Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਨਾਲ ਪੁਲਿਸ ਤਸ਼ੱਦਦ ਦੇ ਕਥਿਤ ਇਲਜ਼ਾਮ

ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਨਾਲ ਪੁਲਿਸ ਤਸ਼ੱਦਦ ਦੇ ਕਥਿਤ ਇਲਜ਼ਾਮ

ਮੋਹਾਲੀ – ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਫੇਰੀ ਦੌਰਾਨ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜ਼ਿਕਰਯੋਗ ਹੈ ਕਿ ਪਿੰਡ ਸ਼ੇਰੋਂ ਦੇ ਰਹਿਣ ਵਾਲੇ ਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਵੱਲੋਂ ਆਪਣੇ ਪਿੰਡ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਦੌਰਾਨ ਆਪਣੇ ਘਰ ਦੀ ਛੱਤ ਤੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪ੍ਰਤੀ ਵਿਰੋਧ ਪ੍ਰਗਟ ਕਰਦਿਆਂ ਕਾਲਾ ਝੰਡਾ ਦਿਖਾਇਆ ਗਿਆ ਸੀ। ਇਸ ਤੋਂ ਬਾਅਦ ਉਸ ਨਾਲ ਕਥਿਤ ਤੌਰ ’ਤੇ ਪੁਲਿਸ ਵੱਲੋਂ ਤਸ਼ੱਦਦ ਕੀਤਾ ਗਿਆ।

ਸ. ਮੋਹਨਜੀਤ ਸਿੰਘ

ਮਾਮਲੇ ਸਬੰਧੀ ਇਹ ਵੀ ਦੋਸ਼ ਲੱਗੇ ਹਨ ਕਿ ਸਥਾਨਕ ਡੀਐੱਸਪੀ ਵੱਲੋਂ ਨੌਜਵਾਨ ਨਾਲ ਗੈਰ-ਕਾਨੂੰਨੀ ਢੰਗ ਨਾਲ ਤਸ਼ੱਦਦ ਕੀਤਾ ਗਿਆ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ। ਨੌਜਵਾਨ ਨਾਲ ਵਾਪਰੀ ਇਸ ਘਟਨਾ ਨੂੰ ਲੈ ਕੇ ਵੱਖ-ਵੱਖ ਸਿੱਖ ਸੰਸਥਾਵਾਂ ਵੱਲੋਂ ਸਰਕਾਰ ਦੀ ਨਿਖੇਧੀ ਕੀਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਇਸ ਮਾਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਲੋਕਤੰਤਰਿਕ ਸਮਾਜ ਵਿੱਚ ਸਰਕਾਰ ਨਾਲ ਅਸਹਿਮਤੀ ਪ੍ਰਗਟ ਕਰਨਾ, ਸਵਾਲ ਪੁੱਛਣਾ ਜਾਂ ਸ਼ਾਂਤਮਈ ਢੰਗ ਨਾਲ ਵਿਰੋਧ ਕਰਨਾ ਨਾਗਰਿਕਾਂ ਦਾ ਮੌਲਿਕ ਅਧਿਕਾਰ ਹੈ। ਜੇਕਰ ਕਿਸੇ ਨਾਗਰਿਕ ਵੱਲੋਂ ਕਾਨੂੰਨ ਦੀ ਕੋਈ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ, ਪਰ ਕਿਸੇ ਵੀ ਹਾਲਤ ਵਿੱਚ ਪੁਲਿਸ ਹਿਰਾਸਤ ਦੌਰਾਨ ਕੁੱਟਮਾਰ, ਤਸ਼ੱਦਦ ਜਾਂ ਅਪਮਾਨਜਨਕ ਵਿਵਹਾਰ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਮੋਹਨਜੀਤ ਸਿੰਘ ਵੱਲੋਂ ਪੁਲਿਸ ਹਿਰਾਸਤ ਦੌਰਾਨ ਉਸ ਨਾਲ ਕੁੱਟਮਾਰ ਅਤੇ ਗੰਭੀਰ ਤਸ਼ੱਦਦ ਕੀਤੇ ਜਾਣ ਦੇ ਦੋਸ਼ ਲਗਾਏ ਗਏ ਹਨ। ਇਹ ਦੋਸ਼ ਬੇਹੱਦ ਗੰਭੀਰ ਹਨ ਅਤੇ ਇਨ੍ਹਾਂ ਨੂੰ ਸਿਰਫ਼ ਇੱਕ ਸਿਆਸੀ ਵਿਵਾਦ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਪੁਲਿਸ ਹਿਰਾਸਤ ਵਿੱਚ ਕਿਸੇ ਵਿਅਕਤੀ ਦੀ ਸੁਰੱਖਿਆ ਅਤੇ ਉਸਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਪੁਲਿਸ ਅਤੇ ਸਰਕਾਰ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਅਸੀਂ ਮੰਗ ਕਰਦੇ ਹਾਂ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਨੌਜਵਾਨ ਦਾ ਸੁਤੰਤਰ ਮੈਡੀਕਲ ਬੋਰਡ ਰਾਹੀਂ ਵਿਸਥਾਰਪੂਰਵਕ ਮੈਡੀਕਲ ਕਰਵਾਇਆ ਜਾਵੇ ਅਤੇ ਹਿਰਾਸਤ ਨਾਲ ਸਬੰਧਤ ਸਾਰੇ ਰਿਕਾਰਡ, CCTV ਫੁਟੇਜ ਅਤੇ ਹੋਰ ਉਪਲਬਧ ਸਬੂਤ ਸੁਰੱਖਿਅਤ ਕੀਤੇ ਜਾਣ। ਜੇਕਰ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਨੌਜਵਾਨ ਨਾਲ ਤਸ਼ੱਦਦ ਜਾਂ ਗੈਰ-ਕਾਨੂੰਨੀ ਕੁੱਟਮਾਰ ਕੀਤੀ ਗਈ ਹੈ ਤਾਂ ਦੋਸ਼ੀ ਅਧਿਕਾਰੀਆਂ ਵਿਰੁੱਧ ਬਿਨਾਂ ਕਿਸੇ ਸਿਆਸੀ ਜਾਂ ਪ੍ਰਸ਼ਾਸਨਿਕ ਦਬਾਅ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਪੰਜਾਬ ਦੇ ਲੋਕਾਂ ਸਾਹਮਣੇ ਲਿਆਂਦੀ ਜਾਵੇ ਅਤੇ ਜੇਕਰ ਪੁਲਿਸ ਤਸ਼ੱਦਦ ਦੇ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ।

