ਚੰਡੀਗੜ੍ਹ (13 ਜੁਲਾਈ 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਮੁੱਕੱਦਮੇ ਦਾ ਸਾਹਮਣਾ ਕਰ ਰਹੇ ਚੰਡੀਗੜ੍ਹ ਦੀ ਬੁੜੈਲ਼ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਤਾਰਾ ਦਾ ਬੁੜੈਲ ਜੇਲ ਕਾਂਡ ਵਿੱਚ ਰਿਮਾਂਡ ਦੇਣ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੁੜੈਲ ਜੇਲ੍ਹ ਬਰੇਕ ਮਾਮਲੇ ਵਿੱਚ ਭਾਈ ਜਗਤਾਰ ਸਿੰਘ ਤਾਰਾ ਤੋਂ ਪੁੱਛ ਪੜਤਾਲ ਕਰਨ ਲਈ 14 ਦਿਨਾਂ ਪੁਲੀਸ ਰਿਮਾਂਡ ਦੀ ਮੰਗ ਸਬੰਧੀ ਪਾਈ ਗਈ ਪਟੀਸ਼ਨ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ।
ਭਾਈ ਤਾਰਾ ਦੀ ਤਰਫੋਂ ਪੇਸ਼ ਹੋਏ ਸੀਨੀਅਰ ਵਕੀਲ ਹਰਨਾਮ ਸਿਮਘ ਭੁੱਲਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਭਾਈ ਤਾਰਾ ਨੂੰ ਜ਼ਮਾਨਤ ਦਿੱਤੀ ਜਾ ਚੁੱਕੀ ਹੈ।ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਾਈ ਤਾਰਾ ਨੂੰ ਹੇਠਲੀ ਅਦਾਲਤ ਵੱਲੋਂ ਦਿੱੇ ਜ਼ਮਾਨਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਤੋਂ ਬਿਨਾਂ ਰਿਮਾਂਡ ਦੀ ਮੰਗ ਕਰਨੀ ਕਾਨੂੰਨ ਦੇ ਘੇਰੇ ਵਿੱਚ ਨਹੀਂ ਆਉਂਦਾ।
ਜੇਲ੍ਹ ਫ਼ਰਾਰੀ ਕੇਸ ਵਿੱਚ ਭਾਈ ਤਾਰਾ ਦੇ ਦੋ ਹੋਰ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਵਿਰੁੱਧ ਚੰਡੀਗੜ੍ਹ ਦੀ ਅਦਾਲਤ ਵਿੱਚ ਵੱਖਰਾ ਕੇਸ ਚੱਲ ਰਿਹਾ ਹੈ। ਬੇਅੰਤ ਕਤਲ ਕੇਸ ਵਿੱਚ ਭਾਈ ਹਵਾਰਾ ਅਤੇ ਭਾਈ ਭਿਓਰਾ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਜਾ ਚੁੱਕੀ ਹੈ।
ਇਸ ਲਈਹਾਈਕੋਰਟ ਦੇ ਜਸਟਿਸ ਪਰਮਜੀਤ ਸਿੰਘ ਨੇ ਇਹ ਆਦੇਸ਼ ਅਦਾਲਤ ਨੂੰ ਇਹ ਦੱਸੇ ਜਾਣ ਤੋਂ ਬਾਅਦ ਦਿੱਤੇ ਕਿ ਭਾਈ ਤਾਰਾ ਨੂੰ ਇਸ ਕੇਸ ਵਿੱਚ ਪਹਿਲਾਂ ਹੀ ਜ਼ਮਾਨਤ ਦਿੱਤੀ ਜਾ ਚੁੱਕੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੇਸ਼ ਹੁੰਦਿਆਂ ਸੀਨੀਅਰ ਐਡਵੋਕੇਟ ਰਣਦੀਪ ਸਿੰਘ ਰਾਏ ਅਤੇ ਗੌਤਮ ਦੱਤ ਨੇ ਪਹਿਲਾਂ ਕਿਹਾ ਸੀ ਕਿ ਯੂ.ਟੀ. ਪ੍ਰਸ਼ਾਸਨ ਨੂੰ ਭਾਈ ਤਾਰਾ ਦੀ ਬੁੜੈਲ ਜੇਲ੍ਹ ਵਿੱਚੋਂ ਭੱਜਣ ਮਗਰੋਂ ਅਤੇ ਥਾਈਲੈਂਡ ਤੋਂ ਹੋਈ ਉਹਨਾਂ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਦੇ ਸਮੇਂ ਦੌਰਾਨ ਉਹਨਾਂ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ਸਬੰਧੀ ਪੁੱਛ ਪੜਤਾਲ ਲਈ ਲੋੜ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਚੰਡੀਗੜ੍ਹ ‘ਚ ਪੰਜਾਬ ਸਿਵਲ ਸਕੱਤਰੇਤ ਦੇ ਸਾਹਮਣੇ ਮਨੁੱਖੀ ਬੰਬ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ ।
a
ਇਸ ਸਬੰਧ ਵਿਚ ਪੁਲਿਸ ਜਗਤਾਰ ਸਿੰਘ ਤਾਰਾ, ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭਿਓਰਾ, ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ 13 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਅਤੇ ਇਨ੍ਹਾਂ ਵਿਚ ਤਾਰਾ ਸਮੇਤ 9 ਲੋਕਾਂ ਦੀ ਗਿ੍ਫਤਾਰੀ ਹੋਈ ਸੀ ।