ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਸ਼ਾਂਤਮਈ ਰੋਸ ਵਿਖਾਵਾ ਕਰ ਰਹੀਆਂ ਸਿੱਖ ਸੰਗਤਾਂ ’ਤੇ ਪੁਲਿਸ ਦੇ ਗੋਲੀ ਚਲਾਉਣ ਨਾਲ ਦੋ ਸਿੰਘਾਂ ਦੀ ਸ਼ਹੀਦੀ ਤੋਂ ਬਾਅਦ ਘੂਕ ਸੁੱਤੀ ਬਾਦਲ ਸਰਕਾਰ ਵਲੋਂ ਆਪਣੀ ਜਾਗ ਖੁੱਲ ਜਾਣ ਦਾ ਭੁਲਾਵਾ ਦਿੰਦਿਆਂ ਘਟਨਾਵਾਂ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕੱਲ੍ਹ ਬਹਿਬਲ ਕਲਾਂ ਵਿਖੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀਆਂ ਸਿੱਖ ਸੰਗਤਾਂ ਦੇ ਇਕੱਠ ਉੱਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਦਿੱਤੀ ਗਈ ਸੀ ਜਿਸ ਵਿੱਚ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਸ਼ਹੀਦ ਹੋ ਗਏ ਸਨ ਅਤੇ ਅਨੇਕਾਂ ਸਿੱਖ ਸੰਗਤਾਂ ਜਖਮੀ ਹੋ ਗਈਆਂ ਸਨ। ਇਸ ਤੋਂ ਕੁਝ ਘੰਟੇ ਪਹਿਲਾਂ ਪੁਲਿਸ ਨੇ ਕੋਟਕਪੂਰਾ ਵਿਖੇ ਸ਼ਾਤਮਈ ਧਰਨਾ ਦੇ ਰਹੇ ਸਿੱਖਾਂ ਨੂੰ ਵੀ ਡਾਂਗਾਂ, ਅੱਥਰੂ ਗੈਸ ਦੇ ਗੋਲੇ ਅਤੇ ਗੋਲੀਆਂ ਚਲਾਈਆਂ ਸਨ।

ਇਸ ਘਟਨਾ ਤੋਂ ਬਾਅਦ ਜਦੋਂ ਪੰਜਾਬ ਸਰਕਾਰ ਦੀ ਚਾਰੇ ਪਾਸਿਆਂ ਤੋਂ ਬਦਖੋਈ ਹੋਣ ਲੱਗੀ ਤਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਹਾਈ ਕੋਰਟ ਦੇ ਜੱਜ ਤੋਂ ਨਿਆਂਇਕ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ।
ਬਾਦਲ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਫੜਨ ਲਈ ਸੂਬੇ ਦੇ ਪੁਲਿਸ ਮੁਖੀ ਨੂੰ ਏ.ਡੀ.ਜੀ.ਪੀ (ਅਪਰਾਧ) ਆਈ.ਪੀ.ਐਸ ਸਹੋਤਾ, ਡੀ.ਆਈ.ਜੀ ਬਠਿੰਡਾ ਰੇਂਜ ਆਰ.ਐਸ ਖੱਟੜ ਅਤੇ ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ ਅਮਰ ਸਿੰਘ ਚਾਹਲ ’ਤੇ ਅਧਾਰਿਤ ਵਿਸ਼ੇਸ਼ ਜਾਂਚ ਟੀਮ ਗਠਨ ਕਰ ਦੇ ਹੁਕਮ ਵੀ ਦੇ ਦਿੱਤੇ ਗਏ ਹਨ।
ਸੂਬੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦੀ ਸੂਹ ਦੇਣ ਵਾਲੇ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਵੀ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਇਸ ਬਾਰੇ ਸੂਚਨਾ ਬਠਿੰਡਾ ਰੇਂਜ ਦੇ ਡੀ.ਆਈ.ਜੀ ਰਣਬੀਰ ਸਿੰਘ ਖਟੜਾ ਨੂੰ ਫੋਨ ਨੰਬਰ 94172-13380 ’ਤੇ ਦਿੱਤੀ ਜਾਵੇ।
ਪਰ ਪਿੰਡ ਬਰਿਆੜੀ ਦੀਆਂ ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਜਦੋਂ ਜੂਨ ਮਹੀਨੇ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਗੁਰਦੁਆਰਾ ਸਾਹਿਬ ਵਿੱਚੋਂ ਚੋਰੀ ਹੋਇਆ ਸੀ ਤਾਂ ਉਨ੍ਹਾਂ ਵੱਲੋਂ ਕੁਝ ਸ਼ੱਕੀ ਬੰਦਿਆਂ ਦੇ ਨਾਮ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਗਏ ਸਨ।ਪਰ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।ਇਸ ਲਈ ਇਸ ਘਟਨਾ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਜਿੰਮੇਵਾਰ ਹਨ।
