ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਤੋਂ ਆਪਣੀ ਜਾਨ ਨੂੰ ਖ਼ਤਰੇ ਦਾ ਡਰ ਪ੍ਰਗਟ ਕਰਦਿਆਂ ਰਾਜਪਾਲ ਤੋਂ ਸਰੁੱਖਿਆ ਦੀ ਮੰਗ ਕੀਤੀ ਹੈ। ਦਲ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੂੰ ਦਿੱਤੇ ਮੰਗ ਪੱਤਰ ਵਿੱਚ ਰਾਜ ਵਿੱਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਗਈ ਹੈ। ਨਾਲ ਹੀ ਕਿਹਾ ਗਿਆ ਹੈ ਕਿ ਪ੍ਰਧਾਨ ਅਤੇ ਦਲ ਦੇ ਹੋਰ ਨੇਤਾਵਾਂ ਦਾ ਜਾਨੀ ਨੁਕਸਾਨ ਹੋਣ ਦੀ ਸੂਰਤ ਵਿੱਚ ਜ਼ਿੰਮੇਵਾਰੀ ਗ੍ਰਹਿ ਸਕੱਤਰ ਅਤੇ ਪੁਲੀਸ ਮੁਖੀ ਦੀ ਹੋਵੇਗੀ। ਦਲ ਵੱਲੋਂ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਗਿਆ ਹੈ।

ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਤਿਸਰ) ਦੀ ਸਿਅਸੀ ਚੜ੍ਹਤ ਨੂੰ ਦੇਖ ਕੇ ਸਰਕਾਰ ਘਬਰਾਹਟ ਵਿੱਚ ਆ ਗਈ ਹੈ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਰਾਜਪਾਲ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਦਲ ਦੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਅਤੇ ਚੰਡੀਗੜ੍ਹ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਨੂੰ ਇੱਕ ਸਰਕਾਰੀ ਬੱਸ ਹੇਠ ਦੇ ਕੇ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਸੀ। ਦਲ ਵੱਲੋਂ ਮੁਹਾਲੀ ਜ਼ਿਲ੍ਹੇ ਦੇ ਬਲੌਂਗੀ ਥਾਣੇ ਵਿੱਚ ਰਿਪੋਰਟ ਦਰਜ ਕਰਾਈ ਗਈ ਸੀ ਪਰ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸ ਕਰਕੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸ਼ੱਕ ਵਧ ਗਿਆ ਹੈ।
ਰਾਜਪਾਲ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਸਾਨਾਂ ਦੇ ਗੰਨੇ ਦੀ ਫਸਲ ਦੇ ਬਕਾਏ ਦੀ ਰਕਮ ਤੁਰੰਤ ਦਿਵਾੳੁਣ ਦੀ ਮੰਗ ਕੀਤੀ ਗਈ ਹੈ। ਵਫ਼ਦ ਵਿੱਚ ਜਨਰਲ ਸਕੱਤਰ ਕੁਸ਼ਲਪਾਲ ਸਿੰਘ, ਇਮਾਨ ਸਿੰਘ ਮਾਨ, ਗੋਪਾਲ ਸਿੰਘ ਸਿੱਧੂ ਅਤੇ ਜਸਵਿੰਦਰ ਸਿੰਘ ਉਬਰਾਏ ਸਮੇਤ ਹੋਰ ਕਈ ਆਗੂ ਸ਼ਾਮਲ ਸਨ।