ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ਦੀ ਜਾਂਚ ਵਿਜੀਲੈਂਸ ਹਵਾਲੇ: ਕੈਪਟਨ ਅਮਰਿੰਦਰ

March 30, 2017 | By

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੁਟਾਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪਣ ਦਾ ਐਲਾਨ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਘੁਟਾਲੇ ਦੀ ਜੜ੍ਹ ਤੱਕ ਜਾਵੇਗੀ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣਾ ਯਕੀਨੀ ਬਣਾਇਆ ਜਾਵੇਗਾ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਲੌਂਜ ਵਿੱਚ ਪੱਤਰਕਾਰਾਂ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਦੀ ਇਕ ਇੰਚ ਜ਼ਮੀਨ ਵੀ ਕੁਰਕ ਨਹੀਂ ਹੋਣ ਦਿੱਤੀ ਜਾਵੇਗੀ ਤੇ ਸੂਬਾ ਸਰਕਾਰ ਜ਼ਮੀਨਾਂ ਦੀ ਕੁਰਕੀ ਨੂੰ ਰੋਕਣ ਲਈ ਅਗਾਮੀ ਬਜਟ ਸੈਸ਼ਨ ਵਿੱਚ ਕਾਨੂੰਨ ਲਿਆਵੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਇਹ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਉਹ ਬਕਾਇਆ ਨਾ ਦੇਣ ਦੀ ਸੂਰਤ ਵਿੱਚ ਕਿਸਾਨਾਂ ਖ਼ਿਲਾਫ਼ ਨਿਲਾਮੀ ਨੋਟਿਸ ਜਾਰੀ ਨਾ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਕਰਜ਼ੇ ਸਬੰਧੀ ਬੈਂਕਾਂ ਨਾਲ ਗੱਲਬਾਤ ਕਰੇਗੀ। ਕਣਕ ਦੀ ਖ਼ਰੀਦ ਲਈ ਕੇਂਦਰ ਸਰਕਾਰ ਵੱਲੋਂ ਕਰਜ਼ੇ ਦੀ ਹੱਦ ਸੀਸੀਐੱਲ ਜਾਰੀ ਕਰਨ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਤ ਮੰਤਰੀ ਨੂੰ ਕਿਹਾ ਹੈ ਕਿ ਉਹ ਇਸ ਮਾਮਲੇ ਬਾਰੇ ਕੇਂਦਰ ਸਰਕਾਰ ਤੇ ਸਬੰਧਤ ਬੈਂਕਾਂ ਨਾਲ ਗੱਲਬਾਤ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਮਾੜੀ ਆਰਥਿਕ ਹਾਲਤ ਬਾਰੇ ‘ਵ੍ਹਾਈਟ ਪੇਪਰ’ ਛੇਤੀ ਹੀ ਜਨਤਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ‘ਵ੍ਹਾਈਟ ਪੇਪਰ’ ਲੋਕਾਂ ਦੀਆਂ ਅੱਖਾਂ ਖੋਲ੍ਹੇਗਾ ਅਤੇ ਉਨ੍ਹਾਂ ਨੂੰ ਤਤਕਾਲੀ ਅਕਾਲੀ-ਭਾਜਪਾ ਸਰਕਾਰ ਦੇ ਇੱਕ ਦਹਾਕੇ ਦੌਰਾਨ ਹੋਈਆਂ ਬੇਨਿਯਮੀਆਂ ਤੋਂ ਜਾਣੂ ਕਰਵਾਏਗਾ।

ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਪੰਜਾਬ ਤੋਂ ਚੰਡੀਗੜ੍ਹ ਪ੍ਰਸ਼ਾਸਨ ਲਈ ਭੇਜੇ ਜਾਣ ਵਾਲੇ ਅਫ਼ਸਰਾਂ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਆਪਣੇ ਮੁੱਖ ਪ੍ਰਮੁੱਖ ਸਕੱਤਰ ਨੂੰ ਆਖਿਆ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਤੇ ਹਰਿਆਣਾ ਪੁਨਰਗਠਨ ਐਕਟ ਅਨੁਸਾਰ ਚੰਡੀਗੜ੍ਹ ਵਿੱਚ ਮੌਜੂਦਾ 60:40 ਦਾ ਅਨੁਪਾਤ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਉਹ ਇਸ ਸਬੰਧੀ ਪੰਜਾਬ ਦੇ ਰਾਜਪਾਲ ਨਾਲ ਵੀ ਗੱਲ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ’ਚ ਹੋਈਆਂ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਵੀ ਸੂਬਾ ਸਰਕਾਰ ਜਾਂਚ ਕਰ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਵਿੱਚ ਕੀਤੇ ਗਏ ਮੁਜ਼ਾਹਰੇ ਸਬੰਧੀ ਮੁੱਖ ਮੰਤਰੀ ਨੇ ‘ਆਪ’ ਨੂੰ ਅਰਾਜਕਤਾਵਾਦੀ ਪਾਰਟੀ ਦੱਸਦਿਆਂ ਕਿਹਾ ਕਿ ਅਜਿਹਾ ਕਰਨਾ ਇਸ ਪਾਰਟੀ ਦੇ ਆਗੂਆਂ ਦਾ ਸੁਭਾਅ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਰੌਲਾ ਬੈਂਸ ਭਰਾਵਾਂ ਦੀਆਂ ਸੀਟਾਂ ਦੇ ਮਸਲੇ ’ਤੇ ਕੀਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,