ਅੰਮ੍ਰਿਤਸਰ: ਹਿੰਦੂਵਾਦੀ ਜਥੇਬੰਦੀ ਆਰ.ਐਸ.ਐਸ. ਦੀ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ (25 ਅਕਤੂਬਰ, 2017) ਦਿੱਲੀ ਵਿੱਚ ਕਰਾਏ ਜਾ ਰਹੇ ਸਮਾਗਮ ਵਿੱਚ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦੀ ਸ਼ਮੂਲੀਅਤ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਛਾਪੇ ਸੱਦਾ ਪੱਤਰ ਵਿੱਚ ਦਰਜ ਹੈ ਕਿ ਇਸ ਸਮਾਗਮ ਦੀ ਪ੍ਰਧਾਨਗੀ ਗਿਆਨੀ ਇਕਬਾਲ ਸਿੰਘ ਵੱਲੋਂ ਕੀਤੀ ਜਾਵੇਗੀ, ਜਦੋਂਕਿ ਮੁੱਖ ਬੁਲਾਰੇ ਆਰਐਸਐਸ ਮੁਖੀ ਮੋਹਨ ਭਾਗਵਤ ਹੋਣਗੇ ਅਤੇ ਮੁੱਖ ਮਹਿਮਾਨ ਵਜੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਣਗੇ। ਇਸ ਮਸਲੇ ‘ਤੇ ਹਾਲੇ ਤਕ ਗਿਆਨੀ ਇਕਬਾਲ ਸਿੰਘ ਦਾ ਬਿਆਨ ਨਹੀਂ ਆਇਆ ਕਿ ਉਹ ਸ਼ਾਮਲ ਹੋਣਗੇ ਜਾਂ ਨਹੀਂ।
ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਦੀ ਇਸ ਪ੍ਰੋਗਰਾਮ ‘ਚ ਸ਼ਮੂਲੀਅਤ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਰਨਾ ਨੇ ਕਿਹਾ ਕਿ ਜੇ ਗਿਆਨੀ ਇਕਬਾਲ ਸਿੰਘ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ ਤਾਂ ਇਸ ਸਬੰਧ ਵਿੱਚ ਪਹਿਲਾਂ ਅਕਾਲ ਤਖ਼ਤ ਸਾਹਿਬ ਤੋਂ ਹੀ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਆਖਿਆ ਕਿ ਜੇ ਗਿਆਨੀ ਇਕਬਾਲ ਸਿੰਘ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ ਤਾਂ ਪ੍ਰਬੰਧਕੀ ਕਮੇਟੀ ਵੱਲੋਂ ਮੀਟਿੰਗ ਕਰ ਕੇ ਵਿਚਾਰ ਕੀਤਾ ਜਾਵੇਗਾ।
ਸਬੰਧਤ ਖ਼ਬਰ:
ਰਾਸ਼ਟਰੀ ਸਿੱਖ ਸੰਗਤ ਦੇ ਪ੍ਰੋਗਰਾਮ ‘ਚ ਸਿੱਖਾਂ ਨੂੰ ਸ਼ਾਮਲ ਨਹੀਂ ਹੋਣਾ ਚਾਹੀਦਾ: ਪ੍ਰੋ. ਬਡੂੰਗਰ …