ਅੰਮ੍ਰਿਤਸਰ: ਕਸ਼ਮੀਰ ਘਾਟੀ ਵਿੱਚ ਸਿੱਖਾਂ ਦੀਆਂ ਜ਼ਮੀਨਾਂ ’ਤੇ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਕਈ ਥਾਵਾਂ ’ਤੇ ਸਿੱਖਾਂ ਨੂੰ ਜਬਰੀ ਮੁਸਲਮਾਨ ਬਣਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਹਨ। ਇਹ ਦਾਅਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਸ਼ਮੀਰ ਵਾਦੀ ਵਿੱਚ ਰਹਿੰਦੇ ਸਿੱਖਾਂ ਦੀ ਸਥਿਤੀ ਦਾ ਪਤਾ ਲਾਉਣ ਲਈ ਸਿੱਖ ਆਗੂਆਂ ਦਾ ਚਾਰ ਮੈਂਬਰੀ ਵਫ਼ਦ ਵਾਦੀ ਵਿੱਚ ਭੇਜਿਆ ਗਿਆ ਸੀ। ਇਸ ਵਫ਼ਦ ਨੇ ਸਮੁੱਚੇ ਹਾਲਾਤ ਬਾਰੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਜਾਣਕਾਰੀ ਦਿੱਤੀ ਹੈ।

ਸ਼ਨੀਵਾਰ ਅੰਮ੍ਰਿਤਸਰ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਮੱਕੜ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਫ਼ਦ ਨੂੰ ਵਾਦੀ ਵਿੱਚ ਵਸਦੇ ਸਿੱਖਾਂ ਨੇ ਆਪਣੀਆਂ ਮੁਸ਼ਕਲਾਂ ਬਾਰੇ ਦੱਸਿਆ ਕਿ ਜਦੋਂ ਤੋਂ ਵਾਦੀ ਵਿੱਚ ਭਾਰਤ ਦੇ ਖਿਲਾਫ ਹਥਿਆਰਬੰਦ ਸੰਘਰਸ਼ ਦਾ ਦੌਰ ਸ਼ੁਰੂ ਹੋਇਆ ਹੈ, ਉਸ ਵੇਲੇ ਤੋਂ ਹੀ ਸਿੱਖ ਉਥੇ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਮੌਜੂਦਾ ਸਥਿਤੀ ਵਿੱਚ ਸਿੱਖਾਂ ਦੀ ਜਾਨ-ਮਾਲ ਨੂੰ ਵਧੇਰੇ ਖ਼ਤਰਾ ਹੈ। ਉਨ੍ਹਾਂ ਦੀਆਂ ਜ਼ਮੀਨਾਂ ’ਤੇ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਕਈ ਥਾਵਾਂ ‘ਤੇ ਸਿੱਖਾਂ ਨੂੰ ਜਬਰੀ ਮੁਸਲਮਾਨ ਬਣਾਉਣ ਦੀਆਂ ਕੋਸ਼ਿਸ਼ਾਂ ਵੀ ਹੋਈਆਂ ਹਨ। ਵਾਦੀ ਵਿੱਚ ਰਹਿੰਦੇ ਬਹੁ-ਗਿਣਤੀ ਕਸ਼ਮੀਰੀ ਪੰਡਿਤ ਵਾਦੀ ਨੂੰ ਛੱਡ ਗਏ ਹਨ ਅਤੇ ਹੁਣ ਸਿੱਖਾਂ ਨੂੰ ਵੀ ਹੌਲੀ-ਹੌਲੀ ਹਿਜ਼ਰਤ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਦਿਹਾਤੀ ਖੇਤਰ ਵਿੱਚ ਵੱਸਦੇ ਸਿੱਖਾਂ ਲਈ ਵਧੇਰੇ ਮੁਸ਼ਕਲਾਂ ਹਨ। ਕਈ ਸਿੱਖ ਪਰਿਵਾਰਾਂ ਨੇ ਆਪਣੇ ਬੱਚਿਆਂ ਨੂੰ ਜੰਮੂ, ਪੰਜਾਬ ਅਤੇ ਹੋਰ ਥਾਵਾਂ ’ਤੇ ਭੇਜਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਵਾਦੀ ਵਿੱਚ ਵੱਸਦੇ ਸਿੱਖਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਘੱਟਗਿਣਤੀ ਕੌਮ ਦਾ ਰੁਤਬਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਬਰਾਬਰ ਮਨੁੱਖੀ ਹੱਕ ਅਤੇ ਉਥੋਂ ਦੀ ਪੁਲਿਸ ਅਤੇ ਨੀਮ ਫੌਜੀ ਬਲਾਂ ਵਿੱਚ ਭਰਤੀ ਹੋਣ ਦਾ ਮੌਕਾ ਮਿਲ ਸਕੇ।
ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਨੂੰ ਜੰਮੂ-ਕਸ਼ਮੀਰ ਵਿੱਚ ਘੱਟਗਿਣਤੀ ਦਾ ਰੁਤਬਾ ਅਤੇ ਨੌਕਰੀਆਂ ਲਈ ਰਾਖਵਾਂਕਰਨ ਦਿੱਤਾ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਮਿਲਣ ਲਈ ਸਮਾਂ ਮੰਗਿਆ ਤਾਂ ਜੋ ਇਹ ਮਾਮਲਾ ਉਨ੍ਹਾਂ ਕੋਲ ਰੱਖਿਆ ਜਾ ਸਕੇ।