ਲੁਧਿਆਣਾ: ਪੰਜਾਬ ਸਰਕਾਰ ਦੇ ਮੰਤਰੀ ਅਤੇ ਸੱਤਾ ਤੇ ਕਾਬਜ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਵੱਲੋਂ ਉਨ੍ਹਾਂ ਤੇ ਨਸ਼ੇ ਦੇ ਵਪਾਰ ਵਿੱਚ ਸ਼ਾਮਿਲ ਹੋਣ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਲਈ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਗਿਆ ਹੈ।

ਅੱਜ ਲੁਧਿਆਣਾ ਦੀ ਅਦਾਲਤ ਵਿੱਚ ਕੈਬਿਨਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਲੁਧਿਆਣਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨਾਲ ਪਹੁੰਚੇ ਮਜੀਠੀਆ ਨੇ ਜੱਜ ਬਿਕਰਮਦੀਪ ਸਿੰਘ ਦੀ ਅਦਾਲਤ ਵਿੱਚ ਸੰਜੈ ਸਿੰਘ ਖਿਲਾਫ ਆਈ.ਪੀ.ਸੀ ਦੀ ਧਾਰਾ 409 ਅਤੇ 500 ਦੇ ਤਹਿਤ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ “ਪੰਜਾਬ ਵਿੱਚ ਬਾਹਰ ਤੋਂ ਆਏ ਆਗੂ ਸੰਜੈ ਸਿੰਘ ਉਨ੍ਹਾਂ ਤੇ ਝੂਠੇ ਦੋਸ਼ ਲਗਾ ਰਹੇ ਹਨ ਤੇ ਇਸ ਲਈ ਉਨ੍ਹਾਂ ਖਿਲਾਫ ਅੱਜ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ”।