ਜਦੋਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪਿਛਲੇ ਮਹੀਨੇ ਪੀਲੀਭੀਤ ਵਿੱਚ ਸਾਲ 1991 ’ਚ 10 ਸਿੱਖ ਯਾਤਰੀਆਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦੇ 47 ਦੋਸ਼ੀ ਪੁਲੀਸ ਵਾਲਿਆਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸ਼ਜਾ ਸੁਣਾਈ ਤਾਂ ਉਸੇ ਤਰ੍ਹਾਂ ਦੀ ਇੱਕ ਹੋਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਘਟਨਾ ਵੱਲ ਧਿਆਨ ਗਿਆ, ਜਿਸ ਬਾਰੇ ਲੰਬੇ ਸਮੇਂ ਤੋਂ ਬਹੁਤੀ ਚਰਚਾ ਨਹੀਂ ਹੋਈ ਤੇ ਉਸ ਨੂੰ ਭੁਲਾ ਵੀ ਦਿੱਤਾ ਗਿਆ। ਸਾਲ 1994 ਵਿੱਚ ਪੀਲੀਭੀਤ ਜ਼ਿਲ੍ਹਾ ਜੇਲ੍ਹ ਵਿੱਚ 8-9 ਨਵੰਬਰ ਦੀ ਰਾਤ ਨੂੰ ਵੱਡੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ, ਪਰ ਇਸ ਦੀ ਜਾਂਚ ਕਿਸੇ ਕੰਢੇ ਨਾ ਲੱਗੀ।