ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਸੱਤਾ ਦੇ ਤਬਾਦਲੇ ਦੇ ਬਾਵਜੂਦ ਰਾਜ ਵਿੱਚ ਬਾਦਲਾਂ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਬੱਸਾਂ ਦੀ ਸਰਦਾਰੀ ਕਾਇਮ ਹੈ। ਕਮੇਟੀ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਦੀ ਟਰਾਂਸਪੋਰਟ ਨੀਤੀ ਵੀ ਪ੍ਰਾਈਵੇਟ ਕੰਪਨੀਆਂ ਨੂੰ ਗੱਫੇ ਦੇਣ ਵਾਲੀ ਹੈ। ਮੰਗਤ ਖ਼ਾਨ ਦੀ ਅਗਵਾਈ ਵਿੱਚ ਹੋਈ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਚ ਮੌਜੂਦ ਰੋਡਵੇਜ਼ ਦੀਆਂ ਸਮੂਹ ਜਥੇਬੰਦੀਆਂ ਦੇ ਆਗੂਆਂ ਅਵਤਾਰ ਸਿੰਘ ਸੇਖੋਂ, ਗੁਰਦੇਵ ਸਿੰਘ, ਜਗਦੀਸ਼ ਸਿੰਘ ਚਾਹਲ, ਬਲਜੀਤ ਸਿੰਘ, ਰਸ਼ਪਾਲ ਸਿੰਘ, ਸੁਰਿੰਦਰ ਸਿੰਘ, ਗੁਰਦਿਆਲ ਸਿੰਘ ਆਦਿ ਨੇ ਐਲਾਨ ਕੀਤਾ ਕਿ 23 ਮਈ ਨੂੰ ਪੰਜਾਬ ਭਰ ਦੇ ਸਮੂਹ ਡਿੱਪੂਆਂ ਵਿੱਚ ਰੈਲੀਆਂ ਕਰਕੇ ਸਰਕਾਰਾਂ ਦੇ ਸੱਚ ਉਜਾਗਰ ਕੀਤੇ ਜਾਣਗੇ।