August 20, 2015 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ (19 ਅਗਸਤ, 2015): ਪਿਛਲ਼ੇ ਦਿਨੀ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਦੇ ਜਵਾਈ ਸ੍ਰ. ਸਤਵਿੰਦਰ ਸਿੰਘ ਭੋਲੇ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ ਕਤਲ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਪ੍ਰਸ਼ਾਸ਼ਨ ਦੇ ਜਸਟਿਸ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਭੋਲਾ ਦੇ ਕਤਲ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ।
ਏਜੀਪੀਸੀ ਦੇ ਪ੍ਰਧਾਨ ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਬਾਪੂ ਖ਼ਾਲਸਾ ਵੱਲੋਂ ਸਿੱਖਾਂ ਨੂੰ ਜੇਲਾਂ ਵਿਚੋ ਰਿਹਾਅ ਕਰਵਾਉਣ ਲਈ ਵਿੱਢੇ ਸੰਘਰਸ਼ ਦੀ ਹਮਾਇਤ ਕਰਦੇ ਹਨ ।
ਉਨ੍ਹਾਂ ਨੇ ਭਾਈ ਭੋਲਾ ਦੇ ਕਤਲ ਨੂੰ ਬਾਪੂ ਸੂਰਤ ਸਿੰਘ ਵੱਲੋਂ ਅਰੰਭੇ ਸੰਘਰਸ਼ ਨਾਲ ਜੋੜਦਿਆਂ ਕਿਹਾ ਕਿ ਇਹ ਸਭ ਬਾਪੂ ਦੇ ਸੰਘਰਸ਼ ਨੂੰ ਢਾਹ ਲਾਉਣ ਲਈ ਕੀਤਾ ਗਿਆ ਹੈ ਅਤੇ ਉਹ ਇਸ ਸੰਘਰਸ਼ ਨੂੰ ਕਿਸੇ ਵੀ ਤਰ੍ਹਾਂ ਦੀ ਢਾਹ ਲਾਉਣ ਦੀ ਕਾਰਵਾਈ ਦੀ ਸਖਤ ਨਿੰਦਾ ਕਰਦੇ ਹਨ । ਉਨ੍ਹਾਂ ਕਿਹਾ ਕਿ ਗੁਨਾਹਗਾਰਾਂ ਨੂੰ ਕਰੜੀ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਇਸ ਕਤਲ ਦੀ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਦੇ ਸੰਘਰਸ਼ ਵੱਲ ਕੋਈ ਨਿੱਜੀ ਦਿਲਚਸਪੀ ਨਾ ਵਿਖਾਏ ਜਾਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਉਹ ਕੈਦੀਆਂ ਦੀ ਰਿਹਾਈ ਪ੍ਰਤੀ ਸੰਜੀਦਾ ਨਹੀਂ ਹਨ। ਉਕਤ ਦੋਹਾਂ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਸ੍ਰੀ ਖ਼ਾਲਸਾ ਨਾਲ ਕੋਈ ਮਾੜੀ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
Related Topics: American Gurdwara Management Committee, Bapu Surat Singh Khalsa, SIkhs in United Nations