ਬਠਿੰਡਾ – ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸ਼ਾਮ 7:00 ਵਜੇ ਤੋਂ 9:30 ਵਜੇ ਤੱਕ ਹੋਵੇਗਾ, ਜਿਸ ਵਿੱਚ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ ਜਾਵੇਗਾ।
ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਇਤਿਹਾਸ ਦਾ ਇੱਕ ਮਹੱਤਵਪੂਰਨ ਅਧਿਆਇ ਹੈ। ਇਸ ਸਮਾਗਮ ਦਾ ਉਦੇਸ਼ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ, ਸੱਭਿਆਚਾਰ ਅਤੇ ਗੁਰਸਿੱਖੀ ਵਿਰਾਸਤ ਨਾਲ ਜੋੜਨਾ ਹੈ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਪ੍ਰਸਿੱਧ ਕਥਾਵਾਚਕ ਭਾਈ ਤਰਸੇਮ ਸਿੰਘ (ਹਰਰਾਇਪੁਰ) ਅਤੇ ਭਾਈ ਸਰਬਜੀਤ ਸਿੰਘ (ਸ੍ਰੀ ਪਟਨਾ ਸਾਹਿਬ) ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਨਗੇ। ਇਸ ਤੋਂ ਇਲਾਵਾ ਘੱਲੂਘਾਰੇ ਦੇ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਸ ਸਮੇਂ ਦੇ ਹਾਲਾਤਾਂ ਬਾਰੇ ਵੀ ਚਾਨਣਾ ਪਾਇਆ ਜਾਵੇਗਾ।
ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਅਜਿਹੇ ਸਮਾਗਮ ਸਿੱਖ ਇਤਿਹਾਸ ਦੀ ਯਾਦ ਨੂੰ ਸੰਜੋਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਗੁਰਮਤਿ ਵਿਚਾਰਾਂ ਦਾ ਲਾਭ ਪ੍ਰਾਪਤ ਕਰਨ।