ਗਿਆਨੀ ਕੁਲਦੀਪ ਸਿੰਘ ਗੜਗੱਜ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨੇ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਮੁੱਖ ਮੰਤਰੀ ਨੂੰ ਆਪਣੇ ਗੁਆਂਢੀ ਦੀ ਛੱਤ ਤੋਂ ਸ਼ਾਂਤਮਈ ਰਹਿੰਦਿਆਂ ਕਾਲਾ ਝੰਡਾ ਦਿਖਾਇਆ, ਜੋ ਕਿ ਉਸ ਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਾਲਾ ਝੰਡਾ ਦਿਖਾਉਣਾ ਕੋਈ ਅਪਰਾਧ ਨਹੀਂ, ਪਰੰਤੂ ਸਥਾਨਕ ਡੀਐੱਸਪੀ ਹਰਵਿੰਦਰ ਸਿੰਘ ਖੈਰਾ, ਸਿੱਖ ਨੌਜਵਾਨ ਨੂੰ ਝੰਡਾ ਉਸਦੇ ਗਲ ਵਿੱਚ ਪਾ ਕੇ ਧੂ ਕੇ ਲੈ ਕੇ ਗਿਆ ਅਤੇ ਬਾਅਦ ਵਿੱਚ ਉਸ ਉੱਤੇ ਗ਼ੈਰ-ਕਾਨੂੰਨੀ ਢੰਗ ਨਾਲ ਬਹੁਤ ਤਸ਼ੱਦਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪੁਲਿਸ ਕਪਤਾਨ ਨਾਲ ਵੀ ਗੱਲ ਕੀਤੀ ਹੈ ਕਿ ਸਿੱਖ ਨੌਜਵਾਨ ਉੱਤੇ ਤਸ਼ੱਦਦ ਕਰਨ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਡੀਐੱਸਪੀ ਅਤੇ ਥਾਣਾ ਮੁਖੀ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਸਰਦਾਰ ਅਜੇਪਾਲ ਸਿੰਘ ਬਰਾੜ

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ, “ਜੇਕਰ ਇੱਕ ਨਾਗਰਿਕ ਵੱਲੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਉਣ ਦਾ ਜਵਾਬ ਪੁਲਿਸ ਤਸ਼ੱਦਦ ਨਾਲ ਦਿੱਤਾ ਜਾਂਦਾ ਹੈ ਤਾਂ ਇਹ ਸਿਰਫ਼ ਇੱਕ ਵਿਅਕਤੀ ਦੇ ਹੱਕਾਂ ਦਾ ਹਮਲਾ ਨਹੀਂ, ਸਗੋਂ ਪੰਜਾਬ ਵਿੱਚ ਲੋਕਤੰਤਰ ਅਤੇ ਕਾਨੂੰਨ ਦੇ ਰਾਜ ਲਈ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ।” ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਸੰਗਰੂਰ ਦੇ ਪੁਲਿਸ ਮੁਖੀ ਤੋਂ ਵੀ ਮੰਗ ਕੀਤੀ ਗਈ ਹੈ ਕਿ ਸਿੱਖ ਨੌਜਵਾਨ ਨਾਲ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਡੀਐੱਸਪੀ ਅਤੇ ਹੋਰ ਸਾਰੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਸ. ਬਰਾੜ ਨੇ ਕਿਹਾ ਕਿ “ਪੰਜਾਬ ਵਿੱਚ ਕਾਨੂੰਨ ਸਭ ਲਈ ਬਰਾਬਰ ਹੋਣਾ ਚਾਹੀਦਾ ਹੈ। ਪੁਲਿਸ ਦਾ ਕੰਮ ਲੋਕਾਂ ਦੀ ਰੱਖਿਆ ਕਰਨਾ ਹੈ, ਉਨ੍ਹਾਂ ਦੇ ਹੱਕਾਂ ਨੂੰ ਕੁਚਲਣਾ ਨਹੀਂ। ਅਸੀਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਇਸ ਮਾਮਲੇ ਨੂੰ ਦਬਾਉਣ ਜਾਂ ਦੋਸ਼ੀ ਅਧਿਕਾਰੀਆਂ ਨੂੰ ਬਚਾਉਣ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
14 ਜੁਲਾਈ ਦਿਨ ਮੰਗਲਵਾਰ ਨੂੰ ਸ਼ਾਮ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ 'ਤੇ, ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: