ਚੰਡੀਗੜ੍ਹ (12 ਸਤੰਬਰ, 2014): ਪਾਕਿਸਤਾਨ ਵਿੱਚ ਸਿੱਖਾਂ ‘ਤੇ ਹੋ ਰਹੇ ਕਾਤਲਾਨਾ ਹਮਲਿਆਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਕੇ ਦਖਲ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਹਾਲ ਹੀ ਦੇ ਹਫ਼ਤਿਆਂ ਦੌਰਾਨ ਪਾਕਿਸਤਾਨ ਦੇ ਵੱਖ ਵੱਖ ਹਿੱਸਿਆਂ ਵਿੱਚ ਅਣਪਛਾਤੇ ਹਮਲਾਵਰਾਂ ਵਲੋਂ ਬਹੁਤ ਸਾਰੇ ਬੇਗੁਨਾਹ ਸਿੱਖਾਂ ਦੀ ਹੱਤਿਆ ਕੀਤੀ ਗਈ ਹੈ ਜਿਸ ਦੀ ਰਿਪੋਰਟ 9 ਸਤੰਬਰ, 2014 ਦੇ ਹਿੰਦੁਸਤਾਨ ਟਾਈਮਜ਼ ਵਿੱਚ ਛਪੀ ਹੈ।
ਅਖ਼ਬਾਰ ਵਿੱਚ ਛਪੀ ਇਸ ਰਿਪੋਰਟ ਵਿੱਚ ਪੇਸ਼ਾਵਰ ਦੇ ਸ. ਅਮਰਜੀਤ ਸਿੰਘ ਅਤੇ ਸ. ਹਰਜੀਤ ਸਿੰਘ ਦੀ ਹੱਤਿਆ ਕੀਤੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਰਿਪੋਰਟ ਵਿੱਚ ਸਿੱਖ ਭਾਈਚਾਰੇ ਦੇ ਸਥਾਨਕ ਆਗੂਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸ. ਅਮਰਜੀਤ ਸਿੰਘ ਦੀ ਹੱਤਿਆ ਸਿੱਖ ਭਾਈਚਾਰੇ ਦੀ ਇਕੱਲੇ ਖੈਬਰ ਪਖਤੂਨਖਵਾ ਵਿੱਚ ਛੇਵੀਂ ਜਾਂ ਸੱਤਵੀਂ ਹੱਤਿਆ ਹੈ।
ਪਰਕਾਸ਼ ਸਿੰਘ ਬਾਦਲ ਨੇ ਪਾਕਿਸਤਾਨ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਨਿੱਜੀ ਦਖਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਮਾਮਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਨਵਾਜ਼ ਸ਼ਰੀਫ਼ ਕੋਲ ਉਠਾਉਣ ।
ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸ. ਬਾਦਲ ਨੇ ਕਿਹਾ ਹੈ ਕਿ ਹਾਲ ਹੀ ਵਿੱਚ ਪਾਕਿਸਤਾਨ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੀਆਂ ਹੱਤਿਆਵਾਂ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਮੀਡੀਆ ਵਿੱਚ ਰਿਪੋਰਟਾਂ ਪ੍ਰਕਾਸ਼ਤ ਹੋਈਆਂ ਹਨ।ਉਨ੍ਹਾਂ ਕਿਹਾ ਕਿ ਇਸ ਮੁੱਦੇ ਵੱਲ ਫੌਰੀ ਧਿਆਨ ਦੇਣ ਦੀ ਲੋੜ ਹੈ ਕਿਉਂਕਿ ਇਹ ਘਟਨਾਵਾਂ ਸਿੱਖ ਭਾਈਚਾਰੇ ਲਈ ਬਹੁਤ ਜ਼ਿਆਦਾ ਚਿੰਤਾਜਨਕ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਹੱਤਿਆਵਾਂ ਕਾਰਨ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਪਰਿਵਾਰਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਦੇ ਕਾਰਨ ਸਰਕਾਰ ਵਿਰੁੱਧ ਗੁੱਸੇ ਦੀ ਲਹਿਰ ਪੈਦਾ ਹੋ ਗਈ ਹੈ ਕਿਉਂਕਿ ਉਹ ਹਤਿਆਰਿਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਿੱਖ ਭਾਈਚਾਰੇ ਦੀ ਸੁਰੱਖਿਆ ਲਈ ਪ੍ਰਭਾਵੀ ਕਦਮ ਚੁੱਕਣ ਲਈ ਨਾਕਾਮ ਰਹੀ ਹੈ।
ਗੌਰਤਲਬ ਹੈ ਕਿ ਅਖ਼ਬਾਰੀ ਰਿਪੋਰਟਾਂ ਵਿੱਚ ਇਸ ਮਾਮਲੇ ‘ਤੇ ਪਾਕਿਸਤਾਨ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਉਤਰ ਪੱਛਮੀ ਮਰਦਾਨ ਸ਼ਹਿਰ ਵਿੱਚ 8 ਸਤੰਬਰ, 2014 ਨੂੰ ਇੱਕ ਵਿਰੋਧ ਮਾਰਚ ਹੋਇਆ ਜਿਸ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਮੈਂਬਰਾਂ ਖਾਸ ਕਰ ਸਿੱਖਾਂ ਨੂੰ ਸੁਰੱਖਿਆ ਮੁਹੱਈਆ ਕਰਾਉਣ ਦੀ ਮੰਗ ਕੀਤੀ ਗਈ। ਪੀੜਤ ਬਹੁਤੇ ਵਿਅਕਤੀ ਵਪਾਰਕ ਭਾਈਚਾਰੇ ਨਾਲ ਸਬੰਧਤ ਹਨ।