਤਾ।