ਭਾਰਤ ਵਿੱਚ ਨਾਗਰਿਕਤਾ ਸੋਧ ਐਕਟ ਲਾਗੂ ਹੋਣ ਤੋਂ ਬਾਅਦ, ਭਾਰਤ ਭਰ ਵਿੱਚ ਜ਼ੋਰਦਾਰ ਰੋਸ ਵਿਖਾਵੇ ਹੋ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਕਰਨਾਟਕ ਵਿੱਚ ਪੁਲਿਸ ਵਲੋਂ ਚਲਾਈ ਗੋਲੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਗ੍ਰਿਫਤਾਰੀਆਂ ਦਾ ਸਿਲਸਿਲਾ ਵੀ ਜਾਰੀ ਹੈ। ਦਿੱਲੀ ਵਿੱਚ ਜਾਮਾ ਮਿਲੀਆ ਯੂਨੀਵਰਸਿਟੀ ਅਤੇ ਯੂ. ਪੀ. ਵਿੱਚ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪੁਲਿਸ ਨੇ ਯੂਨੀਵਰਸਿਟੀਆਂ ਦੇ ਕੈਂਪਸ ਵਿੱਚ ਵੜ ਕੇ ਬੜੀ ਬੇਰਹਿਮੀ ਨਾਲ ਮਾਰਿਆ ਕੁੱਟਿਆ। ਭਾਰਤ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ, ਜਿਨ੍ਹਾਂ ਵਿੱਚ ਬੰਬਈ, ਲਖਨਊ, ਕਲਕੱਤਾ, ਪਟਨਾ ਸਾਹਿਬ, ਬੰਗਲੌਰ, ਗੋਹਾਟੀ ਆਦਿ ਸ਼ਹਿਰਾਂ ਦੀਆਂ ਵੱਡੀਆਂ ਯੂਨੀਵਰਸਿਟੀਆਂ ਸ਼ਾਮਲ ਹਨ, ਦੇ ਵਿਦਿਆਰਥੀਆਂ ਨੇ ਜ਼ੋਰਦਾਰ ਮੁਜ਼ਾਹਰੇ ਕੀਤੇ ਹਨ।