ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਉ ਨਾ ਦੇਣ ਕਾਰਣ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੇ ਗੁੱਸੇ ਦਾ ਸ਼ਿਕਾਰ ਹੋਏ ਭਾਈ ਬਲਬੀਰ ਸਿੰਘ ਅਰਦਾਸੀਆ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੱਲ੍ਹ 12 ਦਸੰਬਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਭਾਈ ਬਲਬੀਰ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ 'ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਤਬਦੀਲੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਹਾਲਾਤਾਂ ਮੁਤਾਬਿਕ ਪ੍ਰਬੰਧਕਾਂ ਵੱਲੋਂ ਕੀਤੇ ਫੈਸਲੇ 'ਤੇ ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ, ਪਰ ਸਮੇਂ ਦੀ ਮੰਗ ਮੁਤਾਬਿਕ ਉਨ੍ਹਾਂ ਨੂੰ ਸੇਵਾਵਾਂ 'ਤੇ ਮੁੜ ਬਹਾਲ ਕੀਤਾ ਗਿਆ ਹੈ।