ਫਤਿਹਗੜ੍ਹ ਸਾਹਿਬ- ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਲੰਬੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਡੀ ਪੱਧਰ ’ਤੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਮੁੱਖ ਵਕਤਾ ਵਜੋਂ ਐਡਵੋਕੇਟ ਸ. ਅਮਰਦੀਪ ਸਿੰਘ ਧਾਰਨੀ, (ਮੈਂਬਰ, ਚੌਥੀ ਸ਼ਤਾਬਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਮੈਮੋਰੀਅਲ ਟਰੱਸਟ) ਨੇ ਆਖਿਆ ਕਿ ਭਾਰਤ ਅੰਦਰ ਸਿੱਖਾਂ ਨਾਲ ਨਿਆਂਪਾਲਿਕਾ, ਵਿਧਾਨਪਾਲਿਕਾ ਅਤੇ ਕਾਰਜਪਾਲਿਕਾ ਦੇ ਪੱਧਰ ’ਤੇ ਹੋ ਰਿਹਾ ਵਿਤਕਰਾ ਬੇਹੱਦ ਨਿਰਾਸ਼ਾਜਨਕ ਹੈ। ਉਨ੍ਹਾਂ ਆਖਿਆ ਕਿ ਸਿੱਖ ਪਰੰਪਰਾ ਅਤੇ ਸਿਧਾਂਤਾਂ ਦੀ ਰਾਖੀ ਲਈ ਸੰਘਰਸ਼ ਕਰਨਾ ਹਰੇਕ ਸਿੱਖ ਦਾ ਮੁੱਢਲਾ ਫ਼ਰਜ਼ ਅਤੇ ਹੱਕ ਹੈ। ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਤੋਂ ਬਾਅਦ ਸਿੱਖ ਨੌਜਵਾਨੀ ਦਾ ਵੱਡੇ ਪੱਧਰ ’ਤੇ ਘਾਣ ਕੀਤਾ ਗਿਆ, ਜਿਸ ਦੇ ਜਵਾਬ ਵਿੱਚ ਹਥਿਆਰਬੰਦ ਸੰਘਰਸ਼ ਦੇ ਰਾਹ ਤੁਰਨ ਵਾਲੇ ਸਿੱਖ ਨੌਜਵਾਨਾਂ ਨੂੰ ਲੰਮੇ ਸਮੇਂ ਤੋਂ ਕਾਨੂੰਨੀ ਪ੍ਰਕਿਰਿਆ ਤੋਂ ਬਾਹਰ ਜਾ ਕੇ ਜੇਲ੍ਹਾਂ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਸਿੱਧੇ ਰੂਪ ਵਿੱਚ ਮਨੁੱਖੀ ਅਧਿਕਾਰਾਂ ਦਾ ਘਾਣ ਅਤੇ ਭਾਰਤੀ ਸੰਵਿਧਾਨ ਦੇ ਕਾਨੂੰਨਾਂ ਦੀ ਉਲੰਘਣਾ ਹੈ।

ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਆਖਿਆ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ। ਉਨ੍ਹਾਂ ਆਖਿਆ ਕਿ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਬਾਰੇ ਚੇਤਨ ਰਹਿਣ ਦੀ ਲੋੜ ਹੈ।
ਇਸ ਮੌਕੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਡਾ. ਸਿਕੰਦਰ ਸਿੰਘ, ਡਾ. ਹਰਦੇਵ ਸਿੰਘ ਅਤੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਆਦਿ ਹਾਜ਼ਰ ਸਨ।