ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਬਰਗਾੜੀ ਵਿਖੇ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਚੱਲ ਰਹੇ ਮੋਰਚੇ ਨੂੰ ਰਾਜਨੀਤਕ ਸਟੰਟ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਭਾਈ ਧਿਆਨ ਸਿੰਘ ਮੰਡ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵਲੋਂ ਚਲਾਈ ਗੋਲੀ ਵਿਚ ਸ਼ਹੀਦ ਹੋਏ ਦੋ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਵਾਉਣ ਲਈ ਬਰਗਾੜੀ ਵਿਖੇ ਮੋਰਚਾ ਲਾਇਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ, “ਇਹ ਸਭ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ਦੇ ਇਸ਼ਾਰੇ ‘ਤੇ ਮਸਲੇ ਨੂੰ ਰਾਜਨੀਤਕ ਰੰਗਤ ਦੇਣ ਲਈ ਕੀਤਾ ਜਾ ਰਿਹਾ ਹੈ।”
ਇੱਥੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਸ਼੍ਰੋਮਣੀ ਅਕਾਲ ਦਲ (ਬਾਦਲ) ਦੇ ਹੋਰ ਆਗੂਆਂ ਦੀ ਮੋਜੂਦਗੀ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵੀ ਬੇਸਬਰੀ ਨਾਲ ਇਸ ਕੇਸ ਦੇ ਜਾਂਚ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਉਹਨਾਂ ਇਹ ਬਿਆਨ ਬਠਿੰਡਾ ਵਿਚ ਆਪਣੇ ਦੌਰੇ ਦੌਰਾਨ ਦਿੱਤਾ ਜਿੱਥੇ ਉਹ ਸ਼੍ਰੋਮਣੀ ਕਮੇਟੀ ਦੀ ਜ਼ਮੀਨ ਦੇ ਇਕ ਮਾਮਲੇ ਨੂੰ ਬਠਿੰਡਾ ਪ੍ਰਸ਼ਾਸਨ ਕੋਲ ਚੁੱਕਣ ਲਈ ਪਹੁੰਚੇ ਹੋਏ ਸਨ। ਉਹਨਾਂ ਦੋਸ਼ ਲਾਇਆ ਕਿ ਕੁਝ ਲੋਕ ਪਿੰਡ ਭਾਈ ਰੂਪਾ ਵਿਚ ਸ਼੍ਰੋਮਣੀ ਕਮੇਟੀ ਦੀ 160 ਏਕੜ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।