ਕੋਟਕਪੂਰਾ(16 ਦਸੰਬਰ, 2015): ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਆਂ ਨਾਲ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਅਤੇ ਭਾਈ ਗੁਰਜੀਤ ਸਿੰਘ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਇੱਕ ਮੈਬਰੀ ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਅੱਜ ਸਰਕਾਰ ਵੱਲੋਂ ਮਿਥੀ ਮਿਆਦ ਪੁੱਗਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਏ ਗੋਲੀ ਕਾਂਡ ਦੀ ਜਾਂਚ ਕਰ ਰਿਹਾ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਆਪਣੀ ਮਿਆਦ ਪੁੱਗਣ ਮਗਰੋਂ ਅੱਜ ਫ਼ਰੀਦਕੋਟ ਵਿਖੇ ਪਹੁੰਚ ਗਿਆ ਹੈ। ਕਮਿਸ਼ਨ ਦੇ ਇੱਕੋ-ਇੱਕ ਮੈਂਬਰ ਜਸਟਿਸ ਜ਼ੋਰਾ ਸਿੰਘ ਫ਼ਰੀਦਕੋਟ ਦੇ ਸਰਕਟ ਹਾਊਸ ਵਿਖੇ ਅੱਜ ਬੁੱਧਵਾਰ ਦੀ ਰਾਤ ਕੱਟਣ ਤੋਂ ਬਾਅਦ ਵੀਰਵਾਰ ਸਵੇਰੇ ਤਿੰਨਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰਨ ਸੰਭਾਵਨਾ ਹੈ।
ਫ਼ਰੀਦਕੋਟ ਪ੍ਰਸ਼ਾਸਨ ਨੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ ਹੋਣ ਤੇ ਪੀ.ਡਬਲਯੂ.ਡੀ.ਦੇ ਸਰਕੁਲਰ ਰੋਡ ‘ਤੇ ਸਥਿਤ ਦਫਤਰ ਵਿਚ ਦਫਤਰ ਲਈ ਜਗ੍ਹਾ ਦਿੱਤੀ ਗਈ ਹੈ ਅਤੇ ਲੋੜੀਂਦਾ ਸਟਾਫ ਵੀ ਮੁਹੱਇਆ ਕਰਵਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਲੰਘੀ 12 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਿੱਖ ਕਾਰਕੁਨਾਂ ‘ਤੇ ਕੋਟਕਪੂਰਾ ਦੇ ਮੇਨ ਚੌਂਕ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਅਤੇ ਗੋਲੀਬਾਰੀ ਦੀ ਘਟਨਾਵਾਂ ਵਾਪਰੀਆਂ ਜਿਸ ਦੌਰਾਨ ਬਹਿਬਲ ਕਲਾਂ ਤੇ ਨਿਆਮੀਆਂ ਵਾਲਾ ਦੇ ਵਸਨੀਕ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋਏ ਸਨ, ਜਿਸ ਦਾ ਵਿਰੋਧ ਪੂਰੇ ਪੰਜਾਬ ਵਿਚ ਫੈਲ ਗਿਆ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਨ੍ਹਾਂ ਘਟਨਾਵਾਂ ਸਬੰਧੀ ਜਾਂਚ ਕਰਨ ਇਸ ਕਮਿਸ਼ਨ ਦਾ ਗਠਨ ਕੀਤਾ ਹੈ ਜਿਸ ਨੇ ਦੋ ਮਹੀਨੇ ਵਿਚ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣੀ ਸੀ ਪ੍ਰੰਤੂ ਅਗਿਆਤ ਕਾਰਨਾਂ ਕਰਕੇ ਕਮਿਸ਼ਨ ਅੱਜ ਤੱਕ ਆਪਣਾ ਕੰਮ ਸ਼ੁਰੂ ਨਹੀਂ ਕਰ ਸਕਿਆ।
ਇਸ ਸਾਰੇ ਮਸਲੇ ਉਪਰ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਪੰਜਾਬ ਦੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਜੇਲ੍ਹਾਂ ਵਿਚ ਡੱਕਿਆ ਹੋਇਆ ਹੈ ਤੇ ਹੁਣ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਕਿਸ ਦੇ ਬਿਆਨ ਲਵੇਗਾ। ਉਨ੍ਹਾਂ ਨੇ ਇਸ ਕਮਿਸ਼ਨ ਦੇ ਗਠਨ ਨੂੰ ਸਿੱਖ ਸੰਗਤ ਨਾਲ ਧੋਖਾ ਦੇਣ ਵਾਲੀ ਕਾਰਵਾਈ ਕਰਾਰ ਦਿੱਤਾ।