ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਨੂੰ ਲੈਕੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਿੰਘਾਂ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਜ਼ਿੰਮੇਵਾਰ ਪ੍ਰਬੰਧਕਾਂ ਖਿਲਾਫ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਧੂਲਕਾ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁਛਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਗਗੋਬੂਆ ਦੇ ਪ੍ਰਧਾਨ ਭਾਈ ਤਰਲੋਚਨ ਸਿੰਘ ਸੋਹਲ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਨੇ ਦੱਸਿਆ ਕਿ ਉਨ੍ਹਾਂ ਮਹਿਸੂਸ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰੂਪ ਅਗਨ ਭੇਟ ਹੋਣ ਦੀ ਵਾਪਰੀ ਘਟਨਾ ਦੇ ਦੋਸ਼ੀ ਕਮੇਟੀ ਮੁਲਾਜਮਾਂ ਨੂੰ ਸਜਾ ਦੇਣ ਦੀ ਬਜਾਏ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਉਸ ਹੁਕਮ ਦੀ ਉਲੰਘਣਾ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਜਿਥੇ ਕਿਤੇ ਵੀ ਅਜਿਹੀ ਘਟਨਾ ਵਾਪਰੇ ਉਥੋਂ ਦੇ ਗ੍ਰੰਥੀ ਤੇ ਪ੍ਰਬੰਧਕ ਕਮੇਟੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ‘ਸਾਨੁੰ ਯਕੀਨ ਹੋ ਚੱੁਕਾ ਹੈ ਕਿ ਕਮੇਟੀ ਇਸ ਮਾਮਲੇ ਵਿੱਚ ਸਿੱਖ ਕੌਮ ਨੂੰ ਇਨਸਾਫ ਦੇਣ ਤੋਂ ਪੂਰੀ ਤਰ੍ਹਾਂ ਆਕੀ ਹੈ। ਇਸ ਲਈ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਡਿਊਟੀ ਕਰਨ ਵਾਲੇ ਤੇ ਇਸ ਘਟਨਾ ਲਈ ਦੋਸ਼ੀ ਮੁਲਾਜਮਾਂ ਖਿਲਾਫ ਥਾਣਾ ਸੀ ਡਵੀਜਨ ਵਿਖੇ ਐਸ.ਪੀ. ਡਿਟੈਕਟਿਵ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਹੈ। ਇਸ ਮੌਕੇ ਭਾਈ ਮੇਜਰ ਸਿੰਘ ਪੰਡੋਰੀ ਵੀ ਮੌਜੂਦ ਸਨ।
