ਚੰਡੀਗੜ੍ਹ: ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੰਗ ਕੀਤੀ ਹੈ ਕਿ ਉਹ ਸਪਸ਼ਟ ਕਰਨ ਕਿ ਕੈਨੇਡਾ ਸਰਕਾਰ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਕਤਲੇਆਮ ਕਰਾਰ ਦੇਣ ਵਾਲੇ ਮਤੇ ’ਤੇ ਕੇਂਦਰ ਸਰਕਾਰ ਨੇ ਵਿਰੋਧ ਦਰਜ ਕਰਾਉਣ ਤੋਂ ਪਹਿਲਾਂ ਕੀ ਉਨ੍ਹਾਂ ਨਾਲ ਸਲਾਹ ਕੀਤੀ ਸੀ।

ਫੂਲਕਾ ਨੇ ਕਿਹਾ ਕਿ ਬਾਦਲ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਕੇਂਦਰ ਵਿੱਚ ਮੰਤਰੀ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲੋਕਾਂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਨੇ ਓਂਟਾਰੀਓ ਵਿਧਾਨ ਸਭਾ ਵੱਲੋਂ 1984 ਕਤਲੇਆਮ ਬਾਰੇ ਪਾਸ ਮਤੇ ਨੂੰ ਰੱਦ ਕਰਨ ਤੋਂ ਪਹਿਲਾਂ ਉਨ੍ਹਾਂ ਤੋਂ ਸਲਾਹ ਲਈ ਸੀ।
ਸਬੰਧਤ ਖ਼ਬਰ:
ਉਂਟਾਰੀਓ ਸਟੇਟ (ਕੈਨੇਡਾ) ਦੀ ਪਾਰਲੀਮੈਂਟ ਵਲੋਂ 1984 ਨੂੰ ਸਿੱਖ ਨਸਲਕੁਸ਼ੀ ਮੰਨਦਿਆਂ ਨਿਖੇਧੀ ਮਤਾ ਪਾਸ …
ਆਮ ਆਦਮੀ ਪਾਰਟੀ ਦੇ ਆਗੂ ਫੂਲਕਾ ਨੇ ਇਸ ਸਬੰਧੀ ਕਿਹਾ ਕਿ ਜੇ ਬਾਦਲ ਦਲ ਦੀ ਲੀਡਰਸ਼ਿਪ ਓਂਟਾਰੀਓ ਅਸੈਂਬਲੀ ਵੱਲੋਂ ਪਾਸ ਮਤੇ ਤੋਂ ਸਹਿਮਤ ਸੀ ਤਾਂ ਉਸ ਨੂੰ ਤੁਰਤ ਕੋਰ ਕਮੇਟੀ ਦੀ ਮੀਟਿੰਗ ਬੁਲਾਉਣੀ ਚਾਹੀਦੀ ਸੀ ਅਤੇ ਇਸ ਦੇ ਹੱਕ ਵਿੱਚ ਮਤਾ ਪਾਸ ਕਰਨਾ ਚਾਹੀਦਾ ਸੀ ਤੇ 1984 ਸਿੱਖ ਕਤਲੇਆਮ ਨੂੰ ਨਸਲਕੁਸ਼ੀ ਐਲਾਨਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਬਾਦਲ ਦਲ ਨੂੰ ਕੇਂਦਰ ਦੇ ਇਸ ਮਤੇ ਸਬੰਧੀ ਲਏ ਸਟੈਂਡ ਖ਼ਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵਿਰੋਧ ਦਰਜ ਕਰਾਉਣਾ ਚਾਹੀਦਾ ਸੀ। ਫੂਲਕਾ ਨੇ ਕਿਹਾ ਕਿ ਉਹ ਅਕਾਲੀ ਦਲ ਬਾਦਲ ਨੂੰ ਸੂਬੇ ਨਾਲ ਸਬੰਧਤ ਮੁੱਦਿਆਂ ’ਤੇ ਦੋਹਰੀ ਰਾਜਨੀਤੀ ਨਹੀਂ ਕਰਨ ਦੇਣਗੇ, ਜਿਸ ਕਾਰਨ ਸੂਬੇ ਨੂੰ ਦਹਾਕਿਆਂ ਤੋਂ ਬਹੁਤ ਨੁਕਸਾਨ ਹੋਇਆ ਹੈ।
ਸਬੰਧਤ ਖ਼ਬਰ:
ਓਂਟਾਰੀਓ ‘ਚ 1984 ਸਿੱਖ ਨਸਲਕੁਸ਼ੀ ਸਬੰਧੀ ਮਤੇ ਦੀ ਭਾਰਤ ਵਲੋਂ ਵਿਰੋਧਤਾ ਮੰਦਭਾਗੀ: ਸ਼੍ਰੋਮਣੀ ਕਮੇਟੀ …