ਚੰਡੀਗੜ੍ਹ: ਮਨੁੱਖਤਾ ਤੇ ਦਲਿਤਾਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਈ ਭੀਮਾ-ਕੋਰੇਗਾਓਂ ਹਿੰਸਾ ਸਬੰਧੀ ਹੋ ਰਹੀਆਂ ਗ੍ਰਿਫ਼ਤਾਰੀਆਂ ਕਾਰਨ ਲੋਕਾਂ ਵਿੱਚ ਫੈਲੀ ਦਹਿਸ਼ਤ ਦੇ ਸੰਦਰਭ ਵਿੱਚ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਦਲਿਤ ਹੱਕਾਂ ਲਈ ਕੰਮ ਕਰ ਰਹੇ ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਰੋਕ ਲਾਉਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ 6 ਜੂਨ ਨੂੰ ਪੁਣੇ ਪੁਲੀਸ ਨੇ ਲੰਘੇ ਜਨਵਰੀ ਮਹੀਨੇ ਵਿੱਚ ਹੋਈ ਭੀਮਾ-ਕੋਰੇਗਾਓਂ ਹਿੰਸਾ ਦੀ ਜਾਂਚ ਦੌਰਾਨ ਪੰਜ ਵਿਅਕਤੀਆਂ ਨੂੰ ਮਾਓਵਾਦੀਆਂ ਨਾਲ ਸਬੰਧ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਸਰਗਰਮ ਦਲਿਤ ਕਾਰਕੁਨ ਸੁਧੀਰ ਢਾਵਲੇ ਸਮੇਤ ਮੁੰਬਈ, ਨਾਗਪੁਰ ਤੇ ਦਿੱਲੀ ਤੋਂ ਲੋਕ ਸ਼ਾਮਲ ਸਨ। ਉਨ੍ਹਾਂ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਰੋਨਾ ਵਿਲਸਨ ਜੋ ਸਿਆਸੀ ਕੈਦੀਆਂ ਨੂੰ ਛੱਡਣ ਲਈ ਬਣੀ ਕਮੇਟੀ ਨਾਲ ਸਬੰਧਤ ਹਨ, ਵੀ ਸ਼ਾਮਲ ਹਨ।
ਐਮਨੈਸਟੀ ਇੰਟਰਨੈਸ਼ਨਲ ਇੰਡੀਆ ਦੇ ਕਾਰਜਕਾਰੀ ਡਾਇਰੈਕਟਰ ਆਕਰ ਪਟੇਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦਲਿਤਾਂ ਜਾਂ ਆਦੀਵਾਸੀਆਂ ਦੇ ਹੱਕਾਂ ਲਈ ਕੰਮ ਕਰ ਰਹੇ ਕਾਰਕੁਨਾਂ ਨੂੰ ਨਾਮਾਤਰ ਸਬੂਤਾਂ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੋਵੇ।