ਤਰਨ-ਤਾਰਨ (4 ਦਸੰਬਰ, 2014): ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪੰਥ ਦੋਖੀਆਂ ਵੱਲੋਂ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗ ਨ ਭੇਟ ਹੋਣ ਕਰਕੇ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਜਿਹੀ ਘਿਨਾਉਣੀ ਹਰਕਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਨੂੰ ਚਾਹੀਦਾ ਹੈ ਕਿ ਦੋਸ਼ੀਆਂ ਖਿਲਾਫ ਕਤਲ ਦੀਆਂ ਧਾਰਾਵਾਂ ਹੇਠ ਪਰਚਾ ਦਰਜ ਕਰੇ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜੀਵਤ ਗੁਰੂ ਦਾ ਦਰਜਾ ਪ੍ਰਾਪਤ ਹੈ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਲੋਕਾਈ ਦੇ ਰਹਿਬਰ ਹਨ, ਪਰ ਕੁਝ ਪੰਥ ਦੋਖੀ ਸ਼ਕਤੀਆਂ ਇਸ ‘ਤੇ ਹਮਲੇ ਕਰਕੇ ਸਿੱਖਾਂ ਦੇ ਜਜ਼ਬਾਤਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜੋ ਬਰਦਾਸ਼ਤ ਕਰਨ ਯੋਗ ਨਹੀਂ।
ਉਨ੍ਹਾਂ ਕਿਹਾ ਕਿ ਪਿੰਡ ਜੋਧਪੁਰ ਦੇ ਗੁਰੂ-ਘਰ ‘ਚ ਜਿਸ ਤਰਾਂ ਪਾਵਨ ਸਰੂਪ ਤੇ ਹੋਰ ਪੋਥੀਆਂ ਨੂੰ ਅਗਨ ਭੇਟ ਕੀਤਾ ਗਿਆ ਹੈ, ਇਹ ਬਹੁਤ ਹੀ ਘਿਨਾਉਣੀ ਤੇ ਮੰਦਭਾਗੀ ਘਟਨਾ ਹੈ।ਉਨਾਂ ਕਿਹਾ ਕਿ ਇਸ ਘਟਨਾ ਲਈ ਜਿੰਮੇਵਾਰ ਚਾਹੇ ਨੂਰਮਹਿਲੀਏ ਹੋਣ ਜਾਂ ਕੋਈ ਹੋਰ ਹੋਵੇ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਏਗੀ।
ਉਨ੍ਹਾਂ ਕਿਹਾ ਕਿ ਸਮੁੱਚੇ ਪੰਥ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣਾ ਚਾਹੀਦਾ ਹੈ ਤੇ ਇਨ੍ਹਾਂ ਹਮਲਿਆਂ ਦਾ ਮੁਕਾਬਲਾ ਸਬਰ ਨਾਲ ਕਰਨਾ ਚਾਹੀਦਾ ਹੈ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਗੁਰਬਚਨ ਸਿੰਘ ਕਰਮੂਵਾਲ ਅੰਤ੍ਰਿੰਗ ਮੈਂਬਰ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ ਪ੍ਰਧਾਨ ਸਾਹਿਬ, ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਭਾਈ ਧਿਆਨ ਸਿੰਘ ਮੰਡ ਸਾਬਕਾ ਐਮ. ਪੀ, ਭਾਈ ਅਮਰੀਕ ਸਿੰਘ ਅਜਨਾਲਾ (ਟਕਸਾਲ), ਸ. ਕੰਵਰਪਾਲ ਸਿੰਘ ਦਲ ਖਾਲਸਾ ਤੇ ਹੋਰ ਬਹੁਤ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸਨ।