ਚੰਡੀਗੜ੍ਹ –  ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ, ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਨੇ 21 ਨਵੰਬਰ ਨੂੰ ਤਿੰਨ ਘੰਟਿਆਂ ਦੀ ਗਾਰਦ ਦੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ 22 ਨਵੰਬਰ ਨੂੰ ਫੁੱਲ ਚੁਗਣ ਦੀ ਰਸਮ ਅਤੇ 23 ਨਵੰਬਰ ਨੂੰ ਅੰਤਿਮ ਅਰਦਾਸ ਵਿੱਚ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

Amritpal singh
ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ ਦੀ ਅਦਾਲਤ ਨੇ ਇਸ ਸਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ। ਅਦਾਲਤੀ ਹੁਕਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਲਿਆਂਦਾ ਜਾਵੇਗਾ, ਜਿੱਥੇ ਉਹ ਪੁਲੀਸ ਹਿਰਾਸਤ ਵਿੱਚ ਰਹਿੰਦਿਆਂ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।

Bibi Charn Kaur
ਮਾਤਾ ਚਰਨ ਕੌਰ

ਵਕੀਲ ਅਨੁਸਾਰ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਸਬੰਧੀ 13 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਦੀਆਂ ਸ਼ਰਤਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ।

ਅਦਾਲਤ ਨੇ ਯਾਤਰਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਖਰਚਾ ਅੰਮ੍ਰਿਤਪਾਲ ਸਿੰਘ ਵੱਲੋਂ ਅਦਾ ਕਰਨ ਦੀ ਹਦਾਇਤ ਵੀ ਕੀਤੀ ਹੈ। ਇਸ ਦੇ ਨਾਲ ਹੀ ਕਾਨੂੰਨ-ਵਿਵਸਥਾ ਸਬੰਧੀ ਕਿਸੇ ਅਣਸੁਖਾਵੀਂ ਸਥਿਤੀ ਪੈਦਾ ਹੋਣ ’ਤੇ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਅਦਾਲਤ ਨੇ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਹੈ। ਇਸ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਰਹਿਣਗੇ ਅਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।

Comments

comments