ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਦੀ ਹਮਾਇਤ ਲੈਣ ਅਤੇ ਡੇਰਾ ਮੁਖੀ ਦੇ ਪ੍ਰੋਗਰਾਮ ਪੰਜਾਬ ‘ਚ ਕਰਵਾਉਣ ਦੇ ਐਲਾਨ ਕਰਨ ਵਾਲੇ ਸਿੱਖ ਆਗੂਆਂ ਨੂੰ ਜਲਦੀ ਹੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾ ਸਕਦਾ ਹੈ। ਇਸ ਸਬੰਧੀ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ 4 ਅਪਰੈਲ ਨੂੰ ਸੱਦੀ ਗਈ ਇਕੱਤਰਤਾ ਵਿੱਚ ਇਸ ਮਾਮਲੇ ਨੂੰ ਵਿਚਾਰਿਆ ਜਾਵੇਗਾ ਅਤੇ ਅਗਲੀ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੌਰਾਨ ਬਾਦਲ ਦਲ ਅਤੇ ਹੋਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ 28 ਜਨਵਰੀ ਅਤੇ ਪਹਿਲੀ ਫਰਵਰੀ ਨੂੰ ਡੇਰਾ ਸਿਰਸਾ ’ਚ ਡੇਰੇ ਦੇ ਮੁਖੀ ਤੋਂ ਹਮਾਇਤ ਲੈਣ ਲਈ ਗਏ ਸਨ। ਹੁਕਮਨਾਮੇ ਦੀ ਉਲੰਘਣਾ ਕਰਨ ਵਾਲੇ ਇਨ੍ਹਾਂ ਸਿੱਖ ਆਗੂਆਂ ਖ਼ਿਲਾਫ਼ ਵੱਡੇ ਪੱਧਰ ’ਤੇ ਸ਼ਿਕਾਇਤਾਂ ਪੁੱਜੀਆਂ ਸਨ। ਇਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਇਸ ਸਬੰਧੀ ਰਿਪੋਰਟ ਇਸੇ ਮਹੀਨੇ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਹੈ, ਜਿਸ ਵਿੱਚ ਲਗਪਗ 48 ਵਿਅਕਤੀਆਂ ਦੇ ਨਾਂ ਸ਼ਾਮਲ ਹਨ। ਇਹ ਸਾਰੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ (ਬਾਦਲ), ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਵਧੇਰੇ ਬਾਦਲ ਦਲ ਨਾਲ ਸਬੰਧਤ ਹਨ।
ਸਬੰਧਤ ਖ਼ਬਰ:
ਬਾਦਲ ਦਲ ਦਾ ਚੰਮ ਬਚਾਉਣ ਲਈ ਸ਼੍ਰੋਮਣੀ ਕਮੇਟੀ ਨੇ “ਜਾਂਚ ਦੀ ਮਿਆਦ” ਦਿੱਲੀ ਚੋਣਾਂ ਤੋਂ ਬਾਅਦ ਪਾਈ …