ਅੰਮ੍ਰਿਤਸਰ (3 ਜੁਲਾਈ, 2015): ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਰਿਹਾਅ ਨਾ ਕੀਤੇ ਜਾ ਰਹੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਪਿੰਡ ਹਸਨਪੁਰ ਵਿੱਚ 6 ਜੁਲਾਈ ਨੂੰ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਸਿੱਖ ਬੰਦੀਆਂ ਦੀ ਰਿਹਾਈ ਲਈ ਭੁੱਖ ਹੜਤਾਲ ਰੱਖਣ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਹਾਲਤ ਲੰਮੀ ਭੁੱਖ ਹੜਤਾਲ ਕਰਕੇ ਗੰਭੀਰ ਬਣੀ ਹੋਈ ਹੈ।ਭਾਂਵੇ ਸਰੀਰਕ ਤੌਰ ‘ਤੇ ਭਾਂਵੇਂ ਉਹ ਕਾਫੀ ਕਮਜ਼ੋਰ ਹੋ ਚੁੱਕੇ ਹਨ ਪਰ ਮਾਨਸਿਕ ਪੱਧਰ ‘ਤੇ ਪੂਰੀ ਤਰਾਂ ਚੜਦੀ ਕਲਾ ਵਿੱਚ ਹਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਭੁੱਖ ਹੜਤਾਲ ਦੇ ਰੂਪ ਵਿੱਚ ਜੂਝਣ ਲਈ ਦ੍ਰਿੜ ਹਨ।
ਸੰਘਰਸ਼ ਕਮੇਟੀ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ ਨੇ ਦੱਸਿਆ ਕਿ ਇਹ ਪੰਥਕ ਕਨਵੈਨਸ਼ਨ 6 ਜੁਲਾਈ ਨੂੰ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਪਿੰਡ ਹਸਨਪੁਰ ਵਿੱਚ ਰੱਖੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਪੱਧਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਦੇ ਕਾਰਕੁਨ ਅਤੇ ਹੋਰ ਨਿਆਂ ਪਸੰਦ ਜਥੇਬੰਦੀਆਂ ਦੇ ਕਾਰਕੁਨ ਇਸ ਵਿੱਚ ਸ਼ਾਮਲ ਹੋਣਗੇ।
ਇਸ ਕਨਵੈਨਸ਼ਨ ਵਿੱਚ ਸਜ਼ਾ ਦੀ ਮਿਆਦ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਬਾਰੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਇਹ ਮਾਮਲਾ ਕਿਸੇ ਇੱਕ ਧਰਮ ਦਾ ਨਹੀਂ ਹੈ, ਸਗੋਂ ਮਨੁੱਖੀ ਅਧਿਕਾਰਾਂ ਦਾ ਹੈ। ਜੇਲ੍ਹਾਂ ਵਿੱਚ ਅਜਿਹੇ ਕੈਦੀ ਵੱਡੀ ਗਿਣਤੀ ਵਿੱਚ ਬੰਦ ਹਨ, ਜਿਨ੍ਹਾਂ ਦੀਆਂ ਸਜ਼ਾਵਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।
ਸਿੱਖ ਬੰਦੀਆਂ ਦੀ ਰਿਹਾਈ ਬਾਰੇ ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਹਾਂ ਪੱਖੀ ਹੁੰਗਾਰਾ ਮਿਲਿਆ ਸੀ ਪਰ ਹੁਣ ਸਿੱਖ ਬੰਦੀਆਂ ਦੀ ਰਿਹਾਈ ਦੀ ਪ੍ਰਕਿਰਿਆ ਦੀ ਗਤੀ ਸੁਸਤ ਹੋ ਗਈ ਹੈ। ਹਾਲੇ ਤੱਕ ਸਿਰਫ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਅਤੇ ਕਰਨਾਟਕ ਦੀ ਜੇਲ੍ਹ ਤੋਂ ਗੁਰਦੀਪ ਸਿੰਘ ਖਹਿਰਾ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੈ ਪਰ ਇਨ੍ਹਾਂ ਦੀ ਪੈਰੋਲ ’ਤੇ ਰਿਹਾਈ ਦਾ ਕੰਮ ਸੁਸਤ ਗਤੀ ਵਿੱਚ ਚੱਲ ਰਿਹਾ ਹੈ।
ਉਨ੍ਹਾਂ ਆਖਿਆ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਨੂੰ ਲੈ ਕੇ ਲਗਪਗ ਡੇਢ ਸੌ ਦਿਨ ਭੁੱਖ ਹੜਤਾਲ ਕੀਤੀ ਗਈ ਹੈ। ਉਨ੍ਹਾਂ ਨੂੰ ਦੋ ਵਾਰ ਜਬਰੀ ਹਸਪਤਾਲ ਦਾਖਲ ਕਰਾਇਆ ਗਿਆ ਪਰ ਉਨ੍ਹਾਂ ਆਪਣੇ ਮੰਤਵ ਨੂੰ ਪੂਰਾ ਕਰਨ ਲਈ ਭੁੱਖ ਹੜਤਾਲ ਜਾਰੀ ਰੱਖੀ। ਉਨ੍ਹਾਂ ਆਖਿਆ ਕਿ ਇਸੇ ਮੰਤਵ ਨੂੰ ਲੈ ਕੇ ਪੰਥਕ ਕਨਵੈਨਸ਼ਨ ਕੀਤੀ ਜਾ ਰਹੀ ਹੈ।
ਬਾਪੂ ਸੂਰਤ ਸਿੰਘ ਖ਼ਾਲਸਾ ਦੀ ਸਿਹਤ ਬਾਰੇ ਗੱਲ ਉਨ੍ਹਾਂ ਆਖਿਆ ਕਿ ਉਹ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹਨ ਪਰ ਉਨ੍ਹਾਂ ਦੀ ਹਾਲਤ ਠੀਕ ਨਹੀਂ ਹੈ ਅਤੇ ਚਿੰਤਾਜਨਕ ਬਣੀ ਹੋਈ ਹੈ। ਉਹ ਪਹਿਲਾਂ ਲੁਧਿਆਣਾ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ ਅਤੇ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ।