
ਚੰਡੀਗੜ (25 ਫਰਵਰੀ, 2016): ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਾਬਕਾ ਲੋਕ ਸਭਾ ਮੈਂਬਰ ਜਥੇਦਾਰ ਤਰਲੋਚਨ ਸਿੰਘ ਤੁੜ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅੱਜ ਸਵੇਰੇ ਤਰਨ ਤਾਰਨ ਜ਼ਿਲੇ ਵਿੱਚ ਆਪਣੇ ਜੱਦੀ ਪਿੰਡ ਵਿਖੇ ਚੱਲ ਵਸੇ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜਥੇਦਾਰ ਤੁੜ ਵੱਲੋਂ ਪੂਰੀ ਜ਼ਿੰਦਗੀ ਵਿੱਚ ਨਿਭਾਈਆਂ ਸੇਵਾਵਾਂ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਤੁੜ ਦੇ ਤੁਰ ਜਾਣ ਨਾਲ ਸੂਬੇ ਦੇ ਸਿਆਸੀ ਹਲਕਿਆਂ ਵਿਚ ਇਕ ਖਲਾਅ ਪੈਦਾ ਹੋ ਗਿਆ ਹੈ ਜੋ ਕਿ ਆਉਣ ਵਾਲੇ ਸਮੇਂ ਵਿਚ ਭਰਨਾ ਔਖਾ ਹੋਵੇਗਾ। ਉਨ੍ਹਾਂ ਕਿਹਾ ਕਿ ਤੁੜ ਦੀ ਮੌਤ ਨਾਲ ਅਸੀਂ ਇਕ ਅਜਿਹਾ ਤਜਰਬੇਕਾਰ ਨੇਤਾ ਗੁਆ ਲਿਆ ਜੋ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਵਿਚ ਜੁਟਿਆ ਰਹਿੰਦਾ ਸੀ।
ਬਾਦਲ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦੀ ਸਮਰਥਾ ਬਖਸ਼ਣ।