ਅੰਮ੍ਰਿਤਸਰ – ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ‘ਚ ਅੱਜ 5 ਜੁਲਾਈ 2025 ਨੂੰ ਦਰਬਾਰ ਸਾਹਿਬ ਸਮੂਹ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਤੇ ਅਰਦਾਸ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਗਿਆਨੀ ਕੁਲਦੀਪ ਸਿੰਘ ਗੜਗੱਜ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਹੈੱਡ ਗ੍ਰੰਥੀ ਗਿਆਨੀ ਮਲਕੀਅਤ ਸਿੰਘ, ਭਾਈ ਮੋਹਕਮ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕੁਲਬੀਰ ਸਿੰਘ ਬੜਾਪਿੰਡ, ਭਾਈ ਨਰੈਣ ਸਿੰਘ ਚੌੜਾ ਸਮੇਤ ਵੱਡੀ ਗਿਣਤੀ ਵਿੱਚ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਪਾਸੋਂ ਮੰਗ ਕੀਤੀ ਕਿ ਭਾਈ ਗਜਿੰਦਰ ਸਿੰਘ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇ।

ਇਸ ਮੌਕੇ ਭਾਈ ਗਜਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ ਭਰਾ ਦਰਸ਼ਨ ਸਿੰਘ ਤੇ ਭਰਜਾਈ ਤੇਜਿੰਦਰ ਕੌਰ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ । ਉਹਨਾਂ ਭਾਈ ਗਜਿੰਦਰ ਸਿੰਘ ਦੇ ਸਾਥੀ ਹਾਈਜੈਕਰ ਭਾਈ ਸਤਿਨਾਮ ਸਿੰਘ ਪਾਉਂਟਾ ਸਾਹਿਬ ਅਤੇ ਸ਼ਹੀਦ ਬਲਵਿੰਦਰ ਸਿੰਘ ਜਟਾਣਾ ਦੀ ਭੈਣ ਬੀਬੀ ਸੁਰਿੰਦਰ ਕੌਰ ਨੂੰ ਵੀ ਸਿਰੋਪਾ ਭੇਟ ਕਰਕੇ ਸਨਮਾਨ ਦਿੱਤਾ ।

ਦਲ ਖ਼ਾਲਸਾ ਅਤੇ ਮਾਨ ਦਲ ਦੇ ਆਗੂਆਂ ਨੇ ਕਿਹਾ ਕਿ ਭਾਜੀ ਗਜਿੰਦਰ ਸਿੰਘ ਅਤੇ ਭਾਈ ਨਿੱਝਰ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਸਮਰਪਿਤ ਸਨ ਅਤੇ ਉਹ ਤਾ-ਉਮਰ ਖਾਲਿਸਤਾਨ ਲਈ ਸੰਘਰਸ਼ੀਲ ਰਹੇ, ਜਿਨ੍ਹਾਂ ਨੂੰ ਕੌਮੀ ਸਨਮਾਨ ਤੇ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ । ਜਿਕਰਯੋਗ ਹੈ ਕਿ ਦਲ ਖ਼ਾਲਸਾ ਦੇ ਸਰਪ੍ਰਸਤ ਸਰਦਾਰ ਗਜਿੰਦਰ ਸਿੰਘ ਦੀ ਬੀਤੇ ਵਰ੍ਹੇ 3 ਜੁਲਾਈ ਨੂੰ ਲਾਹੌਰ ਵਿਖੇ ਦੇਹਾਂਤ ਹੋਇਆ ਸੀ ਅਤੇ ਭਾਈ ਹਰਦੀਪ ਸਿੰਘ ਨਿੱਝਰ ਜਿੰਨਾ ਦੀ ਕੈਨੇਡਾ ਵਿਖੇ ਦੋ ਵਰ੍ਹੇ ਪਹਿਲਾਂ 19 ਜੂਨ 2023 ਨੂੰ ਭਾਰਤੀ ਏਜੰਸੀ ਵਲੋਂ ਕਤਲ ਕੀਤਾ ਗਿਆ ਸੀ।

ਇਸ ਮੌਕੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਹਰਪਾਲ ਸਿੰਘ ਬਲੇਰ, ਉਪਕਾਰ ਸਿੰਘ ਸੰਧੂ, ਸਰਬਜੀਤ ਸਿੰਘ ਘੁਮਾਣ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਦਰਬਾਰ ਸਾਹਿਬ ਮੈਨੇਜਰ ਭਗਵਾਨ ਸਿੰਘ, ਦਲ ਖਾਲਸਾ ਦੇ ਰਣਬੀਰ ਸਿੰਘ, ਜੁਗਰਾਜ ਸਿੰਘ ਪਿੰਡ ਵਾਂ, ਅਵਤਾਰ ਸਿੰਘ, ਅਰਪਾਲ ਸਿੰਘ, ਮਾਸਟਰ ਕੁਲਵੰਤ ਸਿੰਘ, ਸੁਖਦੇਵ ਸਿੰਘ ਹਸਨਪੁਰ, ਜਗਜੀਤ ਸਿੰਘ ਖੋਸਾ, ਸੁਰਜੀਤ ਸਿੰਘ ਖਾਲਿਸਤਾਨੀ, ਸਾਰਜ ਸਿੰਘ, ਗੁਰਵਿੰਦਰ ਸਿੰਘ ਬਠਿੰਡਾ, ਜਸਵੀਰ ਸਿੰਘ ਡਾਂਗੂ, ਗੁਰਿੰਦਰ ਸਿੰਘ ਬਾਜਵਾ, ਦਿਲਬਾਗ ਸਿੰਘ, ਰਾਜਵਿੰਦਰ ਸਿੰਘ ਮਾਨਸਾ, ਕੁਲਦੀਪ ਸਿੰਘ, ਗੁਰਨਾਮ ਸਿੰਘ, ਗੁਰਪ੍ਰੀਤ ਸਿੰਘ, ਸਤਿਨਾਮ ਸਿੰਘ ਕੰਡਾ, ਗੁਰਨਿਵਾਜ ਸਿੰਘ ਆਦਿ ਹਾਜ਼ਿਰ ਸਨ।