ਕਈ ਮਹੀਨਿਆਂ ਤੱਕ ਗੁਰੂ ਸਾਹਿਬ ਦਾ ਸਰੂਪ ਚੋਰੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਨਾ ਕਰਨ ਅਤੇ ਸਾਂਤਮਈ ਧਰਨਾ ਦੇ ਰਹੇ ਸਿੱਖਾਂ ਉੱਤੇ ਗੋਲੀਆਂ ਦੀ ਵਰਤੋਂ ਕਰਨ ਨੂੰ ਬਾਦਲ ਸਰਕਾਰ ਦੀ ਸਿੱਖ ਵਿਰੋਧੀ ਨੀਤੀ ਦਾ ਪ੍ਰਤੱਖ ਪ੍ਰਗਟਾਵਾ ਮੰਨਿਆ ਜਾ ਰਿਹਾ ਹੈ। ਸਿੱਖ ਸੰਗਤਾਂ ਅੰਦਰ ਇਸ ਗੱਲ ਦਾ ਭਾਰੀ ਰੋਸ ਕਿ ਪੰਜਾਬ ਸਰਕਾਰ ਵਲੋਂ ਸਿੱਖਾਂ ਨੂੰ ਦਬਾਇਆ ਜਾ ਰਿਹਾ ਹੈ ਜਦਕਿ ਸਿੱਖ ਵਿਧੋਧੀ ਤੱਤਾਂ ਨੂੰ ਜਾਣਬੁੱਝ ਕੇ ਉਤਸ਼ਾਹਤ ਕੀਤਾ ਜਾ ਰਿਹਾ ਹੈ।
ਸਰਕਾਰ ਦੇ ਇਨ੍ਹਾਂ ਐਲਾਨਾਂ ਸੰਬੰਧੀ ਸਿੱਖ ਸਿਆਸਤ ਨਾਲ ਗੱਲਬਾਤ ਕਰਦਿਆਂ ਦਲ ਖਾਲਸਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਇਸ ਘਟਨਾ ਲਈ ਪ੍ਰਕਾਸ਼ ਸਿੰਘ ਬਾਦਲ ਜਿੰਮੇਵਾਰ ਹੈ, ਜੋ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਤੇ ਕਾਬਜ ਧਿਰ ਦੇ ਵੀ ਕਰਤਾ ਧਰਤਾ ਹਨ।ਉਹਨਾਂ ਨੇਂ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਵੱਲੋਂ ਇਸ ਘਟਨਾ ਦੇ ਵਿਰੋਧ ਵਿੱਚ ਦਿੱਤੇ ਗਏ ਅਸਤੀਫੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਕੀ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਇਸੇ ਤਰ੍ਹਾਂ ਅਸਤੀਫੇ ਦੇ ਕੇ ਵਿਰੋਧ ਕਰਨਾ ਚਾਹੀਦਾ ਹੈ ਤੇ ਜੇ ਗੁਰੂ ਦਾ ਸਤਿਕਾਰ ਬਹਾਲ ਰੱਖਣ ਲਈ ਸਿੱਖ ਸੰਗਤਾਂ ਵੱਲੋਂ ਚੁਣ ਕੇ ਭੇਜੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਵਿਰੋਧ ਨਹੀਂ ਕਰਦੇ ਤਾਂ ਸਿੱਖ ਸੰਗਤਾਂ ਉਹਨਾਂ ਦੇ ਘਰਾਂ ਦਾ ਘਿਰਾਓ ਕਰਕੇ ਉਹਨਾਂ ਨੂੰ ਜਵਾਬਦੇਹ ਬਣਾਉਣ ਅਤੇ ਉਹਨਾਂ ਦਾ ਬਾਈਕਾਟ ਕਰਨ।
ਸ਼੍ਰੋਮਣੀ ਅਕਾਲੀ ਦਲ(ਪੰਚ ਪ੍ਰਧਾਨੀ) ਦੇ ਆਗੂ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੱਲ੍ਹ ਦੀ ਘਟਨਾ ਦੀ ਜਿੰਮੇਵਾਰ ਬਾਦਲ ਸਰਕਾਰ ਬਰਖਾਸਤ ਕਰ ਦੇਣੀ ਚਾਹੀਦੀ ਹੈ ਅਤੇ ਪੁਲਿਸ ਮੁਖੀ ਸੁਮੇਧ ਸੈਣੀ ਸਮੇਤ ਸੰਗਤ ਤੇ ਗੋਲੀ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਫੋਨ ਤੇ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਮੋਹਿੰਦਰਪਾਲ ਸਿੰਘ ਨੇ ਬਾਦਲ ਸਰਕਾਰ ਵੱਲੋਂ ਨਿਆਇਕ ਜਾਂਚ ਕਰਵਾਏ ਜਾਣ ਤੇ ਕਿਹਾ ਕਿ ਜੋ ਹਾਲ ਨਵੰਬਰ 84 ਦਿੱਲੀ ਕਤਲੇਆਮ ਦੀਆਂ ਜਾਂਚ ਕਮੇਟੀਆਂ ਦਾ ਹੋਇਆ ਉਹ ਹੀ ਇਸ ਕਮੇਟੀ ਦਾ ਹੋਵੇਗਾ, ਕਿਉਂਕਿ ਇਹ ਜਾਂਚ ਵੀ ਉਸ ਨਿਜ਼ਾਮ ਅਧੀਨ ਹੀ ਹੋਵੇਗੀ।ਉਨ੍ਹਾਂ ਨੇਂ ਕਿਹਾ ਕਿ ਸਿੱਖਾਂ ਵਿੱਚ ਇਸ ਘਟਨਾ ਪ੍ਰਤੀ ਬਹੁਤ ਭਾਰੀ ਰੋਹ ਹੈ।ਜਿਸ ਦੇ ਚਲਦਿਆਂ ਅੱਜ ਪਟਿਆਲਾ ਸ਼ਹਿਰ ਬੰਦ ਰੱਖਿਆ ਗਿਆ ਹੈ ਤੇ 500 ਦੇ ਕਰੀਬ ਸਿੱਖ ਸੰਗਤਾਂ ਪਟਿਆਲਾ ਸਥਿਤ ਖੰਡਾ ਚੌਂਕ ਵਿਖੇ ਧਰਨੇ ਤੇ ਬੈਠੀਆਂ ਹਨ।