ਪੁਲਿਸ ਨੂੰ ਦਿੱਤੀ ਸ਼ਿਕਾਇਤ ਦੀ ਕਾਪੀ ਮੀਡੀਆ ਨੂੰ ਦਿਖਾਉਂਦੇ ਆਪ ਦੇ ਬੁਲਾਰੇ ਹਿੰਮਤ ਸਿੰਘ ਸ਼ੇਰਗਿਲ ਅਤੇ ਪਾਰਟੀ ਵਰਕਰ

ਪੰਜਾਬ ਦੀ ਰਾਜਨੀਤੀ

ਕੇਜਰੀਵਾਲ ਖਿਲਾਫ ਲਾਏ ਪੋਸਟਰਾਂ ਕਰਕੇ ‘ਆਪ’ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ

By ਸਿੱਖ ਸਿਆਸਤ ਬਿਊਰੋ

May 20, 2016

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮੋਹਾਲੀ ਵਿਚ ਕੇਜਰੀਵਾਲ ਵਿਰੁੱਧ ਲਗਾਏ ਗਏ ਪੋਸਟਰਾਂ ਦੀ ਮੋਹਾਲੀ ਦੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਕੋਲ ਲਿਖਤੀ ਸ਼ਿਕਾਇਤ ਕੀਤੀ ਹੈ। ਇਨ੍ਹਾਂ ਪੋਸਟਰਾਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਲਨਾ ਇੰਦਰਾ ਗਾਂਧੀ ਨਾਲ ਕੀਤੀ ਗਈ ਹੈ, ਜਿਸ ’ਤੇ ਆਮ ਆਦਮੀ ਪਾਰਟੀ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।

ਆਪ ਦੇ ਬੁਲਾਰੇ ਅਤੇ ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਐਸ.ਪੀ. (ਡੀ) ਜੀ.ਐਸ. ਗਰੇਵਾਲ ਰਾਹੀਂ ਐਸ.ਐਸ.ਪੀ. ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਇਸਨੂੰ ਆਮ ਆਦਮੀ ਪਾਰਟੀ ਦੇ ਖਿਲਾਫ ਡੂੰਘੀ ਸਾਜਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸ਼ਰਾਰਤ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਪੋਸਟਰਾਂ ਵਿਚੋਂ ਨਾ ਕੇਵਲ ਫਿਰਕੂ ਬਲਕਿ ਸਿਆਸੀ ਬੂ ਆ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਅਜਿਹੀ ਸਾਜਿਸ਼ ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਦਿਨ ਪ੍ਰਤੀ ਦਿਨ ਵੱਧ ਰਹੀ ਮਕਬੂਲੀਅਤ ਤੋਂ ਭੈ-ਭੀਤ ਹੋ ਕੇ ਕੀਤੀ ਗਈ ਹੈ।

ਸ਼ੇਰਗਿੱਲ ਨੇ ਕਿਹਾ ਕਿ ਦਿੱਲੀ ਵਿਚ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਪਿਆਊ ਤੋੜਨ ਦੀ ਕਾਰਵਾਈ ਦਾ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਇਸ ਸਬੰਧੀ ਮੀਡੀਆ ਨੂੰ ਦਸਤਾਵੇਜ਼ ਦਿਖਾਉਂਦਿਆਂ ਕਿਹਾ ਕਿ ਇਸ ਕਾਰਵਾਈ ਲਈ ਭਾਜਪਾ ਦੇ ਕਬਜ਼ੇ ਵਾਲੀ ਉੱਤਰੀ ਦਿੱਲੀ ਨਗਰ ਨਿਗਮ ਸਿੱਧੇ ਤੌਰ ’ਤੇ ਜ਼ਿੰਮੇਵਾਰ ਸੀ।

ਸ਼ੇਰਗਿੱਲ ਨੇ ਇਨ੍ਹਾਂ ਦਸਤਾਵੇਜ਼ਾਂ ਵਿਚ ਪਿਆਊ ਨੂੰ ਤੋੜਨ ਲਈ ਐਮ.ਸੀ.ਡੀ. ਅਧਿਕਾਰੀਆਂ ਦੁਆਰਾ ਡਿਪਟੀ ਕਮਿਸ਼ਨਰ ਆਫ ਪੁਲਿਸ ਨੂੰ ਲਿਿਖਅ ਪੱਤਰ ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਘਿਣੌਣੀ ਕਾਰਵਾਈ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਸਾਜਿਸ਼ ਤਹਿਤ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 19 ਮਈ ਦੀ ਰਾਤ ਮਹਾਲੀ ਦੇ ਵੱਖ-ਵੱਖ ਸਥਾਨਾਂ ’ਤੇ ਅਜਿਹੇ ਪੋਸਟਰ ਚਿਪਕਾਏ ਗਏ ਸਨ। ਇਨ੍ਹਾਂ ਪੋਸਟਰਾਂ ਵਿਚ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦੇ ਪਿਆਊ ਤੋੜਨ ਲਈ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਦਰਸਾਉਂਦਿਆਂ ਉਨ੍ਹਾਂ ਨੂੰ ਸਿੱਖ ਵਿਰੋਧੀ ਦੱਸਿਆ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: