ਖਾਸ ਖਬਰਾਂ

ਜੂਨ ‘84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

By ਸਿੱਖ ਸਿਆਸਤ ਬਿਊਰੋ

June 04, 2018

ਅੰਮ੍ਰਿਤਸਰ: ਜੂਨ 1984 ਵਿਚ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲਿਆ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਜੂਨ 1984 ਵਿਚ ਭਾਰਤ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਕਾਂਗਰਸ ਸਰਕਾਰ ਦੇ ਹੁਕਮਾਂ ਨਾਲ ਹੋਏ ਫੌਜੀ ਹਮਲੇ ਨੂੰ ਸਿੱਖ ਕੌਮ ਕਦੀ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਦੀ ਸਾਲਾਨਾ ਯਾਦ ਖ਼ਾਲਸਾ ਪੰਥ ਵੱਲੋਂ ਬਹੁਤ ਹੀ ਵਿਰਾਗਮਈ ਭਾਵਨਾ ਨਾਲ ਮਨਾਈ ਜਾਂਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹੋ ਰਹੇ ਸ਼ਹੀਦੀ ਸਮਾਗਮ ਮੌਕੇ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਬਹੁਤ ਹੀ ਸਹਿਜ, ਸੰਜਮ, ਸਹਿਨਸ਼ੀਲਤਾ ਨਾਲ ਮਨਾਉਂਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸ਼ਹੀਦ ਹੋਏ ਸਿੰਘਾਂ/ਸਿੰਘਣੀਆਂ ਨੂੰ ਪੂਰਨ ਸ਼ਰਧਾ ਅਤੇ ਸਤਿਕਾਰ ਭੇਟ ਕਰਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਮਨਜੀਤ ਸਿੰਘ ਬਾਠ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੀਤ ਸਕੱਤਰ, ਸ. ਜਸਵਿੰਦਰ ਸਿੰਘ ਦੀਨਪੁਰ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਮੁਖਤਾਰ ਸਿੰਘ ਮੈਨੇਜਰ ਸਰਾਵਾਂ, ਸ. ਰਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ ਤੇ ਸ. ਲਖਬੀਰ ਸਿੰਘ ਵਧੀਕ ਮੈਨੇਜਰ, ਸ. ਬਲਦੇਵ ਸਿੰਘ ਸਾਬਕਾ ਮੈਨੇਜਰ, ਸ. ਸਤਿੰਦਰਪਾਲ ਸਿੰਘ ਨਿੱਜੀ ਸਹਾਇਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਸਰਬਜੀਤ ਸਿੰਘ ਸੋਹਲ, ਸ. ਦਲੀਪ ਸਿੰਘ, ਸ. ਚਾਨਣ ਸਿੰਘ ਗਿੱਲ ਸਮੇਤ ਸੰਗਤਾਂ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: