December 13, 2016 | By ਨਰਿੰਦਰ ਪਾਲ ਸਿੰਘ
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਉ ਨਾ ਦੇਣ ਕਾਰਣ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੇ ਗੁੱਸੇ ਦਾ ਸ਼ਿਕਾਰ ਹੋਏ ਭਾਈ ਬਲਬੀਰ ਸਿੰਘ ਅਰਦਾਸੀਆ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੱਲ੍ਹ 12 ਦਸੰਬਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਭਾਈ ਬਲਬੀਰ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ‘ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਤਬਦੀਲੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਹਾਲਾਤਾਂ ਮੁਤਾਬਿਕ ਪ੍ਰਬੰਧਕਾਂ ਵੱਲੋਂ ਕੀਤੇ ਫੈਸਲੇ ‘ਤੇ ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ, ਪਰ ਸਮੇਂ ਦੀ ਮੰਗ ਮੁਤਾਬਿਕ ਉਨ੍ਹਾਂ ਨੂੰ ਸੇਵਾਵਾਂ ‘ਤੇ ਮੁੜ ਬਹਾਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦਰਬਾਰ ਸਾਹਿਬ ਦੇ ਪ੍ਰਬੰਧ ਨੂੰ ਹੋਰ ਸਹੀ ਢੰਗ ਨਾਲ ਚਲਾਉਣ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦਰਬਾਰ ਸਾਹਿਬ ਦੇ ਸਮੂਹ ਰਾਗੀ ਸਿੰਘਾਂ ਨਾਲ ਜ਼ਰੂਰੀ ਵਿਚਾਰਾਂ ਕੀਤੀਆਂ ਗਈਆਂ ਹਨ। ਸਾਰੇ ਰਾਗੀ ਸਿੰਘਾਂ ਨੂੰ ਗੁਰਬਾਣੀ ਦੇ ਹੋਰ ਸ਼ੁੱਧ ਉਚਾਰਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਗੀ ਸਿੰਘਾਂ ਦੀਆਂ ਜਿਹੜੀਆਂ ਵੀ ਮੁਸ਼ਕਿਲਾਂ ਹੋਣਗੀਆਂ ਉਸ ਸਬੰਧੀ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਮਿਲ ਬੈਠ ਕੇ ਵਿਚਾਰ ਕਰਨਗੇ।
ਉਨ੍ਹਾਂ ਦੱਸਿਆ ਕਿ ਲੰਗਰ ਵਿੱਚ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਬੰਦ ਕਰ ਦਿੱਤੀ ਗਈ ਹੈ।
ਇਸ ਮੌਕੇ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸੁਰਜੀਤ ਸਿੰਘ ਭਿਟੇਵਡ ਮੈਂਬਰ ਅੰਤ੍ਰਿੰਗ ਕਮੇਟੀ, ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਹਰਦਲਬੀਰ ਸਿੰਘ ਸ਼ਾਹ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ, ਡਾ. ਪਰਮਜੀਤ ਸਿੰਘ ਸਰੋਆ ਅਤੇ ਬਿਜੈ ਸਿੰਘ ਵਧੀਕ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ ਦਰਬਾਰ ਸਾਹਿਬ ਹਾਜ਼ਰ ਸਨ।
Related Topics: Bhai Balbir Singh Ardasia, Prof. Kirpal Singh Badunger, Shiromani Gurdwara Parbandhak Committee (SGPC)