ਹਰੀਕੇ ਪੱਤਣ, 7 ਸਤੰਬਰ 2026: ਮਨੁੱਖੀ ਅਧਿਕਾਰਾਂ ਦੇ ਨਿਡਰ ਪਹਿਰੇਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਮਿਸਲ ਸਤਲੁਜ ਪਾਰਟੀ ਵੱਲੋਂ ਹਰੀਕੇ ਪੱਤਣ ਵਿਖੇ ਧਾਰਮਿਕ ਸ਼ਰਧਾ ਅਤੇ ਸਤਿਕਾਰ ਨਾਲ ਸਮਾਗਮ ਕਰਵਾਇਆ ਗਿਆ। ਮਿਸਲ ਸਤਲੁਜ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਫਿਰੋਜ਼ਪੁਰ ਤੋਂ ਪਹੁੰਚੇ ਜਥੇ ਵੱਲੋਂ ਚੌਪਈ ਸਾਹਿਬ ਦੇ ਪਾਠ ਕੀਤੇ ਗਏ, ਜਿਸ ਉਪਰੰਤ ਪਾਰਟੀ ਆਗੂ ਮਾਨ ਸਿੰਘ ਕਿੱਲੀ ਵੱਲੋਂ ਅਰਦਾਸ ਕੀਤੀ ਗਈ।

ਇਸ ਮੌਕੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਵੱਲੋਂ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਲਈ ਕੀਤੇ ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ, ਇਨਸਾਫ਼ ਅਤੇ ਸੱਚ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਸ਼ਹਾਦਤ ਪੰਜਾਬ ਦੇ ਇਤਿਹਾਸ ਵਿੱਚ ਮਨੁੱਖਤਾ ਅਤੇ ਇਨਸਾਫ਼ ਲਈ ਕੀਤੇ ਗਏ ਸੰਘਰਸ਼ ਦੀ ਅਮਿੱਟ ਨਿਸ਼ਾਨੀ ਹੈ।

ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਭਾਈ ਖਾਲੜਾ ਵੱਲੋਂ ਦਿਖਾਈ ਗਈ ਦਲੇਰੀ ਅਤੇ ਦ੍ਰਿੜ੍ਹਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਉਨ੍ਹਾਂ ਨੂੰ ਯਾਦ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਉਨ੍ਹਾਂ ਵੱਲੋਂ ਦਰਸਾਏ ਸੱਚ, ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਨਿਰਭੈਤਾ ਦੇ ਰਾਹ ’ਤੇ ਚੱਲਣ ਦਾ ਸੰਕਲਪ ਵੀ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਸਦਾ ਸਤਿਕਾਰ ਨਾਲ ਯਾਦ ਕਰਦੀ ਰਹੇਗੀ।
ਇਸ ਮੌਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਵੀ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਮਾਗਮ ਦੌਰਾਨ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਸਮਰਪਣ ਨੂੰ ਸਦਾ ਯਾਦ ਰੱਖਣ ਦਾ ਸੰਕਲਪ ਲਿਆ ਗਿਆ।
ਇਸ ਮੌਕੇ ਐਡਵੋਕੇਟ ਕੁਲਵਿੰਦਰ ਕੌਰ, ਇਸਤਰੀ ਵਿੰਗ ਦੀ ਸਕੱਤਰ ਸੰਦੀਪ ਕੌਰ ਸੰਧੂ, ਕਰਮਪਾਲ ਸਿੰਘ, ਅੰਮ੍ਰਿਤਪਾਲ ਸਿੰਘ ਜੀਰਾ, ਮਨਦੀਪ ਸਿੰਘ, ਹਰਜਿੰਦਰ ਸਿੰਘ ਸਹੋਤਾ, ਜਸਨੂਰ ਸਿੰਘ, ਤਵਿੰਦਰ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।