ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ੀ.ਟੀ.ਵੀ. ‘ਤੇ ਚਲਦੇ ਲੜੀਵਾਰ ‘ਕਾਲਾ ਟੀਕਾ’ ਦੇ 20 ਸਤੰਬਰ ਦੀ ਕੜੀ ਵਿੱਚ ਸਿੱਖਾਂ ਦੇ ਧਾਰਮਿਕ ਚਿੰਨ੍ਹ ਕ੍ਰਿਪਾਨ ਦੀ ਗਲਤ ਢੰਗ ਨਾਲ ਵਰਤੋਂ ਕਰਨ ‘ਤੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਕਮੇਟੀ ਦੇ ਦਫਤਰ ਤੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੀਰੀਅਲ ‘ਕਾਲਾ ਟੀਕਾ’ ਵਿੱਚ ਇਕ ਨਵਜੰਮੀ ਬੱਚੀ ਦੀ ਬਲੀ ਦੇਣ ਲਈ ਇਕ ਔਰਤ ਵੱਲੋਂ ਕ੍ਰਿਪਾਨ ਦੀ ਵਰਤੋਂ ਕੀਤੀ ਗਈ ਹੈ ਜਿਸ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਵਿੱਚ ਭਾਰੀ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ। ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਆਪਣੇ ਲੜੀਵਾਰ ਦੀ ਪ੍ਰਸਿੱਧੀ ਲਈ ਟੀ.ਵੀ. ਚੈਨਲ ਸਿੱਖ ਭਾਵਨਾਵਾਂ ਨੂੰ ਢਾਹ ਲਗਾਉਣ ਵਾਲੀਆਂ ਕਾਰਵਾਈਆਂ ਤੋਂ ਬਾਜ਼ ਆਉਣ। ਇਸ ਤੋਂ ਪਹਿਲਾਂ ਸਬ ਟੀ.ਵੀ. ਦੇ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ਹਿੰਦੂ ਦੇਵਤਾ ਗਣੇਸ਼ ਦੀ ਮੂਰਤੀ ਨੂੰ ਦਰਬਾਰ ਸਾਹਿਬ ਵਿਖੇ ਸੁਸ਼ੋਭਿਤ ਕਰਦਿਆਂ ਵਿਖਾਇਆ ਗਿਆ ਜਿਸ ਸਬੰਧੀ ਸਬ ਟੀ.ਵੀ. ਦੇ ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖ ਕੇ ਇਸ ਲੜੀਵਾਰ ਨੂੰ ਤੁਰੰਤ ਬੰਦ ਕਰਨ ਲਈ ਕਿਹਾ ਗਿਆ ਹੈ।

ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜੀ.ਟੀ.ਵੀ. ਦੇ ਉੱਚ ਅਧਿਕਾਰੀਆਂ ਨੂੰ ਵੀ ਸਿੱਖ ਧਰਮ ਨਾਲ ਖਿਲਵਾੜ ਕਰਨ ਵਾਲੇ ਸੀਰੀਅਲ ‘ਕਾਲਾ ਟੀਕਾ’ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਲੜੀਵਾਰ ਨੂੰ ਬੰਦ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੈਂਸਰ ਬੋਰਡ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਚੈਨਲਾਂ ‘ਤੇ ਪਾਬੰਦੀ ਲਗਾਈ ਜਾਵੇ ਜਿਨ੍ਹਾਂ ਨੂੰ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਨਾਲ ਕੋਈ ਮਤਲਬ ਨਹੀਂ ਹੈ।