ਚੰਡੀਗੜ੍ਹ: ਸਮੁੱਚੇ ਭਾਰਤ ਵਿੱਚ ਦਲਿਤਾਂ ਨਾਲ ਹੋਣ ਵਾਲੀਆਂ ਵਧੀਕੀਆਂ ਦੀਆਂ ਘਟਨਾਵਾਂ ਨੂੰ ਰੋਕਣ ਤੋਂ ਨਾਕਾਮ ਰਹਿਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸੂਬਾ ਸਰਕਾਰ ਵਿਰੁੱਧ ਆਮ ਆਦਮੀ ਪਾਰਟੀ (ਆਪ) 23 ਜੁਲਾਈ ਨੂੰ ਰੋਸ ਮੁਜ਼ਾਹਰੇ ਕਰੇਗੀ।
ਇੱਕ ਪ੍ਰੈਸ ਬਿਆਨ ‘ਚ ਆਮ ਆਦਮੀ ਪਾਰਟੀ, ਪੰਜਾਬ ਦੇ ਅਨੁਸੂਚਿਤ ਜਾਤੀ/ਅਨੁਸੂਚਿਤ ਕਬੀਲਿਆਂ ਬਾਰੇ ਵਿੰਗ ਦੇ ਕਨਵੀਨਰ ਦੇਵ ਮਾਨ ਨੇ ਕਿਹਾ ਕਿ ਸਮੁੱਚੇ ਦੇਸ਼ ਵਿੱਚ ਦਲਿਤਾਂ ‘ਤੇ ਹੋਣ ਵਾਲੇ ਹਮਲਿਆਂ ਦੀਆਂ ਘਟਨਾਵਾਂ ਦਾ ਵਧਣਾ ਦਰਸਾਉਂਦਾ ਹੈ ਕਿ ਭਾਜਪਾ ਦਲਿਤ-ਵਿਰੋਧੀ ਹੈ ਅਤੇ ਸਰਕਾਰ ਦਲਿਤਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਮਾਮਲੇ ‘ਤੇ ਗੰਭੀਰ ਨਹੀਂ ਹੈ।
ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰਦਿਆਂ ਗੁਜਰਾਤ ਦੇ ਮੁੱਖ ਮੰਤਰੀ ਆਨੰਦੀਬੇਨ ਪਟੇਲ ਦੇ ਅਸਤੀਫ਼ੇ ਦੀ ਮੰਗ ਕਰੇਗੀ ਕਿਉਂਕਿ ਉਹ ਆਪਣੇ ਸੂਬੇ ਵਿੱਚ ਦਲਿਤਾਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਕਥਿਤ ‘ਉੱਚ ਜਾਤੀ’ ਨਾਲ ਸਬੰਧਤ ਅਜਿਹੇ ਲੋਕਾਂ ਵੱਲੋਂ ਦਲਿਤ ਮਹਿਲਾਵਾਂ ਨਾਲ ਬਲਾਤਕਾਰ ਦੀ ਘਟਨਾ ਦੀ ਵੀ ਨਿਖੇਧੀ ਕੀਤੀ, ਜਿਨ੍ਹਾਂ ਨੇ ਸਾਲ 2013 ‘ਚ ਵੀ ਇਸੇ ਅਪਰਾਧ ਨੂੰ ਅੰਜਾਮ ਦਿੱਤਾ ਸੀ। ਆਮ ਆਦਮੀ ਪਾਰਟੀ ਨੇ ਇਸ ਮਾਮਲੇ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ।
ਦੇਵ ਮਾਨ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅਕਾਲੀ ਵਿਧਾਇਕ ਤੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਤੁਰੰਤ ਮੁਅੱਤਲ ਕਰ ਕੇ ਉਨ੍ਹਾਂ ਵਿਰੁੱਧ ਕੇਸ ਦਾਇਰ ਕਰਨ ਦੀ ਮੰਗ ਕਰੇਗੀ ਕਿਉਂਕਿ ਉਨ੍ਹਾਂ ਨੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵਿਰੁੱਧ ਕਥਿਤ ਬਿਆਨ ਦਿੱਤਾ ਸੀ।
‘ਆਪ’ ਆਗੂ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਮੁਖੀ ਮਾਇਆਵਤੀ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀ ਕਰਨ ਵਾਲੇ ਭਾਰਤੀ ਜਨਤਾ ਪਾਰਟੀ ਦੇ ਆਗੂ ਦਯਾਸ਼ੰਕਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਆਮ ਆਦਮੀ ਪਾਰਟੀ ਕਰੇਗੀ।