November 21, 2017 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ: ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਦੀ ਚੋਣ ਲਈ ਤਰੀਕਾਂ ਨੂੰ ਕੱਲ੍ਹ (20 ਨਵੰਬਰ, 2017) ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਰਾਹੁਲ ਗਾਂਧੀ (47) ਦੇ ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਚੋਣ ਅਮਲ ਪਹਿਲੀ ਦਸੰਬਰ ਤੋਂ ਨਾਮਜ਼ਦਗੀਆਂ ਦਾਖ਼ਲ ਕਰਨ ਨਾਲ ਸ਼ੁਰੂ ਹੋਵੇਗਾ ਅਤੇ 4 ਦਸੰਬਰ ਨੂੰ ਦੁਪਹਿਰ ਬਾਅਦ 3 ਵਜੇ ਤਕ ਪਰਚੇ ਭਰੇ ਜਾ ਸਕਦੇ ਹਨ।
ਨਾਮਜ਼ਦਗੀਆਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ ਅਤੇ ਉਸੇ ਦਿਨ ਸਾਢੇ 3 ਵਜੇ ਜਾਇਜ਼ ਉਮੀਦਵਾਰਾਂ ਦੀ ਸੂਚੀ ਨਸ਼ਰ ਕਰ ਦਿੱਤੀ ਜਾਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਅੰਤਮ ਤਰੀਕ 11 ਦਸੰਬਰ ਅਤੇ ਜੇਕਰ ਲੋੜ ਪਈ ਤਾਂ 16 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਅਤੇ ਨਤੀਜਾ 19 ਦਸੰਬਰ ਨੂੰ ਐਲਾਨਿਆ ਜਾਵੇਗਾ। ਪਾਰਟੀ ਸੂਤਰਾਂ ਮੁਤਾਬਕ ਮੀਤ ਪ੍ਰਧਾਨ ਰਾਹੁਲ ਗਾਂਧੀ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਇਕੱਲੇ ਉਮੀਦਵਾਰ ਹੋ ਸਕਦੇ ਹਨ ਅਤੇ ਉਨ੍ਹਾਂ ਦੇ 5 ਦਸੰਬਰ ਨੂੰ ਕਾਂਗਰਸ ਦਾ ਅਗਲਾ ਪ੍ਰਧਾਨ ਬਣਨਾ ਯਕੀਨੀ ਹੈ।
ਜ਼ਿਕਰਯੋਗ ਹੈ ਕਿ 1998 ਤੋਂ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੇ ਪ੍ਰਧਾਨ ਹਨ। ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਵੋਟ ਪਾਉਣ ਦੇ ਯੋਗ ਹੋਣਗੇ। ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ’ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਪਾਰਟੀ ਜਨਰਲ ਸਕੱਤਰ ਵੀ ਹਾਜ਼ਰ ਸਨ।
Related Topics: Congress Government in Punjab 2017-2022, Indian Politics, Rahul Gandhi, Sonia Gandhi